ਨਵੀਂ ਦਿੱਲੀ: ਦੇਸ਼ ਅੰਦਰ ਕੋਰੋਨਾ ਮੁੜ ਕਹਿਰ ਮਚਾ ਰਿਹਾ ਹੈ। ਇਸ ਲਈ ਕੇਂਦਰ ਤੇ ਸੂਬਾ ਸਰਕਾਰਾਂ ਵੀ ਚੌਕਸ ਹੋ ਗਈਆਂ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅੱਜ ਮਾਹਿਰਾਂ ਦੀ ਕੋਰ ਟੀਮ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। 


ਸੂਤਰਾਂ ਦੱਸਿਆ ਕਿ ਦੇਸ਼ ਵਿੱਚ ਪਿਛਲੇ ਕੁਝ ਹਫ਼ਤਿਆਂ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਮੌਜੂਦਾ ਸਮੇਂ ਦਸ ਰਾਜਾਂ ਮਹਾਰਾਸ਼ਟਰ, ਕੇਰਲ, ਦਿੱਲੀ, ਕਰਨਾਟਕ, ਤਾਮਿਲਨਾਡੂ, ਹਰਿਆਣਾ, ਉੱਤਰ ਪ੍ਰਦੇਸ਼, ਤਿਲੰਗਾਨਾ, ਪੱਛਮੀ ਬੰਗਾਲ ਅਤੇ ਗੁਜਰਾਤ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,000 ਤੋਂ ਵੱਧ ਹੈ।


ਦੱਸ ਦਈਏ ਕਿ ਦੇਸ਼ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 13313 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,33,44,958 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ ਪੰਜਾਬ ’ਚ ਦੋ ਮੌਤਾਂ ਸਣੇ 38 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਕਰੋਨਾ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5,24,941 ਹੋ ਗਈ ਹੈ।