ਅਮਿਤ ਸ਼ਾਹ ਦੀ ਛੁੱਟੀ 'ਤੇ ਅੜੇ ਵਿਰੋਧੀ, ਸੋਨੀਆ ਗਾਂਧੀ ਦੀ ਅਗਵਾਈ ਹੇਠ ਰਾਸ਼ਟਰਪਤੀ ਕੋਲ ਪਹੁੰਚਿਆ ਵਫਦ
ਏਬੀਪੀ ਸਾਂਝਾ | 27 Feb 2020 03:02 PM (IST)
-ਕਾਂਗਰਸੀ ਨੇਤਾਵਾਂ ਨੇ ਰਾਸ਼ਟਰਪਤੀ ਭਵਨ ਪਹੁੰਚ ਦਿੱਲੀ ਹਿੰਸਾ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ।
-ਉਨ੍ਹਾਂ ਕਿਹਾ ਕਿ ਹਿੰਸਾ ਨਾਲ 34 ਲੋਕਾਂ ਦੀ ਮੌਤ ਹੋ ਗਈ ਤੇ ਲੋਕਾਂ ਦੇ ਕਾਰੋਬਾਰ ਤਬਾਹ ਹੋ ਗਏ।
ਨਵੀਂ ਦਿੱਲੀ: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਰਾਸ਼ਟਰਪਤੀ ਭਵਨ ਪਹੁੰਚ ਦਿੱਲੀ ਹਿੰਸਾ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ। ਕਾਂਗਰਸ ਦੇ ਨੇਤਾਵਾਂ ਨਾਲ ਮੁਲਾਕਾਤ ਬਾਰੇ ਜਾਣਕਾਰੀ ਭਾਰਤ ਦੇ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ਰਾਹੀਂ ਵੀ ਦਿੱਤੀ ਗਈ। ਇਸੇ ਦੌਰਾਨ, ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ, ਸੋਨੀਆ ਗਾਂਧੀ ਨੇ ਕਿਹਾ, "ਕੇਂਦਰ ਤੇ ਦਿੱਲੀ ਸਰਕਾਰ ਹਿੰਸਾ 'ਤੇ ਮੂਕ ਦਰਸ਼ਕ ਬਣੇ ਰਹੀ, ਅਸੀਂ ਇਸ ਦੇ ਮੱਦੇਨਜ਼ਰ ਰਾਸ਼ਟਰਪਤੀ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ ਹੈ।" ਉਨ੍ਹਾਂ ਕਿਹਾ ਕਿ ਹਿੰਸਾ ਨਾਲ 34 ਲੋਕਾਂ ਦੀ ਮੌਤ ਹੋ ਗਈ ਤੇ ਲੋਕਾਂ ਦੇ ਕਾਰੋਬਾਰ ਤਬਾਹ ਹੋ ਗਏ। ਇਸ ਤੋਂ ਇਲਾਵਾ, ਕਾਂਗਰਸ ਨੇ ਰਾਸ਼ਟਰਪਤੀ ਕੋਵਿੰਦ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਹਟਾਉਣ ਦੀ ਵੀ ਮੰਗ ਕੀਤੀ। ਸੋਨੀਆ ਗਾਂਧੀ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਹ ਸਾਡੀਆਂ ਮੰਗਾਂ ਵੱਲ ਧਿਆਨ ਦੇਣਗੇ, ਅਸੀਂ ਸੰਤੁਸ਼ਟ ਹਾਂ। ਕਾਂਗਰਸ ਦੇ ਵਫ਼ਦ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ, "ਅਸੀਂ ਰਾਸ਼ਟਰਪਤੀ ਨੂੰ ਰਾਜਧਰਮ ਦੀ ਰੱਖਿਆ ਲਈ ਆਪਣੀ ਸ਼ਕਤੀ ਦੀ ਵਰਤੋਂ ਕਰਨ ਦੀ ਬੇਨਤੀ ਕੀਤੀ ਹੈ"। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਹ ਚਰਚਾ ਹੋਈ ਸੀ ਕਿ ਕਾਂਗਰਸ ਆਗੂ ਰਾਸ਼ਟਰਪਤੀ ਭਵਨ ਤਕ ਸ਼ਾਂਤੀ ਮਾਰਚ ਕੱਢਣ ਜਾ ਰਹੇ ਹਨ, ਪਰ ਕਿਸੇ ਕਾਰਨ ਕਰਕੇ ਇਹ ਸੰਭਵ ਨਹੀਂ ਹੋ ਸਕਿਆ। ਹਾਲਾਂਕਿ ਵੀਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ।