ਅਮਾਨਤੁੱਲਾ ਖਾਨ ਨੂੰ ਛੱਡ ਕੇ ਸਾਰੇ 'AAP' ਵਿਧਾਇਕ ਹੋਏ ਸਸਪੈਂਡ, ਜਾਣੋ ਪੂਰਾ ਮਾਮਲਾ
Delhi Assembly Session 2025: ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ।

Delhi Assembly Session 2025: ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ (25 ਫਰਵਰੀ) ਨੂੰ ਭਾਰੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਉਪ ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿੱਚ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸਪੀਕਰ ਵਿਜੇਂਦਰ ਗੁਪਤਾ ਨੇ ਅਮਾਨਤੁੱਲਾ ਖਾਨ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ।
ਅਮਾਨਤੁੱਲਾ ਖਾਨ ਮੰਗਲਵਾਰ (25 ਫਰਵਰੀ) ਨੂੰ ਸਦਨ ਵਿੱਚ ਮੌਜੂਦ ਨਹੀਂ ਸਨ। ਦੱਸਿਆ ਜਾ ਰਿਹਾ ਹੈ ਕਿ ਆਪਣੀ ਖਰਾਬ ਸਿਹਤ ਕਾਰਨ ਉਹ ਅੱਜ ਵਿਧਾਨ ਸਭਾ ਵਿੱਚ ਮੌਜੂਦ ਨਹੀਂ ਸਨ। ਇਸ ਲਈ ਸਪੀਕਰ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਦਿੱਲੀ ਵਿਧਾਨ ਸਭਾ ਦੀ ਕਾਰਵਾਈ ਵੀਰਵਾਰ (27 ਫਰਵਰੀ) ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿੱਚ ਕੈਗ ਰਿਪੋਰਟ 'ਤੇ ਚਰਚਾ ਕੀਤੀ ਜਾਵੇਗੀ।
ਕੈਗ ਰਿਪੋਰਟ ਮੰਗਲਵਾਰ (25 ਫਰਵਰੀ) ਨੂੰ ਦਿੱਲੀ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ। ਰਿਪੋਰਟ ਦੇ ਅਨੁਸਾਰ, 2021-2022 ਦੀ ਆਬਕਾਰੀ ਨੀਤੀ ਕਾਰਨ ਦਿੱਲੀ ਸਰਕਾਰ ਨੂੰ 2,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਭਾਜਪਾ ਵਿਧਾਇਕ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਹਮਲਾ ਕਰ ਰਹੇ ਹਨ।
ਮੰਤਰੀ ਆਸ਼ੀਸ਼ ਸੂਦ ਨੇ 'ਆਪ' ਨੂੰ ਘੇਰਿਆ
ਦਿੱਲੀ ਵਿੱਚ ਸ਼ਰਾਬ ਨੀਤੀ ਘੁਟਾਲੇ ਬਾਰੇ ਕੈਗ ਦੀ ਰਿਪੋਰਟ ਜਾਰੀ ਹੋਣ ਤੋਂ ਬਾਅਦ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਨੇ ਏਬੀਪੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ, "ਕੈਗ ਰਿਪੋਰਟ ਵਿੱਚ ਕੀਤੇ ਗਏ ਖੁਲਾਸੇ ਬਹੁਤ ਹੈਰਾਨ ਕਰਨ ਵਾਲੇ ਹਨ ਅਤੇ ਇਹ ਸਾਬਤ ਕਰਦੇ ਹਨਰ ਕਿ ਅਵਿੰਦ ਕੇਜਰੀਵਾਲ ਸਰਕਾਰ ਨੇ ਸ਼ਰਾਬ ਨੀਤੀ ਰਾਹੀਂ ਭ੍ਰਿਸ਼ਟਾਚਾਰ ਕੀਤਾ।"
ਮੰਤਰੀ ਆਸ਼ੀਸ਼ ਸੂਦ ਨੇ ਦਾਅਵਾ ਕੀਤਾ ਕਿ ਪਿਛਲੀ ਸਰਕਾਰ ਇਸ ਰਿਪੋਰਟ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਹੁਣ ਇਹ ਸਦਨ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਕੈਗ ਰਿਪੋਰਟ ਤੋਂ ਇਲਾਵਾ, ਹੋਰ ਵੀ ਕਈ ਜਾਂਚ ਰਿਪੋਰਟਾਂ ਹਨ ਜੋ ਵਿਧਾਨ ਸਭਾ ਸਪੀਕਰ ਨੂੰ ਪੇਸ਼ ਕੀਤੀਆਂ ਜਾਣੀਆਂ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਲਗਾਏ ਗੰਭੀਰ ਦੋਸ਼
ਉਨ੍ਹਾਂ ਤੋਂ ਇਲਾਵਾ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਦਿੱਲੀ ਦੀ ਪਿਛਲੀ ਆਮ ਆਦਮੀ ਪਾਰਟੀ ਸਰਕਾਰ ਅਤੇ ਅਰਵਿੰਦਰੀ ਕੇਜਵਾਲ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕੈਗ ਦੀ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਸ਼ਰਾਬ ਨੀਤੀ ਵਿੱਚ ਵੱਡਾ ਘੁਟਾਲਾ ਹੋਇਆ ਹੈ ਅਤੇ 'ਆਪ' ਸਰਕਾਰ ਇਸ ਵਿੱਚ ਪੂਰੀ ਤਰ੍ਹਾਂ ਸ਼ਾਮਲ ਸੀ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸ਼ਰਾਬ ਦੇ ਲਾਇਸੈਂਸ ਦੇਣ ਅਤੇ ਰਿਆਇਤਾਂ ਦੇਣ ਵਿੱਚ ਬੇਨਿਯਮੀਆਂ ਕੀਤੀਆਂ ਗਈਆਂ ਸਨ।" ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਨਜ਼ਦੀਕੀ ਸਾਥੀਆਂ ਨੂੰ ਲਾਭ ਪਹੁੰਚਾਉਣ ਲਈ ਨਿਯਮਾਂ ਨੂੰ ਤੋੜਿਆ ਅਤੇ ਸ਼ਰਾਬ ਨੀਤੀ ਰਾਹੀਂ ਭ੍ਰਿਸ਼ਟਾਚਾਰ ਕੀਤਾ।






















