Stubble Burning: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜੇ ਮੋਦੀ ਸਰਕਾਰ ਪ੍ਰਦੂਸ਼ਣ ’ਤੇ ਕਾਬੂ ਨਹੀਂ ਪਾ ਸਕਦੀ ਤਾਂ ਉਸ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਅਸੀਂ ਕਰਕੇ ਦਿਖਾਵਾਂਗੇ ਕਿ ਪ੍ਰਦੂਸ਼ਣ ਨੂੰ ਕਿਵੇਂ ਕੰਟਰੋਲ ਕੀਤਾ ਜਾ ਸਕਦਾ ਹੈ।’’ 



ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਅਸਰ ਸਿਰਫ਼ ਪੰਜਾਬ ਤੇ ਦਿੱਲੀ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ’ਤੇ ਪੈ ਰਿਹਾ ਹੈ। ‘ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਤੇ ਮੱਧ ਪ੍ਰਦੇਸ਼ ਦੀ ਆਬੋ ਹਵਾ ਵੀ ਵਿਗੜ ਰਹੀ ਹੈ। ਕੀ ਇਹ ਆਮ ਆਦਮੀ ਪਾਰਟੀ ਕਾਰਨ ਹੋ ਰਿਹਾ ਹੈ। 


ਉਨ੍ਹਾਂ ਕਿਹਾ ਕਿ ਜੇਕਰ ਪੂਰੇ ਉੱਤਰ ਭਾਰਤ ’ਚ ਹਵਾ ਪ੍ਰਦੂਸ਼ਣ ਫੈਲ ਰਿਹਾ ਹੈ ਤਾਂ ਉਸ ਦਾ ਹੱਲ ਕੌਣ ਲੱਭੇਗਾ। ਇਸ ਦਾ ਹੱਲ ਪ੍ਰਧਾਨ ਮੰਤਰੀ ਨੂੰ ਹੀ ਲੱਭਣਾ ਹੋਵੇਗਾ। ਉਨ੍ਹਾਂ ਨੂੰ ਹਰ ਕਿਸੇ ਨਾਲ ਮੀਟਿੰਗ ਕਰਨੀ ਚਾਹੀਦੀ ਹੈ।’ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ’ਤੇ ਜਾਂ ਕਿਸਾਨਾਂ ’ਤੇ ਦੋਸ਼ ਮੜ੍ਹਨ ਦੀ ਬਜਾਏ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਲੱਭਣਾ ਚਾਹੀਦਾ ਹੈ। 


ਇਸ ਦੇ ਨਾਲ ਹੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਮਲੇ ’ਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ‘ਆਪ’ ਆਗੂ ਨੇ ਕਿਹਾ ਕਿ ਕਿਸਾਨ ਪੰਜਾਬ ਵਿੱਚ ਪਰਾਲੀ ਸਾੜਨ ਲਈ ਮਜਬੂਰ ਹਨ ਕਿਉਂਕਿ ਕੇਂਦਰ ਨੇ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਉਨ੍ਹਾਂ ਨੂੰ ਨਕਦ ਸਹਾਇਤਾ ਦੇਣ ਦੀ ਸੂਬਾ ਸਰਕਾਰ ਦੀ ਯੋਜਨਾ ਦਾ ਸਮਰਥਨ ਨਹੀਂ ਕੀਤਾ। 



ਰਾਏ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਸਰਕਾਰਾਂ ਨੇ ਸਾਂਝੇ ਤੌਰ ’ਤੇ ਜੁਲਾਈ ਵਿੱਚ ਕੇਂਦਰ ਨੂੰ ਇੱਕ ਪ੍ਰਸਤਾਵ ਭੇਜਿਆ ਸੀ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ’ਚ ਮਦਦ ਕੀਤੀ ਜਾ ਸਕੇ। ਰਾਏ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਵਾਤਾਵਰਣ ਮੰਤਰੀ ਨੇ ਵਧਦੇ ਹਵਾ ਪ੍ਰਦੂਸ਼ਣ ਲਈ ਭਾਜਪਾ ਦੀ ਵਿਚਾਰਧਾਰਾ ਨੂੰ ਜ਼ਿੰਮੇਵਾਰ ਠਹਿਰਾਇਆ।