ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਉਮੀਦ ਅਨੁਸਾਰ ਨਤੀਜੇ ਨਾ ਆਉਣ ਤੇ ਭਾਰਤੀ ਜਨਤਾ ਪਾਰਟੀ ਹੁਣ ਚੋਣ ਹਾਰਨ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਕਿਹੜੇ ਕਾਰਨ ਸਨ ਜਿਨ੍ਹਾਂ ਕਰਕੇ ਭਾਜਪਾ ਨੇ ਜੋ ਸੁਪਨਾ ਵੇਖਿਆ ਸੀ, ਉਹ ਪੂਰਾ ਨਹੀਂ ਹੋ ਸਕਿਆ। ਇਨ੍ਹਾਂ ਸਾਰੇ ਕਾਰਨਾਂ ਦਾ ਪਤਾ ਲਗਾਉਣ ਲਈ ਭਾਜਪਾ ਨੇ ਸ਼ੁੱਕਰਵਾਰ ਨੂੰ ਦਿੱਲੀ ਪ੍ਰਦੇਸ਼ ਦੀ ਮੈਰਾਥਨ ਬੈਠਕ ਬੁਲਾਈ ਹੈ। ਜਿਸ ਵਿੱਚ ਵੱਖ-ਵੱਖ ਸਮੂਹਾਂ ਨਾਲ ਮੀਟਿੰਗ ਕੀਤੀ ਜਾਏਗੀ।
ਦਿੱਲੀ ਦੇ ਉਮੀਦਵਾਰਾਂ ਤੋਂ ਇਲਾਵਾ ਅਹੁਦੇਦਾਰਾਂ ਅਤੇ ਮੰਡਲ ਪ੍ਰਧਾਨਾਂ ਦੀ ਇੱਕ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਦਿੱਲੀ ਚੋਣਾਂ ਨਾਲ ਜੁੜੇ ਭਾਜਪਾ ਦੇ ਕੇਂਦਰੀ ਆਗੂ ਵੀ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਵੀਰਵਾਰ ਨੂੰ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨਾਲ ਲੱਗਭਗ 2 ਘੰਟਿਆਂ ਲਈ ਇੱਕ ਮਹੱਤਵਪੂਰਨ ਬੈਠਕ ਕੀਤੀ। ਇਸ ਵਿੱਚ ਦਿੱਲੀ ਚੋਣਾਂ ਦੀ ਸਮੀਖਿਆ ਕੀਤੀ ਗਈ।