Delhi Excise Policy Case: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਵੀਰਵਾਰ ਯਾਨੀਕਿ ਅੱਜ 16 ਮਈ ਨੂੰ ਸੁਣਵਾਈ ਹੋਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ।



ਸ਼ਰਾਬ ਨੀਤੀ ਮਾਮਲੇ ਵਿੱਚ ਕੀਤਾ ਸੀ ਗ੍ਰਿਫਤਾਰ


ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਉਹ ਇੱਕ ਮਹੀਨੇ ਤੋਂ ਵੱਧ ਈਡੀ ਦੀ ਹਿਰਾਸਤ ਵਿੱਚ ਰਹੇ ਸਨ। ਇਸ ਦੌਰਾਨ ਕੇਜਰੀਵਾਲ ਨੇ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਅਦਾਲਤ 'ਚ ਪਟੀਸ਼ਨ ਵੀ ਦਾਇਰ ਕੀਤੀ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਸੀ। ਫਿਲਹਾਲ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ 2024 ਦੇ ਵਿੱਚ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਰ ਉਨ੍ਹਾਂ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੈ।


ਜੇਲ੍ਹ ਨਾ ਜਾਣ ਦੇ ਦਿੱਲੀ ਦੇ ਮੁੱਖ ਮੰਤਰੀ ਦੇ ਬਿਆਨ ਦਾ ਅਦਾਲਤ ਵਿੱਚ ਜ਼ਿਕਰ


ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਦੀ ਸੁਣਵਾਈ ਦੌਰਾਨ ਈਡੀ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਦਲੀਲ ਦਿੱਤੀ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਸੁਣਵਾਈ ਦੇ ਯੋਗ ਨਹੀਂ ਹੈ। ਸਾਲੀਸਿਟਰ ਜਨਰਲ ਨੇ ਅਦਾਲਤ ਨੂੰ ਕੇਜਰੀਵਾਲ ਦੇ ਦੁਬਾਰਾ ਜੇਲ੍ਹ ਜਾਣ ਬਾਰੇ ਦਿੱਤੇ ਭਾਸ਼ਣ ਬਾਰੇ ਦੱਸਿਆ।


ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਉਹ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਉਂਦੇ ਹਨ ਤਾਂ ਉਨ੍ਹਾਂ ਨੂੰ 2 ਜੂਨ ਨੂੰ ਜੇਲ੍ਹ ਨਹੀਂ ਜਾਣਾ ਪਵੇਗਾ। ਇਸ 'ਤੇ ਅਦਾਲਤ ਨੇ ਕਿਹਾ ਕਿ ਅਸੀਂ ਇਸ 'ਚ ਸ਼ਾਮਲ ਨਹੀਂ ਹੋਣਾ ਚਾਹੁੰਦੇ। ਸਾਡਾ ਹੁਕਮ ਸਾਫ਼ ਹੈ ਕਿ ਉਨ੍ਹਾਂ ਨੂੰ ਆਤਮ ਸਮਰਪਣ ਕਰਨਾ ਪਵੇਗਾ।


ਦਰਅਸਲ, ਇਸ ਸੁਣਵਾਈ ਤੱਕ ਕੇਜਰੀਵਾਲ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਜੇਕਰ ਇਹ ਸੁਣਵਾਈ ਅੱਜ ਪੂਰੀ ਹੋ ਜਾਂਦੀ ਹੈ ਤਾਂ ਵੀ ਇਸ ਦਾ ਅੰਤਰਿਮ ਰਾਹਤ 'ਤੇ ਕੋਈ ਅਸਰ ਪੈਣ ਦੀ ਉਮੀਦ ਨਹੀਂ ਹੈ।