Delhi excise policy : ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ।

 

ਸੀਬੀਆਈ ਦੀ ਪੁੱਛਗਿੱਛ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਰਾਜਘਾਟ ਪਹੁੰਚ ਕੇ ਕਿਹਾ ਕਿ ਮੈਨੂੰ ਗੁਜਰਾਤ ਜਾਣ ਤੋਂ ਰੋਕਿਆ ਜਾ ਰਿਹਾ ਹੈ, ਇਸ ਲਈ ਇਹ ਸਭ ਕੀਤਾ ਜਾ ਰਿਹਾ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਨਵੰਬਰ ਵਿੱਚ ਸ਼ਰਾਬ ਨੀਤੀ ਲਾਗੂ ਕੀਤੀ ਸੀ। ਬਾਅਦ 'ਚ ਨੀਤੀ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਸੀ। 
 



ਇਸ ਮਾਮਲੇ ਵਿੱਚ ਸੀਬੀਆਈ ਨੇ ਹਾਲ ਹੀ ਵਿੱਚ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ। ਹੁਣ ਉਸ ਤੋਂ ਪੁੱਛਗਿੱਛ ਕਰਨਗੇ। ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਭਾਜਪਾ ਹਾਰ ਰਹੀ ਹੈ, ਇਸ ਲਈ ਉਹ ਮੈਨੂੰ ਜੇਲ੍ਹ ਵਿੱਚ ਡੱਕ ਦੇਣਗੇ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਘਰ ਤੋਂ ਤਿਲਕ ਲਗਾ ਕੇ, ਮਠਿਆਈ ਖਾ ਕੇ ਅਤੇ ਮੁਸਕਰਾਉਂਦੇ ਹੋਏ ਸੀਬੀਆਈ ਦਫ਼ਤਰ ਲਈ ਰਵਾਨਾ ਹੋਏ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ ਸਨ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਸੀ.ਬੀ.ਆਈ.ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ। ਮਨੀਸ਼ ਸਿਸੋਦੀਆ ਸੀਬੀਆਈ ਹੈੱਡਕੁਆਰਟਰ ਜਾਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ, ਇੱਥੋਂ ਉਹ ਪਾਰਟੀ ਆਗੂਆਂ ਨਾਲ ਰਾਜਘਾਟ ਪੁੱਜੇ, ਜਿੱਥੇ ਉਨ੍ਹਾਂ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਹ ਮੈਨੂੰ ਜੇਲ੍ਹ ਭੇਜ ਰਹੇ ਹਨ ਤਾਂ ਜੋ ਮੈਂ ਗੁਜਰਾਤ ਨਾ ਜਾ ਸਕਾਂ।