Delhi Hight Court: ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਅਤੇ ਇਸ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨ 'ਚ ਕਿਹਾ ਗਿਆ ਹੈ ਕਿ 'ਆਪ' ਅਤੇ ਕੇਜਰੀਵਾਲ ਦੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (ਐੱਸਐੱਫਜੇ) ਨਾਲ ਸਬੰਧ ਹਨ।


ਕਾਰਜਕਾਰੀ ਚੀਫ਼ ਜਸਟਿਸ ਬਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੀ ਡਿਵੀਜ਼ਨ ਬੈਂਚ ਨੇ ਕਾਂਗਰਸੀ ਆਗੂ ਜਗਦੀਸ਼ ਸ਼ਰਮਾ ਦੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰਦਿਆਂ ਇਸ ਨੂੰ ਮਾਮੂਲੀ ਕਰਾਰ ਦਿੱਤਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, ਜਿਨ੍ਹਾਂ ਲੋਕਾਂ ਨੇ ਮੈਨੂੰ ਅੱਤਵਾਦੀ ਕਿਹਾ, ਪਹਿਲਾਂ ਜਨਤਾ ਨੇ ਉਨ੍ਹਾਂ ਨੂੰ ਜਵਾਬ ਦਿੱਤਾ। ਅੱਜ ਅਦਾਲਤ ਨੇ ਜਵਾਬ ਦਿੱਤਾ।







ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਜਦਕਿ ਕਾਂਗਰਸ ਨੂੰ 18 ਸੀਟਾਂ 'ਤੇ ਹੀ ਸੰਤੁਸ਼ਟ ਹੋਣਾ ਪਿਆ। ਸ਼੍ਰੋਮਣੀ ਅਕਾਲੀ ਦਲ ਨੇ 3 ਸੀਟਾਂ ਜਿੱਤੀਆਂ ਹਨ। ਜਦਕਿ ਭਾਜਪਾ ਨੇ 2 ਸੀਟਾਂ ਜਿੱਤੀਆਂ ਹਨ। ਭਗਵੰਤ ਮਾਨ 16 ਮਾਰਚ ਨੂੰ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਾਨ ਧੂਰੀ ਸੀਟ ਤੋਂ 58,206 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ। ਖਟਕੜ ਕਲਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦਾ ਜੱਦੀ ਪਿੰਡ ਹੈ।


'ਆਪ' ਲਹਿਰ 'ਚ ਕਈ ਮਜ਼ਬੂਤ ​​ਆਗੂਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ, ਕਾਂਗਰਸ ਆਗੂ ਅਤੇ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਲ ਹਨ।