Manish Sisodia Case: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 14 ਜੁਲਾਈ ਨੂੰ ਸੁਣਵਾਈ ਕਰੇਗਾ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਹ ਮਾਮਲਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਰੱਖਿਆ, ਜਿਸ 'ਤੇ ਅਦਾਲਤ ਨੇ ਸੁਣਵਾਈ ਕੀਤੀ।


ਸਿੰਘਵੀ ਨੇ ਦੱਸਿਆ ਕਿ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸਿਸੋਦੀਆ ਦੀ ਪਤਨੀ ਗੰਭੀਰ ਰੂਪ ਵਿਚ ਬਿਮਾਰ ਹਨ ਅਤੇ ਹਸਪਤਾਲ ਵਿਚ ਭਰਤੀ ਹਨ। ਇਸ ਤੋਂ ਪਹਿਲਾਂ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਵੀਰਵਾਰ ਨੂੰ ਸਿਸੋਦੀਆ ਆਪਣੀ ਜ਼ਮਾਨਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੇ। ਉਹ ਦਿੱਲੀ ਦੇ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਛਾਪੇਮਾਰੀ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।


14 ਜੁਲਾਈ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ 


ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਪੀ.ਐਸ. ਨਰਸਿਮ੍ਹਾ ਦੀ ਬੈਂਚ ਸਿਸੋਦੀਆ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ। ਬੈਂਚ ਨੇ ਕਿਹਾ ਕਿ ਇਹ ਮਾਮਲਾ 17 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਹੈ ਪਰ ਉਹ ਇਸ ਦੀ ਸੁਣਵਾਈ 14 ਜੁਲਾਈ ਨੂੰ ਕਰੇਗਾ। ਸਿਸੋਦੀਆ ਨੇ ਪਿਛਲੇ ਹਫ਼ਤੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਇਸ ਤੋਂ ਪਹਿਲਾਂ ਉਹ ਦਿੱਲੀ ਹਾਈ ਕੋਰਟ ਵਿੱਚ ਦੋ ਵਾਰ ਅਰਜ਼ੀ ਦੇ ਚੁੱਕੇ ਹਨ, ਪਰ ਉੱਥੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।


ਇਹ ਵੀ ਪੜ੍ਹੋ: ਨਸ਼ਾ ਛੱਡਣ ਲਈ ਛਕਿਆ ਅੰਮ੍ਰਿਤ ਪਰ ਫਿਰ ਵੀ ਚਿੱਟੇ ਨੇ ਲੈ ਲਈ ਨੌਜਵਾਨ ਦੀ ਜਾਨ, ਸ਼ਰੇਆਮ ਵਿਕ ਰਿਹਾ ਨਸ਼ਾ


ਦੋ ਵਾਰ ਦਿੱਲੀ ਹਾਈਕੋਰਟ ਵਿੱਚ ਦੇ ਚੁੱਕੇ ਹਨ ਅਰਜ਼ੀ


ਦਿੱਲੀ ਹਾਈ ਕੋਰਟ ਨੇ 30 ਮਈ ਨੂੰ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਸਿਸੋਦੀਆ ਆਬਕਾਰੀ ਨੀਤੀ ਦੇ ਮਾਮਲੇ ਵਿਚ ਉੱਚ ਅਹੁਦੇ 'ਤੇ ਸਨ, ਇਸ ਲਈ ਉਹ ਇਹ ਨਹੀਂ ਕਹਿ ਸਕਦੇ ਕਿ ਇਸ ਵਿਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ। 3 ਜੁਲਾਈ ਨੂੰ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। 


26 ਫਰਵਰੀ ਨੂੰ ਹੋਈ ਸੀ ਗ੍ਰਿਫਤਾਰੀ 


ਦਿੱਲੀ ਦੇ ਉਪ ਮੁੱਖ ਮੰਤਰੀ ਹੁੰਦਿਆਂ ਸਿਸੋਦੀਆ ਨੇ ਆਬਕਾਰੀ ਵਿਭਾਗ ਵੀ ਸੰਭਾਲਿਆ ਸੀ। ਉਨ੍ਹਾਂ ਨੂੰ ਘੁਟਾਲੇ ਵਿੱਚ ਭੂਮਿਕਾ ਲਈ ਪਹਿਲੀ ਵਾਰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਹਿਰਾਸਤ ਵਿੱਚ ਹਨ। ਉਨ੍ਹਾਂ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।


ਇਹ ਵੀ ਪੜ੍ਹੋ: ਬਾਰਸ਼ ਦਾ ਕਹਿਰ! ਮਾਲਵਾ ਲਈ ਔਰੇਂਜ ਤੇ ਦੁਆਬਾ ਲਈ ਯੈਲੋ ਅਲਰਟ, ਸੀਐਮ ਦੇ ਹੁਕਮਾਂ 'ਤੇ ਸਮੂਹ ਵਿਭਾਗਾਂ ਦੀ ਹੰਗਾਮੀ ਮੀਟਿੰਗ