Today Weather Forecast: ਮਾਨਸੂਨ ਦੇ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਕੁਝ ਇਲਾਕਿਆਂ ਵਿੱਚ ਇਸ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਯੂਪੀ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰਾਹਤ ਕੈਂਪ ਲਗਾਏ ਗਏ ਹਨ। ਮੀਂਹ ਕਾਰਨ ਪਹਾੜੀ ਇਲਾਕਿਆਂ ਵਿੱਚ ਤਕਰੀਬਨ ਇੱਕ ਹਫ਼ਤੇ ਤੋਂ ਸੈਂਕੜੇ ਸੈਲਾਨੀ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਇਨ੍ਹਾਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।


ਉੱਥੇ ਹੀ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ-ਪੂਰਬੀ ਰਾਜਾਂ ਅਤੇ ਕੁਝ ਦੱਖਣੀ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ, ਦਿੱਲੀ ਐਨਸੀਆਰ ਵਿੱਚ ਵੀ ਬੱਦਲ ਛਾਏ ਰਹਿਣਗੇ ਅਤੇ ਰੁੱਕ-ਰੁੱਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼


ਇਨ੍ਹਾਂ ਇਲਾਕਿਆਂ 'ਚ ਪਵੇਗਾ ਮੀਂਹ


ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 99 ਤੱਕ ਪਹੁੰਚ ਗਈ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਕੰਮ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਵਿੱਚ ਵੀ ਇਹੀ ਸਥਿਤੀ ਬਣੀ ਹੋਈ ਹੈ। ਆਈਐਮਡੀ ਦੇ ਅਨੁਸਾਰ, ਹਿਮਾਚਲ ਅਤੇ ਉੱਤਰਾਖੰਡ ਤੋਂ ਇਲਾਵਾ ਪੱਛਮੀ ਮੱਧ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਉੜੀਸਾ, ਝਾਰਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਪੂਰਬੀ ਰਾਜਸਥਾਨ ਅਤੇ ਕਰਨਾਟਕ ਦੇ ਤੱਟਵਰਤੀ ਖੇਤਰਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।


ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਪੰਜਾਬ ਦੇ ਵੀ ਕਈ ਪਿੰਡਾਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ ਅਤੇ ਨਾਲ ਹੀ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਵੜ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਲੋਕਾਂ ਨੂੰ ਇਸ ਮੁਸ਼ਕਿਲ 'ਚੋਂ ਬਾਹਰ ਕੱਢਣ ਲਈ ਰਾਹਤ ਕੈਂਪ ਲਾਏ ਗਏ ਹਨ ਅਤੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਹੜ੍ਹ ਦੇ ਤੇਜ਼ ਬਹਾਅ 'ਚ ਰੁੜਨ ਕਾਰਨ ਨੌਜਵਾਨ ਦੀ ਹੋਈ ਸੀ ਮੌਤ, ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੀ 4 ਲੱਖ ਦੀ ਵਿੱਤੀ ਸਹਾਇਤਾ