Delhi Police Arrested Khalistani Terrorist: ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਹਿਰਾਸਤ ਵਿੱਚ ਲਏ ਗਏ ਵਿਅਕਤੀ ਦਾ ਸਬੰਧ ਕੈਨੇਡਾ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਨਾਲ ਦੱਸਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੱਲੀ ਪੁਲਿਸ ਨੇ ਦਿੱਤੀ ਹੈ।


ਦਿੱਲੀ ਪੁਲਿਸ ਨੇ ਦੱਸਿਆ ਕਿ ਕੈਨੇਡਾ 'ਚ ਬੈਠੇ ਖਾਲਿਸਤਾਨੀ ਅੱਤਵਾਦੀ ਨਾਲ ਸਬੰਧ ਹੋਣ ਦੇ ਸ਼ੱਕ 'ਚ ਕੁਝ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਉੱਤਰ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਤੋਂ ਫੜਿਆ ਗਿਆ ਸੀ। ਅਧਿਕਾਰੀਆਂ ਨੇ ਕਿਹਾ, "ਗਣਤੰਤਰ ਦਿਵਸ ਤੋਂ ਪਹਿਲਾਂ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਵੀਰਵਾਰ (12 ਜਨਵਰੀ) ਨੂੰ ਖਾਲਿਸਤਾਨੀ ਅੱਤਵਾਦੀਆਂ ਨਾਲ ਕਥਿਤ ਸਬੰਧਾਂ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।"


ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ


ਪੁਲਿਸ ਦਾ ਕਹਿਣਾ ਹੈ ਕਿ ਇਹ ਲੋਕ ਦਿੱਲੀ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਉਹ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਦੋਵੇਂ ਮੁਲਜ਼ਮ ਪਹਿਲਾਂ ਵੀ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਕੇ ਜਾਣਕਾਰੀ ਇਕੱਠੀ ਕਰ ਰਹੀ ਹੈ। ਪੁਲਿਸ ਨੂੰ ਸ਼ੱਕੀ ਵਿਅਕਤੀਆਂ ਦੇ ਮੋਬਾਈਲ ਫ਼ੋਨਾਂ ਤੋਂ ਅੱਤਵਾਦੀ ਯੋਜਨਾ ਦਾ ਬਲੂ ਪ੍ਰਿੰਟ ਵੀ ਮਿਲਿਆ ਹੈ। ਸਪੈਸ਼ਲ ਸੈੱਲ ਇਸ ਸਬੰਧੀ ਦੋਵਾਂ ਤੋਂ ਪੁੱਛਗਿੱਛ ਵੀ ਕਰ ਰਿਹਾ ਹੈ।


ਅਰਸ਼ਦੀਪ ਸਿੰਘ ਨੂੰ ਅੱਤਵਾਦੀ ਐਲਾਨਿਆ


ਦੱਸ ਦੇਈਏ ਕਿ 9 ਜਨਵਰੀ ਨੂੰ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਸਹਿਯੋਗੀ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡਾਲਾ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ 'ਤੇ ਪੰਜਾਬ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਪਿਛਲੇ ਦਿਨੀਂ ਜਗਰਾਉਂ ਦੇ ਇੱਕ ਪਿੰਡ ਵਿੱਚ ਘਰ ਵਿੱਚ ਵੜ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਅਰਸ਼ ਡਾਲਾ ਨੇ ਲਈ ਸੀ। ਪੁਲਿਸ ਨੇ ਅਰਸ਼ ਡਾਲਾ ਨੂੰ ਮੋਸਟ ਵਾਂਟੇਡ ਅਪਰਾਧੀ ਐਲਾਨਿਆ ਹੈ।


ਪਰੇਡ ਦੀਆਂ ਤਿਆਰੀਆਂ ਜ਼ੋਰਾਂ 'ਤੇ


ਦੂਜੇ ਪਾਸੇ ਗਣਤੰਤਰ ਦਿਵਸ ਪਰੇਡ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਇਸ ਸਾਲ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਜਾ ਰਹੇ ਹਨ। ਇਸ ਸਾਲ ਭਾਰਤ ਅਤੇ ਮਿਸਰ ਆਪਣੇ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਕੁਝ ਦਿਨ ਪਹਿਲਾਂ ਮਿਸਰ ਦੇ ਦੌਰੇ 'ਤੇ ਗਏ ਸਨ।