ਨਵੀਂ ਦਿੱਲੀ: ਦਿੱਲੀ ਵਿੱਚ ਪੰਜਾਬ ਪੁਲਿਸ ਖਿਲਾਫ ਕੇਸ ਦਾਇਰ ਕੀਤਾ ਹੈ। ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਮਾਮਲਾ ਕਨੌਟ ਪਲੇਸ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਦਰਅਸਲ ਇਲਜ਼ਾਮ ਹੈ ਕਿ 26 ਤਰੀਕ ਨੂੰ ਹੋਟਲ ਇੰਪੀਰੀਅਲ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਪੁਲਿਸ ਨੇ ਇੱਕ ਪੱਤਰਕਾਰ ਨਾਲ ਦੁਰਵਿਵਹਾਰ ਕੀਤਾ ਸੀ। ਇਸ ਤੋਂ ਬਾਅਦ ਦੁਖੀ ਪੱਤਰਕਾਰ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ।

ਹੁਣ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਜਲਦ ਹੀ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੋਂ ਪੁੱਛਗਿੱਛ ਕਰ ਸਕਦੀ ਹੈ। ਪੰਜਾਬ ਪੁਲਿਸ ਪਿਛਲੇ ਕੁਝ ਦਿਨਾਂ ਤੋਂ ਕਾਫੀ ਸੁਰਖੀਆਂ 'ਚ ਰਹੀ ਹੈ। ਹਾਲ ਹੀ 'ਚ 'ਆਪ' ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੇ ਘਰ ਪਹੁੰਚਣ 'ਤੇ ਵੀ ਪੰਜਾਬ ਪੁਲਿਸ ਨੇ ਕਾਫੀ ਸੁਰਖੀਆਂ ਬਟੋਰੀਆਂ ਸੀ।

ਪੰਜਾਬ ਪੁਲਿਸ ਜਦੋਂ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਤਾਂ ਵਿਸ਼ਵਾਸ ਨੇ ਖੁਦ ਇਸ ਘਟਨਾ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਸੀ। ਤਸਵੀਰਾਂ ਟਵੀਟ ਕਰਨ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਚੇਤਾਵਨੀ ਵੀ ਦਿੱਤੀ ਸੀ।

ਇਨ੍ਹਾਂ ਹੀ ਨਹੀਂ ਇਸੇ ਦਿਨ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਵੀ ਪਹੁੰਚੀ ਸੀ। ਲਾਂਬਾ ਨੇ ਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਸੀ।