ਨਵੀਂ ਦਿੱਲੀ: ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿੱਚ ਇੱਕ ਟਰੈਕਟਰ ਰੈਲੀ ਕੱਢੀ ਸੀ।ਪਰ ਪੁਲਿਸ ਵੱਲੋਂ ਤੈਅ ਰਸਤੇ ਤੋਂ ਹੱਟ ਕੇ ਕੁੱਝ ਕਿਸਾਨਾਂ ਨੇ ਹੰਗਾਮਾ ਕੀਤਾ ਸੀ।



ਕਿਸਾਨਾਂ ਦੇ ਕੁਝ ਸਮੂਹਾਂ ਨੇ ਭਾਰੀ ਹੰਗਾਮਾ ਕੀਤਾ ਸੀ।ਉਹ ਲਾਲ ਕਿਲ੍ਹੇ ਤੇ ਪਹੁੰਚੇ ਸੀ ਅਤੇ ਕੁਝ ਥਾਵਾਂ 'ਤੇ ਅੰਦੋਲਨਕਾਰੀ ਕਿਸਾਨ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ।ਇਸ ਵਿੱਚ ਸੈਂਕੜੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸੀ।

ਬਾਅਦ ਵਿਚ, ਦਿੱਲੀ ਪੁਲਿਸ ਨੇ ਇਸ ਕੇਸ ਵਿਚ ਸ਼ਾਮਲ ਲੋਕਾਂ ਦੀ ਪਛਾਣ ਲਈ ਜਾਂਚ ਤੇਜ਼ ਕਰ ਦਿੱਤੀ ਸੀ ਅਤੇ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਸੀ। ਦਿੱਲੀ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਤਕਨਾਲੋਜੀ ਦਾ ਸਹਾਰਾ ਲਿਆ ਸੀ। ਹਿੰਸਾ ਦੌਰਾਨ ਵੇਖੇ ਗਏ ਕੁਝ ਟਰੈਕਟਰ ਵੀ ਜ਼ਬਤ ਕਰ ਲਏ ਗਏ ਸੀ।

ਇਸ ਘਟਨਾ ਤੋਂ ਬਾਅਦ ਟਰੈਕਟਰ ਪਰੇਡ ਦੀ ਅਗਵਾਈ ਕਰ ਰਹੇ ਕਿਸਾਨ ਨੇਤਾਵਾਂ ਨੇ ਹਿੰਸਾ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਇਸ ਵਿੱਚ ਦਾਖਲ ਹੋਏ ਸਨ ਅਤੇ ਸ਼ਾਂਤਮਈ ਕਿਸਾਨੀ ਲਹਿਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਫਿਲਹਾਲ ਕਿਸਾਨਾਂ ਦੀ ਲਹਿਰ ਅਜੇ ਵੀ ਜਾਰੀ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਕਈ ਗੇੜ ਮੀਟਿੰਗਾਂ ਹੋਈਆਂ ਪਰ ਕੋਈ ਠੋਸ ਨਤੀਜਾ ਨਹੀਂ ਮਿਲਿਆ।