ਦਿੱਲੀ 'ਚ ਅੱਜ ਸੰਸਦ ਭਵਨ ਨੇੜੇ ਹੋਵੇਗਾ ਕਿਸਾਨਾਂ ਦਾ ਪ੍ਰਦਰਸ਼ਨ, ਛਾਉਣੀ 'ਚ ਤਬਦੀਲ ਹਇਆ ਇਲਾਕਾ
ਦਿੱਲੀ ਪੁਲਿਸ ਨੇ ਦੱਸਿਆ ਕਿ 200 ਕਿਸਾਨਾਂ ਦਾ ਇਕ ਸਮੂਹ ਪੁਲਿਸ ਦੀ ਸੁਰੱਖਿਆ ਦੇ ਨਾਲ ਬੱਸਾਂ ਚ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਜਾਵੇਗਾ।
ਨਵੀਂ ਦਿੱਲੀ: ਕਿਸਾਨ ਯੂਨੀਅਨਾਂ ਵੱਲੋਂ ਅੱਜ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਕੀਤੇ ਜਾ ਰਹੇ ਕਿਸਾਨ ਸੰਸਦ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਕਿਸਾਨਾਂ ਵੱਲੋਂ ਸਿੰਘੂ ਬਾਰਡਰ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਪ੍ਰੋਗਰਾਮ 'ਚ ਹਿੱਸਾ ਲੈਣ ਮੌਕੇ 'ਤੇ ਪਹੁੰਚਣਗੇ। ਦਿੱਲੀ ਪੁਲਿਸ ਨੇ ਤਿੰਨ ਨਵੇਂ ਖੇਤੀ ਕਾਨੂਨਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕੁਝ ਸ਼ਰਤਾਂ ਦੇ ਨਾਲ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਸਿੰਘੂ ਬਾਰਡਰ 'ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੂਰਾ ਇਲਾਕਾ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ।
ਦਿੱਲੀ ਪੁਲਿਸ ਨੇ ਦੱਸਿਆ ਕਿ 200 ਕਿਸਾਨਾਂ ਦਾ ਇਕ ਸਮੂਹ ਪੁਲਿਸ ਦੀ ਸੁਰੱਖਿਆ ਦੇ ਨਾਲ ਬੱਸਾਂ ਚ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਜਾਵੇਗਾ। ਉੱਥੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤਕ ਵਿਰੋਧ ਪ੍ਰਦਰਸ਼ਨ ਕਰਨਗੇ। ਦਰਅਸਲ ਦਿੱਲੀ ਪੁਲਿਸ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਕਿਸਾਨਾਂ ਨੂੰ ਜੰਤਰ-ਮੰਤਰ 'ਤੇ ਕੁਝ ਸ਼ਰਤਾਂ ਦੇ ਨਾਲ ਪਰਮਿਸ਼ਨ ਦਿੱਤੀ ਗਈ ਹੈ।
ਕੋਵਿਡ ਪਾਬੰਦੀਆਂ ਦੀ ਕਰਨੀ ਹੋਵੇਗੀ ਪਾਲਣਾ
ਧਰਨੇ ਚ ਸ਼ਾਮਲ ਸਾਰੇ ਕਿਸਾਨਾਂ ਨੂੰ ਕੋਰੋਨਾ ਨਿਯਮਾਂ ਦਾ ਪਲਾਣ ਕਰਨਾ ਹੋਵੇਗਾ। ਕਿਸਾਨਾਂ ਨੂੰ ਕੋਵਿਡ ਪਾਬੰਦੀਆਂ ਨੂੰ ਧਿਆਨ 'ਚ ਰੱਖਦਿਆਂ ਮਾਰਚ ਨਾ ਕੱਢਣ ਦੀ ਸਲਾਹ ਦਿੱਤੀ ਗਈ ਹੈ।ਪ੍ਰਦਰਸ਼ਨ ਨੂੰ ਲੈਕੇ ਦਿੱਲੀ ਪੁਲਿਸ ਨੇ ਕਿਹਾ ਕਿ ਕਿਸਾਨਾਂ ਦਾ ਸ਼ਾਂਤੀਪੂਰਵਕ ਪ੍ਰਦਰਸ਼ਨ ਹੋਵੇ ਇਸ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ 9 ਅਗਸਤ ਤਕ ਜ਼ਿਆਦਾਤਰ 200 ਕਿਸਾਨਾਂ ਵੱਲੋਂ ਪ੍ਰਦਰਸ਼ਨ ਦੀ ਵਿਸ਼ੇਸ਼ ਇਜਾਜ਼ਤ ਦੇ ਦਿੱਤੀ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ ਜੇਕਰ 13 ਅਗਸਤ ਨੂੰ ਸਮਾਪਤ ਹੋਵੇਗਾ ਤਾਂ ਜੰਤਰ-ਮੰਤਰ 'ਤੇ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਵੀ 13 ਅਗਸਤ ਤਕ ਜਾਰੀ ਰਹੇਗਾ।
ਉੱਥੇ ਹੀ ਅਮਰੀਕਾ ਨੇ ਭਾਰਤ 'ਚ ਆਪਣੇ ਨਾਗਰਿਕਾਂ ਲਈ ਇਕ ਸੁਰੱਖਿਆ ਅਲਰਟ ਜਾਰੀ ਕੀਤਾ ਹੈ ਜਿਸ 'ਚ ਉਨ੍ਹਾਂ ਨੂੰ ਨਵੀਂ ਦਿੱਲੀ 'ਚ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦੇ ਨਾਲ-ਨਾਲ ਪ੍ਰਮੁੱਖ ਖੇਤਰਾਂ, ਭੀੜ ਤੇ ਪ੍ਰਦਰਸ਼ਨਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਦੱਸ ਦੇਈਏ ਕਿ ਕਿਸਾਨ ਨਵੰਬਰ, 2020 ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਚੁੱਕੇ ਹਨ। ਹੁਣ ਤਕ ਸਰਕਾਰ ਤੇ ਕਿਸਾਨਾਂ ਵਿਚਾਲੇ 11 ਵਾਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਕਿਸੇ ਤਣ ਪੱਤਣ ਨਹੀਂ ਲੱਗੀ।