ਨਵੀਂ ਦਿੱਲੀ : ਦਿੱਲੀ ਦੇ ਅਲੀਪੁਰ ਇਲਾਕੇ ਵਿੱਚ ਇੱਕ ਗੋਦਾਮ ਦੀ ਕੰਧ ਡਿੱਗਣ ਦੇ ਹਾਦਸੇ ਵਿੱਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਦਿੱਲੀ ਪੁਲਿਸ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। 

 

ਜਾਣਕਾਰੀ ਮੁਤਾਬਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਮੌਜੂਦ ਹੈ। ਦਿੱਲੀ ਪੁਲਸ ਨੇ ਦੱਸਿਆ ਕਿ ਕੰਧ ਡਿੱਗਣ ਤੋਂ ਬਾਅਦ ਲੋਕਾਂ ਨੂੰ ਬਚਾਇਆ ਗਿਆ, ਜਿਨ੍ਹਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ।


ਮੌਕੇ ’ਤੇ ਮੌਜੂਦ ਐਨਆਰਡੀਐਫ ਦੀ ਟੀਮ

ਜ਼ਖਮੀਆਂ ਨੂੰ ਰਾਜਾ ਹਰਿਸ਼ਚੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। NDRF ਮੌਕੇ 'ਤੇ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਗੋਦਾਮ 'ਚ ਕੰਧ ਡਿੱਗੀ ਉੱਥੇ ਕਰੀਬ ਦੋ ਦਰਜਨ ਲੋਕ ਕੰਮ ਕਰ ਰਹੇ ਸਨ। ਹਾਦਸੇ ਤੋਂ ਬਾਅਦ ਮਲਬਾ ਹਟਾਉਣ ਲਈ ਜੇਸੀਬੀ ਮਸ਼ੀਨ ਲਗਾਈ ਗਈ ਹੈ। ਸਥਾਨਕ ਲੋਕ ਵੀ ਬਚਾਅ ਕਾਰਜ ਵਿੱਚ ਮਦਦ ਕਰ ਰਹੇ ਹਨ।

ਮੁੱਖ ਮੰਤਰੀ ਕੇਜਰੀਵਾਲ ਨੇ ਜਤਾਇਆ ਦੁੱਖ  

ਮੁੱਖ ਮੰਤਰੀ ਕੇਜਰੀਵਾਲ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ 'ਚ ਲੱਗਾ ਹੋਇਆ ਹੈ ਅਤੇ ਉਹ ਖੁਦ ਇਸ 'ਤੇ ਨਜ਼ਰ ਰੱਖ ਰਹੇ ਹਨ। ਕੇਜਰੀਵਾਲ ਨੇ ਟਵੀਟ ਕੀਤਾ, "ਅਲੀਪੁਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗਾ ਹੋਇਆ ਹੈ। ਮੈਂ ਨਿੱਜੀ ਤੌਰ 'ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਿਹਾ ਹਾਂ। ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।"

ਦਿੱਲੀ ਪੁਲਿਸ ਨੇ ਕਿਹਾ, "ਅਲੀਪੁਰ ਵਿੱਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਕੁਝ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ, ਜਿਸ ਲਈ ਬਚਾਅ ਕਾਰਜ ਜਾਰੀ ਹੈ। ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹਨ, ਮਲਬੇ ਨੂੰ ਹਟਾਇਆ ਜਾ ਰਿਹਾ ਹੈ।