Delhi Weather Update: ਦਿੱਲੀ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਦੇਰ ਸ਼ਾਮ, ਤੂਫਾਨ ਅਤੇ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ। ਇਸ ਤੋਂ ਬਾਅਦ, ਸ਼ਨੀਵਾਰ-ਐਤਵਾਰ (24-25 ਮਈ) ਦੀ ਅੱਧੀ ਰਾਤ ਨੂੰ ਲਗਭਗ 1 ਵਜੇ, ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ, ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ 'ਤੇ ਦਰੱਖਤ ਡਿੱਗਣ ਦੀ ਵੀ ਜਾਣਕਾਰੀ ਹੈ।
ਮੌਸਮ ਵਿਭਾਗ ਨੇ ਬੀਤੇ ਦਿਨੀਂ ਦਿੱਲੀ, ਪੰਜਾਬ, ਯੂਪੀ, ਹਰਿਆਣਾ ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ 60 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਭਾਰੀ ਮੀਂਹ ਪੈਣ ਅਤੇ ਗਰਜ-ਤੂਫ਼ਾਨ ਆਉਣ ਦੀ ਚੇਤਾਵਨੀ ਦਿੱਤੀ ਸੀ। ਇਸ ਤਹਿਤ ਦਿੱਲੀ-ਐਨਸੀਆਰ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ। ਅਲਰਟ ਜਾਰੀ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ, ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ।
ਭਾਰੀ ਮੀਂਹ ਕਾਰਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ। ਮਿੰਟੋ ਰੋਡ, ਹੁਮਾਯੂੰ ਰੋਡ, ਸ਼ਾਸਤਰੀ ਭਵਨ ਵਰਗੇ ਇਲਾਕੇ ਪਾਣੀ ਨਾਲ ਭਰ ਗਏ। ਮਿੰਟੋ ਪੁਲ 'ਤੇ ਇੱਕ ਕਾਰ ਦੇ ਪਾਣੀ ਵਿੱਚ ਡੁੱਬਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਪਾਣੀ ਭਰਨ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।
ਹਵਾਈ ਸੇਵਾਵਾਂ ਹੋਈਆਂ ਪ੍ਰਭਾਵਿਤ
ਖਰਾਬ ਮੌਸਮ ਕਾਰਨ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਤੇਜ਼ ਤੂਫਾਨ ਅਤੇ ਭਾਰੀ ਬਾਰਿਸ਼ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਤੂਫਾਨ ਦੌਰਾਨ 25 ਤੋਂ ਵੱਧ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ। ਇੰਡੀਗੋ ਨੇ ਐਕਸ 'ਤੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਵਿੱਚ ਖਰਾਬ ਮੌਸਮ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰਨ।
IMD ਦੇ ਅਲਰਟ ਤੋਂ ਬਾਅਦ, ਏਅਰ ਇੰਡੀਆ ਨੇ ਵੀ ਬੀਤੀ ਰਾਤ ਇੱਕ ਐਡਵਾਈਜ਼ਰੀ ਜਾਰੀ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਅੰਮ੍ਰਿਤਸਰ, ਚੰਡੀਗੜ੍ਹ ਅਤੇ ਦਿੱਲੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ।
Spice Jet ਨੇ ਵੀ ਟ੍ਰੈਵਲ ਐਡਵਾਈਜ਼ਰੀ ਜਾਰੀ ਕਰਦਿਆਂ ਲਿਖਿਆ, "ਦਿੱਲੀ ਵਿੱਚ ਖਰਾਬ ਮੌਸਮ ਦੇ ਕਾਰਨ, ਸਾਰੀਆਂ ਪ੍ਰਸਥਾਨ/ਆਗਮਨ ਅਤੇ ਉਨ੍ਹਾਂ ਨਾਲ ਜੁੜੀਆਂ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਯਾਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਉਡਾਣ ਦੀ ਸਥਿਤੀ 'ਤੇ ਨਜ਼ਰ ਰੱਖਣ।"