Arvind Kejriwal Rally in Kurukshetra: ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਐਤਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ।
ਅਰਵਿੰਦ ਕੇਜਰੀਵਾਲ ਨੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਨਾਲ ਭਾਸ਼ਣ ਦੀ ਸ਼ੁਰੂਆਤ ਕੀਤੀ। ਸੀਐਮ ਕੇਜਰੀਵਾਲ ਨੇ ਕਿਹਾ, "ਮੈਨੂੰ ਸਭ ਤੋਂ ਵੱਧ ਚੰਗਾ ਲੱਗਦਾ ਹੈ ਜਦੋਂ ਲੋਕ ਮੈਨੂੰ ਹਰਿਆਣੇ ਦਾ ਲਾਲ ਕਹਿੰਦੇ ਹਨ। ਹਰਿਆਣਾ ਮੇਰੀ ਜਨਮ ਭੂਮੀ ਹੈ ਤੇ ਇਹ ਮਾਂ ਦੇ ਸਮਾਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਮਾਂ ਤੇ ਜਨਮ ਭੂਮੀ ਦਾ ਕਰਜ਼ ਇਨਸਾਨ 7 ਜਨਮਾਂ ਵਿੱਚ ਵੀ ਨਹੀਂ ਚੁਕਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਹਿ ਰਹੇ ਹਨ ਕਿ ਦਿੱਲੀ ਅਤੇ ਪੰਜਾਬ ਤੋਂ ਹਰਿਆਣਾ ਵਿੱਚ ਤੂਫਾਨ ਆਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਇੱਕ ਹੋਰ ਵੱਡਾ ਤੂਫ਼ਾਨ ਆਉਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਪਰ ਵਾਲਾ ਝਾੜੂ ਚਲਾਉਂਦਾ ਹੈ ਤਾਂ ਤੂਫ਼ਾਨ ਹੀ ਆਉਂਦਾ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਹਰਿਆਣਾ ਦੇ ਸਾਰੇ ਕਿਸਾਨਾਂ ਦਾ ਧੰਨਵਾਦ ਤੇ ਵਧਾਈ ਦੇਣਾ ਚਾਹੁੰਦਾ ਹਾਂ। ਜਿਸ ਤਰ੍ਹਾਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਨੇ ਮਿਲ ਕੇ ਅਜਿਹੀ ਹੰਕਾਰੀ ਸਰਕਾਰ ਨੂੰ ਝੁਕਾ ਦਿੱਤਾ ਹੈ। ਉਨ੍ਹਾਂ ਨੇ ਇੱਕ ਸਾਲ ਤੱਕ ਅੰਦੋਲਨ ਕੀਤਾ।
ਇਕ ਸਾਲ ਤੱਕ ਸਿੰਘੂ ਸਰਹੱਦ 'ਤੇ ਜਮੇ ਰਹੇ। ਅਖੀਰ ਸਰਕਾਰ ਨੂੰ ਤਿੰਨੋਂ ਕਾਨੂੰਨ ਵਾਪਸ ਲੈਣੇ ਪਏ। ਉਨ੍ਹਾਂ ਕਿਹਾ ਕਿ ਹੰਕਾਰ ਤਾਂ ਰਾਵਣ ਦਾ ਵੀ ਨਹੀਂ ਚੱਲਿਆ। ਉਨ੍ਹਾਂ ਕਿਹਾ ਕਿ ਤ੍ਰੇਤਾ ਯੁਗ ਵਿੱਚ ਭਗਵਾਨ ਰਾਮ ਨੇ ਰਾਵਣ ਦਾ ਹੰਕਾਰ ਤੋੜਿਆ ਸੀ, ਕਲਯੁਗ ਵਿੱਚ ਕਿਸਾਨਾਂ ਨੇ ਭਾਜਪਾ ਦਾ ਘੁਮੰਡ ਤੋੜਿਆ ਹੈ।