ਰੋਹਤਕ: ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਸੁਝਾਵਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਘਰੋਂ ਭੱਜੇ ਪ੍ਰੇਮੀ ਜੋੜਿਆਂ ਦੀ ਸੁਰੱਖਿਆ ਲਈ ਹਰ ਜ਼ਿਲ੍ਹੇ ਵਿੱਚ ਪ੍ਰੋਟੈਕਸ਼ਨ ਹੋਮ ਬਣਾਉਣਾ ਸ਼ਾਮਲ ਹੈ। ਇਹ ਜਾਣਕਾਰੀ ਹਰਿਆਣਾ ਸਰਕਾਰ ਨੇ ਪ੍ਰੇਮੀ ਜੋੜੇ ਦੀ ਸੁਰੱਖਿਆ ਨਾਲ ਸਬੰਧਤ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ। ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਪ੍ਰੇਮੀਆਂ ਦੀ ਸੁਰੱਖਿਆ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਘਰ ਬਣਾਏ ਜਾਣਗੇ। ਸਾਰੇ ਜ਼ਿਲ੍ਹਿਆਂ ਵਿੱਚ ਡੀਸੀ ਵੱਲੋਂ ਪ੍ਰੇਮੀਆਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।


ਰਾਜ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰੇਮੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੂੰ ਨੋਡਲ ਵਿਭਾਗ ਬਣਾਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਘਰ ਸਥਾਪਤ ਕਰਨ ਦੀ ਜ਼ਿੰਮੇਵਾਰੀ ਵੀ ਇਸ ਵਿਭਾਗ ਨੂੰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਕੇ 60 ਫੀਸਦੀ ਰਾਸ਼ੀ ਦੀ ਮੰਗ ਕੀਤੀ ਗਈ ਸੀ ਪਰ ਕੋਈ ਜਵਾਬ ਨਹੀਂ ਮਿਲਿਆ।


ਸਾਰੇ ਜ਼ਿਲ੍ਹਿਆਂ ਵਿੱਚ ਡੀਸੀ ਵੱਲੋਂ ਪ੍ਰੇਮੀਆਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵਨ ਸਟਾਪ ਸੈਂਟਰ ਵੀ ਖੋਲ੍ਹੇ ਗਏ ਹਨ, ਜਿੱਥੇ ਪੀੜਤ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਨਾਲ ਰਿਹਾਇਸ਼ ਮੁਹੱਈਆ ਕਰਵਾ ਕੇ ਉਚਿਤ ਮਦਦ ਕੀਤੀ ਜਾਂਦੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਹਾਇਤਾ ਅਤੇ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ। ਡਾਇਲ 112 ਅਤੇ ਦੁਰਗਾ ਸ਼ਕਤੀ ਐਪ ਔਰਤਾਂ ਦੀ ਮਦਦ ਲਈ 24 ਘੰਟੇ ਉਪਲਬਧ ਹੈ।


ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਰੋਜ਼ਾਨਾ ਦੇ ਆਧਾਰ ’ਤੇ ਦਾਇਰ ਕੇਸਾਂ ਵਿੱਚ ਖਤਰੇ ਵਾਲੇ ਅਸਲ ਕੇਸਾਂ ਨੂੰ ਅਕਸਰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ ਅਤੇ ਅਦਾਲਤ ’ਤੇ ਕੇਸਾਂ ਦਾ ਬੇਲੋੜਾ ਬੋਝ ਵੀ ਵਧਦਾ ਜਾ ਰਿਹਾ ਹੈ। ਇਸ ਲਈ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜੋੜਿਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਕੰਮ ਕਰੇ, ਤਾਂ ਜੋ ਅਦਾਲਤ 'ਤੇ ਪੈ ਰਹੇ ਵਾਧੂ ਬੋਝ ਨੂੰ ਘੱਟ ਕੀਤਾ ਜਾ ਸਕੇ।10 ਅਪ੍ਰੈਲ ਨੂੰ ਹਾਈ ਕੋਰਟ ਨੇ ਪ੍ਰੇਮੀ ਜੋੜੇ ਦੀ ਸੁਰੱਖਿਆ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਪ੍ਰੇਮੀ ਜੋੜੇ ਨੂੰ ਸ਼ੈਲਟਰ ਹੋਮ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਸੀ। ਹਾਈ ਕੋਰਟ ਨੇ ਸਰਕਾਰ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸਥਾਨਕ ਪੱਧਰ 'ਤੇ ਟੈਲੀਫੋਨ ਸੇਵਾ ਅਤੇ ਇੰਟਰਨੈਟ ਕਨੈਕਟੀਵਿਟੀ ਦੇ ਨਾਲ 24×7 ਹੈਲਪ ਡੈਸਕ ਸਥਾਪਤ ਕਰਨ ਦਾ ਸੁਝਾਅ ਦਿੱਤਾ ਸੀ।