Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Illegal Immigrants in USA: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਕਾਨੂੰਨ, ਲੈਕੇਨ ਰਿਲੇ ਐਕਟ 'ਤੇ ਦਸਤਖਤ ਕੀਤੇ।

Illegal Immigrants in USA: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਕਾਨੂੰਨ, ਲੈਕੇਨ ਰਿਲੇ ਐਕਟ 'ਤੇ ਦਸਤਖਤ ਕੀਤੇ। ਇਹ ਕਾਨੂੰਨ ਸੰਘੀ ਅਧਿਕਾਰੀਆਂ ਨੂੰ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈਣ ਤੇ ਦੇਸ਼ ਨਿਕਾਲਾ ਦੇਣ ਦੀ ਸ਼ਕਤੀ ਦਿੰਦਾ ਹੈ। ਇਸ ਦੌਰਾਨ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਅਪਰਾਧੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਊਬਾ ਦੇ ਨੇੜੇ ਗੁਆਂਟਾਨਾਮੋ ਬੇ ਜੇਲ੍ਹ ਭੇਜਣ ਦੀ ਯੋਜਨਾ ਬਣਾ ਰਿਹਾ ਹੈ। ਇੱਥੇ 30 ਹਜ਼ਾਰ ਬੈੱਡ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਜੇਲ੍ਹ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਮੰਨਿਆ ਜਾਂਦਾ ਹੈ। ਇੱਥੋਂ ਅਣਮਨੁੱਖੀ ਤਸ਼ੱਦਦ ਦੀਆਂ ਖ਼ਬਰਾਂ ਵੀ ਆਈਆਂ ਸਨ।
22 ਸਾਲਾ ਵਿਦਿਆਰਥਣ ਦੇ ਨਾਂ 'ਤੇ ਰੱਖਿਆ ਐਕਟ ਦਾ ਨਾਮ
ਇਸ ਐਕਟ ਦਾ ਨਾਮ ਜਾਰਜੀਆ ਦੀ 22 ਸਾਲਾ ਨਰਸਿੰਗ ਵਿਦਿਆਰਥਣ ਰਿਲੈ ਦੇ ਨਾਮ 'ਤੇ ਰੱਖਿਆ ਗਿਆ ਹੈ। ਪਿਛਲੇ ਸਾਲ ਵੈਨੇਜ਼ੁਏਲਾ ਦੇ ਇੱਕ ਨਾਗਰਿਕ ਨੇ ਉਸ ਦੀ ਹੱਤਿਆ ਕਰ ਦਿੱਤੀ ਸੀ। ਜਦੋਂ ਟਰੰਪ ਨੇ ਐਕਟ 'ਤੇ ਦਸਤਖਤ ਕੀਤੇ ਤਾਂ ਰਿਲੈ ਦੇ ਮਾਤਾ-ਪਿਤਾ ਤੇ ਭੈਣ ਵੀ ਮੌਜੂਦ ਸਨ। ਇਸ ਦੌਰਾਨ, ਟਰੰਪ ਨੇ ਕਿਹਾ, ਮੈਂ ਸਿਰਫ਼ ਇਹੀ ਕਹਿ ਸਕਦਾ ਹਾਂ ਕਿ ਅੱਜ ਜੋ ਹੋ ਰਿਹਾ ਹੈ, ਉਹ ਤੁਹਾਡੀ ਧੀ ਨੂੰ ਸ਼ਰਧਾਂਜਲੀ ਹੈ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਾਨੂੰ ਅਜਿਹਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਟਰੰਪ ਨੇ ਇੱਕ ਵਾਰ ਫਿਰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਕੁਝ ਗੈਰ-ਕਾਨੂੰਨੀ ਪ੍ਰਵਾਸੀ ਹਨ ਜੋ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਵੀ ਆਪਣੇ ਦੇਸ਼ ਵਿੱਚ ਨਹੀਂ ਰਹਿ ਸਕਦੇ। ਅਸੀਂ ਨਹੀਂ ਚਾਹੁੰਦੇ ਕਿ ਉਹ ਵਾਪਸ ਆਉਣ, ਇਸ ਲਈ ਅਸੀਂ ਉਨ੍ਹਾਂ ਨੂੰ ਗੁਆਂਟਾਨਾਮੋ ਭੇਜਾਂਗੇ। ਸਾਡੇ ਕੋਲ ਸਭ ਤੋਂ ਖਤਰਨਾਕ ਵਿਦੇਸ਼ੀ ਅਪਰਾਧੀਆਂ ਨੂੰ ਰੱਖਣ ਲਈ ਗੁਆਂਟਾਨਾਮੋ ਵਿੱਚ 30,000 ਬੈੱਡ ਹਨ।
ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਜਾਰੀ ਕੀਤਾ ਹੁਕਮ
ਦੱਸ ਦਈਏ ਕਿ 20 ਜਨਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦਾਖਲੇ 'ਤੇ ਪਾਬੰਦੀ ਲਾਉਣ, ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਤੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੇ ਕਾਰਜਕਾਰੀ ਆਦੇਸ਼ ਜਾਰੀ ਕੀਤੇ ਸਨ। ਪਿਊ ਰਿਸਰਚ ਸੈਂਟਰ ਅਨੁਸਾਰ, ਸੰਯੁਕਤ ਰਾਜ ਅਮਰੀਕਾ ਵਿੱਚ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਵਾਸੀ ਹਨ। ਦੁਨੀਆ ਦੇ ਕੁੱਲ ਪ੍ਰਵਾਸੀਆਂ ਵਿੱਚੋਂ 20% ਅਮਰੀਕਾ ਵਿੱਚ ਰਹਿੰਦੇ ਹਨ। 2023 ਤੱਕ ਇੱਥੇ ਰਹਿਣ ਵਾਲੇ ਪ੍ਰਵਾਸੀਆਂ ਦੀ ਕੁੱਲ ਗਿਣਤੀ 4.78 ਕਰੋੜ ਸੀ। ਟਰੰਪ ਦਾ ਮੰਨਣਾ ਹੈ ਕਿ ਦੂਜੇ ਦੇਸ਼ਾਂ ਦੇ ਲੋਕ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹਨ ਤੇ ਅਪਰਾਧ ਕਰਦੇ ਹਨ।
ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਸੂਚੀ ਵਿੱਚ 18 ਹਜ਼ਾਰ ਭਾਰਤੀ
ਪਿਛਲੇ ਮਹੀਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ (ICE) ਨੇ ਲਗਪਗ 15 ਲੱਖ ਲੋਕਾਂ ਦੀ ਸੂਚੀ ਤਿਆਰ ਕੀਤੀ ਸੀ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ। ਇਸ ਸੂਚੀ ਵਿੱਚ 18 ਹਜ਼ਾਰ ਭਾਰਤੀ ਸ਼ਾਮਲ ਹਨ। ਰਿਪੋਰਟ ਅਨੁਸਾਰ ਭਾਰਤ ਸਰਕਾਰ ਟਰੰਪ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ ਤਾਂ ਜੋ ਉੱਥੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਦੀ ਪਛਾਣ ਕੀਤੀ ਜਾ ਸਕੇ ਤੇ ਉਨ੍ਹਾਂ ਨੂੰ ਵਾਪਸ ਲਿਆਂਦਾ ਜਾ ਸਕੇ।
ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਮਰੀਕਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲੇ ਵਿੱਚ ਭਾਰਤ ਬਹੁਤ ਹੇਠਾਂ ਹੈ। ਅਮਰੀਕੀ ਕਸਟਮ ਤੇ ਸਰਹੱਦੀ ਸੁਰੱਖਿਆ ਦੇ ਅੰਕੜਿਆਂ ਅਨੁਸਾਰ 2024 ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਵਿੱਚੋਂ ਸਿਰਫ਼ 3% ਭਾਰਤੀ ਨਾਗਰਿਕ ਸਨ। ਇਸ ਵਿੱਚ ਮੈਕਸੀਕੋ, ਵੈਨੇਜ਼ੁਏਲਾ ਤੇ ਗੁਆਟੇਮਾਲਾ ਵਰਗੇ ਲਾਤੀਨੀ ਅਮਰੀਕੀ ਦੇਸ਼ਾਂ ਦਾ ਸਭ ਤੋਂ ਵੱਧ ਹਿੱਸਾ ਹੈ।






















