ਨਵੀ ਦਿੱਲੀ: ਕਾਂਗਰਸ ਨੇ ਅੱਜ ਮੰਗਲਵਾਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਖਿਲਾਫ ਟਿੱਪਣੀ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਾ ਪਾਇਆ। ਕਾਂਗਰਸ ਨੇ ਮੋਦੀ ਖਿਲਾਫ ਪ੍ਰਦਰਸ਼ਨ ਜਾਰੀ ਰੱਖੇ ਤੇ ਡਾ. ਮਨਮੋਹਨ ਸਿੰਘ ਖਿਲਾਫ ਲਾਏ ਇਲਜ਼ਾਮਾਂ ਲਈ ਮਾਫੀ ਮੰਗਣ ਲਈ ਜ਼ੋਰ ਪਾਇਆ।


ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਆਪਣੀ ਉੱਚੀ ਆਵਾਜ਼ ਵਿੱਚ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵੱਲੋਂ ਲਾਏ ਗਏ ਇਲਜ਼ਾਮਾਂ ਦਾ ਕੋਈ ਆਧਾਰ ਹੈ ਤਾਂ ਡਾ. ਮਨਮੋਹਨ ਸਿੰਘ ਵਿਰੁੱਧ ਕੇਸ ਦਰਜ ਕਿਉਂ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ, "ਜੇਕਰ ਪ੍ਰਧਾਨ ਮੰਤਰੀ ਸਹੀ ਸਨ ਤਾਂ ਸਰਕਾਰ ਨੇ ਡਾ. ਮਨਮੋਹਨ ਸਿੰਘ ਤੇ ਫੌਜ ਦੇ ਸਾਬਕਾ ਮੁਖੀ ਜਾਂ ਉੱਥੇ ਮੌਜੂਦ ਹੋਰ ਲੋਕਾਂ ਖਿਲਾਫ ਕੇਸ ਦਰਜ ਕਿਉਂ ਨਹੀਂ ਕੀਤਾ।"

ਸਪੀਕਰ ਸੁਮਿੱਤਰਾ ਮਹਾਜਨ ਨੇ ਕਾਂਗਰਸ ਦੇ ਮੈਂਬਰਾਂ ਨੂੰ ਆਪਣੀਆਂ ਸੀਟਾਂ ਉੱਪ ਬੈਠਣ ਲਈ ਕਿਹਾ ਤੇ ਉਨ੍ਹਾਂ ਦੇ ਵਿਵਹਾਰ ਨੂੰ 'ਗਲਤ' ਕਰਾਰ ਦਿੱਤਾ। ਪ੍ਰਦਰਸ਼ਨ ਜਾਰੀ ਰਹਿਣ ਕਰਕੇ ਸਪੀਕਰ ਸਦਨ ਮੁਲਤਵੀ ਕਰਨ ਲਈ ਮਜਬੂਰ ਹੋ ਗਈ। ਮਹਾਜਨ ਨੇ ਕਿਹਾ ਕਿ ਚੋਣ ਰੈਲੀਆਂ ਵਿੱਚ ਜੋ ਕੁਝ ਹੋਇਆ, ਉਸ ਨੂੰ ਸਦਨ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਏ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਦੌਰਾਨ ਮੋਦੀ ਨੇ ਦਾਅਵਾ ਕੀਤਾ ਸੀ ਕਿ ਅਈਅਰ ਦੇ ਘਰ ਹੋਈ ਬੈਠਕ ਦੌਰਾਨ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਗੁਜਰਾਤ ਚੋਣਾਂ 'ਤੇ ਚਰਚਾ ਕੀਤੀ ਸੀ। ਗੁੱਸੇ ਵਿੱਚ ਆਏ ਡਾ. ਮਨਮੋਹਨ ਸਿੰਘ ਨੇ ਇਸ ਬਿਆਨ 'ਤੇ ਮੋਦੀ ਨੂੰ ਮਾਫੀ ਮੰਗਣ ਲਈ ਕਿਹਾ ਸੀ।