ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਵਿੰਨ੍ਹਿਆ ਹੈ। ਮਨਮੋਹਨ ਸਿੰਘ ਨੇ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨੂੰ ਮੰਗਲਵਾਰ ਨੂੰ ਇੱਕ ਵਾਰ ਫਿਰ ਗਲ਼ਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਿਨਾ ਸੋਚੇ-ਸਮਝੇ ਲਏ ਗਏ ਅਜਿਹੇ ਫੈਸਲਿਆਂ ਕਾਰਨ ਹੀ ਅੱਜ ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਵਧੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਸੰਗਠਿਤ ਖੇਤਰ ਖੰਡਰ ਬਣ ਗਿਆ ਹੈ।



ਡਾ. ਮਨਮੋਹਨ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਮੋਦੀ ਸਰਕਾਰ ਰਾਜਾਂ ਨਾਲ ਬਾਕਾਇਦਾ ਸਲਾਹ-ਮਸ਼ਵਰਾ ਨਹੀਂ ਕਰਦੀ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਰਜ਼ੇ ਦੀ ਸਮੱਸਿਆ ਨੂੰ ਸਰਕਾਰ ਤੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਆਰਜ਼ੀ ਉਪਾਅ ਰਾਹੀਂ ਛੁਪਾਇਆ ਨਹੀਂ ਜਾ ਸਕਦਾ। ਇਹ ਸੰਕਟ ਛੋਟੇ ਤੇ ਦਰਮਿਆਨੇ ਸੈਕਟਰ ਨੂੰ ਪ੍ਰਭਾਵਤ ਕਰ ਸਕਦਾ ਹੈ।

ਡਾ. ਮਨਮੋਹਨ ਸਿੰਘ ਨੇ ਕਿਹਾ, " ਬੇਰੁਜ਼ਗਾਰੀ ਵਧੇਰੇ ਹੈ ਤੇ ਅਸੰਗਠਿਤ ਖੇਤਰ ਤਬਾਹੀ ਮਚਾ ਰਿਹਾ ਹੈ। ਇਹ ਸੰਕਟ ਸਾਲ 2016 ਵਿੱਚ ਬਿਨ੍ਹਾਂ ਸੋਚੇ ਸਮਝੇ ਲਏ ਗਏ ਨੋਟਬੰਦੀ ਦੇ ਫੈਸਲੇ ਤੋਂ ਪੈਦਾ ਹੋਇਆ ਹੈ।"

ਉਨ੍ਹਾਂ ਕਿਹਾ ਕਿ ਆਈਟੀ ਸੈਕਟਰ ਡਿਜੀਟਲ ਮੋਡ ਕਾਰਨ ਕੰਮ ਕਰ ਰਿਹਾ ਹੈ, ਪਰ ਮਹਾਮਾਰੀ ਨੇ ਸੈਰ-ਸਪਾਟਾ ਸੈਕਟਰ ‘ਤੇ ਬਹੁਤ ਬੁਰਾ ਪ੍ਰਭਾਵ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਵੱਲ ਧਿਆਨ ਕੇਂਦਰਤ ਕਰਨ ਕਾਰਨ ਕੇਰਲ ਦੇ ਲੋਕ ਦੇਸ਼ ਤੇ ਵਿਸ਼ਵ ਦੇ ਸਾਰੇ ਹਿੱਸਿਆਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਯੋਗ ਹਨ।