ED Arrests Saket Gokhale : ED ਨੇ TMC ਨੇਤਾ ਸਾਕੇਤ ਗੋਖਲੇ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੀਤਾ ਗ੍ਰਿਫਤਾਰ
ED Arrests Saket Gokhale : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਬੁਲਾਰੇ ਸਾਕੇਤ ਗੋਖਲੇ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਕ ਈਡੀ ਦੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਗੋਖਲੇ ਨੂੰ ਅਹਿਮਦਾਬਾਦ ਸਾਈਬਰ ਕ੍ਰਾਈਮ ਬ੍ਰਾਂਚ ਨੇ 30 ਦਸੰਬਰ 2022 ਨੂੰ ਦਾਨ ਰਾਹੀਂ ਇਕੱਠੇ ਕੀਤੇ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਉਸ 'ਤੇ ਆਈਪੀਸੀ ਦੀਆਂ ਧਾਰਾਵਾਂ 420 (ਧੋਖਾਧੜੀ), 406 (ਭਰੋਸੇ ਦੀ ਅਪਰਾਧਿਕ ਉਲੰਘਣਾ) ਅਤੇ 467 (ਜਾਅਲਸਾਜ਼ੀ) ਦੇ ਤਹਿਤ ਦੋਸ਼ ਲਗਾਏ ਗਏ ਹਨ।
ਇਹ ਵੀ ਪੜ੍ਹੋ : ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ
ਇਸ ਤੋਂ ਪਹਿਲਾਂ ਗੋਖਲੇ ਨੂੰ ਸਾਈਬਰ ਕ੍ਰਾਈਮ ਬ੍ਰਾਂਚ ਨੇ 6 ਦਸੰਬਰ ਨੂੰ ਪੁਲ ਢਹਿ ਜਾਣ ਦੀ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਰਬੀ ਦੌਰੇ 'ਤੇ ਹੋਏ ਖਰਚੇ ਬਾਰੇ ਕਥਿਤ ਤੌਰ 'ਤੇ ਫਰਜ਼ੀ ਖਬਰ ਫੈਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਉਸ ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਸੀ। ਉਦੋਂ ਤੋਂ ਗੋਖਲੇ ਨਿਆਇਕ ਹਿਰਾਸਤ ਵਿੱਚ ਹਨ।
ਹਾਈਕੋਰਟ ਦਾ ਜ਼ਮਾਨਤ ਦੇਣ ਤੋਂ ਇਨਕਾਰ
23 ਜਨਵਰੀ ਨੂੰ ਗੁਜਰਾਤ ਹਾਈ ਕੋਰਟ ਨੇ ਦਾਨ ਰਾਹੀਂ ਇਕੱਠੇ ਕੀਤੇ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਗੋਖਲੇ ਨੂੰ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਦੇ ਜਸਟਿਸ ਸਮੀਰ ਦਵੇ ਨੇ ਗੋਖਲੇ ਨੂੰ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਹੀ ਅਦਾਲਤ ਤੱਕ ਪਹੁੰਚ ਕਰਨ ਲਈ ਕਿਹਾ। ਜਸਟਿਸ ਦਵੇ ਨੇ ਕਿਹਾ, "ਅਸੀਂ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਹੀ ਪਟੀਸ਼ਨ 'ਤੇ ਵਿਚਾਰ ਕਰਾਂਗੇ।"
ਅਹਿਮਦਾਬਾਦ ਦੀ ਇੱਕ ਸੈਸ਼ਨ ਅਦਾਲਤ ਅਤੇ ਇੱਕ ਮੈਜਿਸਟਰੇਟ ਦੀ ਅਦਾਲਤ ਨੇ ਗੋਖਲੇ ਦੀ ਗ੍ਰਿਫਤਾਰੀ ਅਤੇ ਨਜ਼ਰਬੰਦੀ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਟੀਐਮਸੀ ਨੇਤਾ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। ਉਹ 5 ਜਨਵਰੀ ਤੋਂ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਅਹਿਮਦਾਬਾਦ ਦੀ ਇੱਕ ਜੇਲ੍ਹ ਵਿੱਚ ਬੰਦ ਹੈ।