ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹੱਥ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੱਕ ਪਹੁੰਚ ਗਏ ਹਨ। ਅਧਿਕਾਰਤ ਸੂਤਰਾਂ ਮੁਤਾਬਕ ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੰਮਨ ਭੇਜਿਆ ਹੈ। ਇਸ ਕੇਸ ਨੂੰ 2015 ਵਿੱਚ ਜਾਂਚ ਏਜੰਸੀ ਦੁਆਰਾ ਬੰਦ ਕਰ ਦਿੱਤਾ ਗਿਆ ਸੀ।






ਖਬਰ ਏਜੰਸੀ ਏਐਨਆਈ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਹੈ। ਪਾਰਟੀ ਆਗੂਆਂ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਨੋਟਿਸ ਨੈਸ਼ਨਲ ਹੈਰਾਲਡ ਮਾਮਲੇ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਸੋਨੀਆ ਤੇ ਰਾਹੁਲ 8 ਜੂਨ ਨੂੰ ਪੁੱਛਗਿੱਛ ਲਈ ਈਡੀ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋ ਸਕਦੇ ਹਨ।


ਕਾਂਗਰਸ ਨੇ ਕਿਹਾ- ਇਸ ਦਾ ਮਜ਼ਬੂਤੀ ਨਾਲ ਸਾਹਮਣਾ ਕਰੇਗੀ
ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ 2015 'ਚ ਈਡੀ ਨੇ ਇਸ ਮਾਮਲੇ ਨੂੰ ਬੰਦ ਕਰ ਦਿੱਤਾ ਸੀ। ਸੱਤਾਧਾਰੀ ਪਾਰਟੀ ਨੂੰ ਇਹ ਪਸੰਦ ਨਾ ਆਇਆ ਤਾਂ ਈਡੀ ਦੇ ਅਧਿਕਾਰੀਆਂ ਨੂੰ ਹਟਾ ਦਿੱਤਾ ਗਿਆ, ਨਵੇਂ ਲੋਕ ਨਿਯੁਕਤ ਕੀਤੇ ਗਏ ਤੇ ਹੁਣ ਉਹ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਸੰਮਨ ਭੇਜ ਰਹੇ ਹਨ। ਕੁਝ ਦਿਨ ਪਹਿਲਾਂ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਅਸੀਂ ਇਸ ਦਾ ਸਖ਼ਤੀ ਨਾਲ ਸਾਹਮਣਾ ਕਰਾਂਗੇ। ਸੋਨੀਆ 8 ਜੂਨ ਨੂੰ ਪੁੱਛਗਿੱਛ ਲਈ ਜਾਵੇਗੀ, ਜੇਕਰ ਰਾਹੁਲ ਜੀ ਫਰੀ ਰਹੇ ਤਾਂ ਉਹ ਵੀ ਜਾ ਸਕਦੇ ਹਨ।