ਨਵੀਂ ਦਿੱਲੀ: ਚੋਣ ਕਮਿਸ਼ਨ ਦੇਸ਼ ਦੇ ਪੰਜ ਸੂਬੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਿਜ਼ੋਰਮ ਅਤੇ ਤੇਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਉਣ ਦੇ ਰੌਂਅ ਵਿੱਚ ਹੈ। ਚੋਣ ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਇਨ੍ਹਾਂ ਪੰਜਾਂ ਸੂਬਿਆਂ ਵਿੱਚ ਦਸੰਬਰ ਦੇ ਦੂਜੇ ਹਫ਼ਤੇ ਤਕ ਚੋਣ ਪ੍ਰਕਿਰਿਆ ਪੂਰੀ ਕਰਨ ਲਈ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਪੰਜ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੀ ਮਿਆਦ ਵੱਖ-ਵੱਖ ਸਮੇਂ  ਪੂਰੀ ਹੋ ਰਹੀ ਹੈ, ਪਰ ਫਿਰ ਵੀ ਚੋਣਾਂ ਇਕੱਠੀਆਂ ਕਰਵਾਈਆਂ ਜਾਣਗੀਆਂ।


ਛੱਤੀਸਗੜ੍ਹ ਦੀਆਂ ਚੋਣਾਂ ਦੋ ਗੇੜਾਂ ਅਤੇ ਬਾਕੀ ਚਾਰ ਸੂਬਿਆਂ ’ਚ ਇੱਕੋ ਵਾਰ ਹੀ ਕਰਵਾਈਆਂ ਜਾ ਸਕਦੀਆਂ ਹਨ। ਤੇਲੰਗਾਨਾ ਵਿੱਚ ਚੋਣਾਂ ਕਰਾਉਣ ਦੀ ਤਿਆਰੀ ਤੇਜ਼ ਕਰਦਿਆਂ ਚੋਣ ਕਮਿਸ਼ਨ ਨੇ ਬੀਤੇ ਦਿਨ ਐਲਾਨ ਕੀਤਾ ਸੀ ਕਿ ਸੂਬੇ ਦੀ ਅੰਤਿਮ ਚੋਣ ਸੂਚੀ 8 ਅਕਤੂਬਰ ਤਕ ਜਾਰੀ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਤੇਲੰਗਾਨਾ ਦੀ ਟੀਆਰਐਸ ਸਰਕਾਰ ਨੇ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰਨ ਨਾਲ ਕਮਿਸ਼ਨ ਨੇ ਵੋਟਰ ਸੂਚੀਆਂ ਨੂੰ ਸੋਧਣ ਦਾ ਕੰਮ ਮੁੜ ਉਲੀਕਿਆ ਹੈ।

ਮਿਜ਼ੋਰਮ ਵਿਧਾਨ ਸਭਾ ਦੀ ਪੰਜ ਸਾਲਾ ਮਿਆਦ ਆਉਣ ਵਾਲੀ 15 ਦਸੰਬਰ ਨੂੰ ਤੇ ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਧਾਨ ਸਭਾਵਾਂ ਦੀ ਮਿਆਦ 5 ਜਨਵਰੀ, 2019 ਨੂੰ ਪੁੱਗਣੀ ਹੈ। ਚੋਣ ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਂ ਸੂਬਿਆਂ ਦੀਆਂ ਵਿਧਾਨ ਸਭਾ ਦਾ ਚੋਣ ਅਮਲ 15 ਦਸੰਬਰ ਤੋਂ ਪਹਿਲਾਂ ਪੂਰਾ ਕਰਨਾ ਹੋਵੇਗਾ ਤਾਂ ਕਿ ਮਿਜ਼ੋਰਮ ਦੀ ਅਗਲੀ ਵਿਧਾਨ ਸਭਾ ਸਹੀ ਸਮੇਂ ਕਾਇਮ ਕੀਤੀ ਜਾ ਸਕੇ।