ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 8 ਦਸੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ਗਏ ‘ਭਾਰਤ ਬੰਦ’ ਦਾ ਜਿੱਥੇ 10 ਟ੍ਰੇਡ ਯੂਨੀਅਨਾਂ ਨੇ ਸਮਰਥਨ ਕੀਤਾ ਹੈ, ਉੱਥੇ ਹੀ ਖੱਬੇਪੱਖ ਤੇ ਆਰਜੇਡੀ ਸਮੇਤ ਕਈ ਰਾਜਨੀਤਕ ਪਾਰਟੀਆਂ ਸਾਹਮਣੇ ਆਈਆਂ ਹਨ। ਤੇਲੰਗਾਨਾ ਦੀ ਸੱਤਾਧਾਰੀ ਪਾਰਟੀ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਨੇ ਵੀ ਖੁੱਲ੍ਹ ਕੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ।
ਟੀਆਰਐਸ ਨੇ ਐਲਾਨ ਕੀਤਾ ਹੈ ਕਿ ਟੀਆਰਐਸ ਪਾਰਟੀ 8 ਦਸੰਬਰ ਨੂੰ ਭਾਰਤ ਬੰਦ ਦਾ ਪੂਰਾ ਸਮਰਥਨ ਕਰੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇਕੇ ਚੰਦਰਸ਼ੇਕਰ ਰਾਓ ਨੇ ਕਿਹਾ ਕਿ ਟੀਆਰਐਸ ਪਾਰਟੀ ਦੇ ਵਰਕਰ ਇਸ ਭਾਰਤ ਬੰਦ ਵਿੱਚ ਖੁੱਲ੍ਹ ਕੇ ਹਿੱਸਾ ਲੈਣਗੇ। ਇਸੇ ਤਰ੍ਹਾਂ ਆਰਜੇਡੀ ਆਗੂ ਤੇਜਸਵੀ ਯਾਦਵ ਦੀ ਅਗਵਾਈ ਹੇਠ ਵਿਰੋਧੀ ਧਿਰਾਂ ਨੇ ਕਿਸਾਨਾਂ ਨੂੰ ਹਮਾਇਤ ਦੇਣ ਦਾ ਅਹਿਦ ਲਿਆ ਹੈ। ਉਨ੍ਹਾਂ 8 ਦਸੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਵੀ ਹਮਾਇਤ ਦਿੱਤੀ।
ਉਧਰ, ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਮਾਇਤ ਦਿੰਦਿਆਂ ਡੀਐਮਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਕਿ ਉਹ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਖੁਦ ਗੱਲਬਾਤ ਕਰਕੇ ਕਾਨੂੰਨਾਂ ਨੂੰ ਵਾਪਸ ਲੈਣ। ਡੀਐਮਕੇ ਮੁਖੀ ਐਮਕੇ ਸਟਾਲਿਨ ਨੇ ਭਾਰਤ ਬੰਦ ਦੀ ਹਮਾਇਤ ਦਾ ਐਲਾਨ ਕੀਤਾ।
ਕਾਂਗਰਸ ਦੇ ਤਰਜਮਾਨ ਰਣਦੀਪ ਸੁਰਜੇਵਾਲਾ ਨੇ ‘8 ਦਸੰਬਰ ਭਾਰਤ ਬੰਦ’ ਦੇ ਹੈਸ਼ਟੈਗ ਨਾਲ ਟਵੀਟ ਕੀਤਾ,‘ਆਪਣੀ ਕਲਮ ਚੁੱਕੋ, ਅੰਨਦਾਤੇ ਤੋਂ ਮੁਆਫ਼ੀ ਮੰਗੋ ਤੇ ਤੁਰੰਤ ਕਾਲੇ ਕਾਨੂੰਨਾਂ ’ਤੇ ਲੀਕ ਫੇਰੋ।’ ਖੱਬੇ ਪੱਖੀ ਪਾਰਟੀਆਂ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਆਪਣੀ ਹਮਾਇਤ ਦਿੱਤੀ ਹੈ।
ਸੀਪੀਐਮ, ਸੀਪੀਆਈ, ਸੀਪੀਆਈ (ਐਮ-ਐਲ), ਆਰਐਸਪੀ ਤੇ ਆਲ ਇੰਡੀਆ ਫਾਰਵਰਡ ਬਲਾਕ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚਲਾਏ ਜਾ ਰਹੇ ਅੰਦੋਲਨ ਨੂੰ ਪੂਰੀ ਹਮਾਇਤ ਦਿੰਦੇ ਹਨ। ਉਨ੍ਹਾਂ ਆਰਐਸਐਸ/ਭਾਜਪਾ ਵੱਲੋਂ ਅੰਨਦਾਤੇ ਖ਼ਿਲਾਫ਼ ਚਲਾਏ ਜਾ ਰਹੇ ਕੂੜ ਪ੍ਰਚਾਰ ਦੀ ਵੀ ਨਿਖੇਧੀ ਕੀਤੀ ਹੈ। ਕਿਸਾਨਾਂ ਨੂੰ ਹਮਾਇਤ ਦੇਣ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਹੋਰ ਤਾਕਤਾਂ ਨੂੰ ਉਨ੍ਹਾਂ ਅਪੀਲ ਕੀਤੀ ਹੈ ਕਿ ਉਹ 8 ਦਸੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦਾ ਸਾਥ ਦੇਣ।