ਨਵੀਂ ਦਿੱਲੀ: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਪਿਆਜ਼ ਦੇ ਨਿਰਯਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਇਹ ਫੈਸਲਾ ਕੀਮਤਾਂ ਨੂੰ ਕੰਟਰੋਲ ਵਿੱਚ ਰੱਖਣ ਲਈ ਲਿਆ ਗਿਆ ਹੈ। ਵਣਜ ਮੰਤਰਾਲੇ ਨੇ ਕਿਹਾ ਕਿ ਪਿਆਜ਼ ਦੀ ਨਿਰਯਾਤ ਨੀਤੀ ਨੂੰ ਸੋਧਿਆ ਗਿਆ ਹੈ ਤੇ ਅਗਲੇ ਹੁਕਮਾਂ ਤਕ ਰੋਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੇ ਨਿਰਯਾਤ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਾਈ ਗਈ ਹੈ।
ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਆਜ਼ 50 ਤੋਂ 80 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪਿਆਜ਼ ਦੀਆਂ ਵਧਦੀਆਂ ਕੀਮਤਾਂ ਕਾਰਨ ਸਰਕਾਰ ਨੂੰ ਕਾਫੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਹਫਤੇ ਦੇ ਸ਼ੁਰੂ ਵਿੱਚ ਕੇਂਦਰ ਨੇ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਕਈ ਫੈਸਲੇ ਲਏ ਸਨ। ਸਿੱਧੀ ਪ੍ਰਚੂਨ ਵਿਕਰੀ ਲਈ ਸੂਬਿਆਂ ਨੂੰ ਕੇਂਦਰ ਨਾਲ ਉਪਲਬਧ 35,000 ਟਨ ਦੇ ਸਟਾਕ ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ।