ਨਵੀਂ ਦਿੱਲੀ: ਉੱਤਰਾਖੰਡ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਡਟ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਦਿੱਲੀ ਬਾਰਡਰ ਉੱਪਰ ਪਹੁੰਚੇ ਹਨ। ਉਧਰ ਉੱਤਰਾਖੰਡ ਸਰਕਾਰ ਨੇ ਸਖਤੀ ਕਰਦਿਆਂ ਅੰਦੋਲਨਕਾਰੀ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ।


ਇਸ ਦੀ ਪੁਸ਼ਟੀ ਕਰਦਿਆਂ ਬਾਜਪੁਰ ਤੋਂ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਖੜਕ ਸਿੰਘ ਵਿਰਕ ਨੇ ਕਿਹਾ ਹੈ ਕਿ ਉਹ ਉਤਰਾਖੰਡ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਖ਼ਿਲਾਫ਼ ਦਾਇਰ ਕੇਸਾਂ ਦੀ ਪੈਰਵਾਈ ਮੁਫਤ ਕਰਨਗੇ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰਾ ਕਿਸਾਨਾਂ ਦੇ ਹੱਕ ਵਿੱਚ ਖੜ੍ਹਾ ਹੈ। ਉਨ੍ਹਾਂ ਦਾ ਆਪਣਾ ਪਰਿਵਾਰ ਵੀ ਕਿਸਾਨੀ ਅੰਦੋਲਨ ਵਿੱਚ ਡਟਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਹਨ। ਪੁਲਿਸ ਜਾਣਬੁੱਝ ਕੇ ਉਨ੍ਹਾਂ ਨੂੰ ਰੋਕ ਰਹੀ ਹੈ। ਇਹ ਜਮਹੂਰੀਅਤ ਦੇ ਖਿਲਾਫ ਹੈ। ਇਸ ਲਈ ਜਿਨ੍ਹਾਂ ਕਿਸਾਨਾਂ ਖਿਲਾਫ ਕੇਸ ਦਰਜ ਹੋਏ ਹਨ, ਉਹ ਸਾਰੇ ਮੁਕੱਦਮੇ ਉਹ ਮੁਫਤ ਲੜਨਗੇ।

ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਉੱਤਰਾਖੰਡ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕਿਸਾਨਾਂ ਦੇ ਘਰਾਂ ’ਤੇ ਛਾਪੇ ਮਾਰਨੇ ਤੁਰੰਤ ਬੰਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਇਸ ਦਾ ਜਵਾਬ ਦਿੱਤਾ ਜਾਵੇਗਾ।