ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੀ ਬੀਜੇਪੀ ਸਰਕਾਰ ਉਪਰ ਗੰਭੀਰ ਇਲਜ਼ਾਮ ਲਾਏ ਹਨ। ਸਾਂਝਾ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਖੱਟਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ’ਚ ਟਕਰਾਅ ਪੈਦਾ ਕਰਨ ਦੀ ਸਾਜਿਸ਼ ਰਚ ਰਹੀ ਹੈ। ਇਸੇ ਮਕਸਦ ਲਈ 14 ਅਪਰੈਲ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੇ ਸਿੰਘੂ ਸਰਹੱਦ ਨੇੜੇ ਪ੍ਰੋਗਰਾਮ ਰੱਖਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਉਪ ਮੁੱਖ ਮੰਤਰੀ ਨੇ ਕੈਥਲ ਵਿੱਚ ਪ੍ਰੋਗਰਾਮ ਰੱਖਿਆ ਹੈ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਦਲਿਤਾਂ ਤੇ ਕਿਸਾਨਾਂ ਵਿਚਾਲੇ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤਾ ਜਾ ਰਹੀ ਹੈ।
ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਹਰਿਆਣੇ ਦੇ ਕਿਸਾਨ ਲਗਾਤਾਰ ਭਾਜਪਾ-ਜੇਜੇਪੀ ਸਰਕਾਰ ਦਾ ਸਮਾਜਿਕ ਬਾਈਕਾਟ ਕਰ ਰਹੇ ਹਨ। ਹੁਣ ਖੱਟਰ ਸਰਕਾਰ ਆਪਣੇ ਪ੍ਰੋਗਰਾਮਾਂ ਨੂੰ ਇਸ ਤਰ੍ਹਾਂ ਪੇਸ਼ ਕਰ ਸਕਦੀ ਹੈ ਕਿ ਕਿਸਾਨ ਦਲਿਤਾਂ ਨਾਲ ਜੁੜੇ ਪ੍ਰੋਗਰਾਮਾਂ ਦੀ ਆਗਿਆ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਲਿਤਾਂ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਣ ਦੇਣਗੇ, ਪਰ ਭਾਜਪਾ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਕਿਸੇ ਤੋਂ ਲੁਕਿਆ ਨਹੀਂ।
ਕਿਸਾਨ ਲੀਡਰ ਨੇ ਕਿਹਾ ਕਿ 14 ਅਪਰੈਲ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨਾਂ ਤੇ ਮਜ਼ਦੂਰਾਂ ’ਚ ਟਕਰਾਅ ਪੈਦਾ ਕਰਨ ਦੇ ਮਕਸਦ ਨਾਲ ਸਿੰਘੂ ਸਰਹੱਦ ਨੇੜੇ ਪ੍ਰੋਗਰਾਮ ਰੱਖਿਆ ਹੈ। ਇਸ ਤਰ੍ਹਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਨੇ ਕੈਥਲ ਵਿੱਚ ਪ੍ਰੋਗਰਾਮ ਰੱਖਿਆ ਹੈ। ਇਹ ਪ੍ਰੋਗਰਾਮ ਦਲਿਤਾਂ ਦੇ ਨਾਂ ਉੱਪਰ ਰੱਖੇ ਗਏ ਹਨ। ਕਿਸਾਨ ਬੀਜੇਪੀ-ਜੇਜੇਪੀ ਲੀਡਰਾਂ ਦੇ ਪ੍ਰੋਗਰਾਮਾਂ ਦਾ ਵਿਰੋਧ ਕਰ ਰਹੇ ਹਨ। ਹੁਣ ਕਿਸਾਨ ਜਦੋਂ ਇਨ੍ਹਾਂ ਪ੍ਰੋਗਰਾਮਾਂ ਦੀ ਵਿਰੋਧ ਕਰਨਗੇ ਤਾਂ ਸਰਕਾਰ ਕਹੇਗੀ ਕਿ ਕਿਸਾਨਾਂ ਦਲਿਤਾਂ ਦਾ ਵਿਰੋਧ ਕਰ ਰਹੇ ਹਨ।
ਕਿਸਾਨ ਲੀਡਰਾਂ ਨੇ ਇਲਜ਼ਾਮ ਲਾਇਆ ਕਿ ਖੱਟਰ ਸਰਕਾਰ ਇਹ ਪ੍ਰੋਗਰਾਮ ਦਲਿਤਾਂ ਤੇ ਕਿਸਾਨਾਂ ’ਚ ਵਿਰੋਧ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾ ਰਹੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਮੋਰਚਾ ਹਰਿਆਣਾ ਦੀਆਂ ਸਾਰੀਆਂ ਦਲਿਤ ਬਹੁਜਨ ਜਥੇਬੰਦੀਆਂ ਨੂੰ ਅਪੀਲ ਕਰਦਾ ਹੈ ਕਿ ਉਹ ਇਸ ਪ੍ਰੋਗਰਾਮ ਵਿੱਚ ਖੱਟਰ ਸਰਕਾਰ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ।