ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ ਸੁਪਰੀਮ ਕੋਰਟ ਦੇ ਦਖਲ ਤੋਂ ਖੁਸ਼ ਨਹੀਂ ਹਨ। ਕਿਸਾਨ ਲੀਡਰਾਂ ਨੇ ਅਦਾਲਤ ਵੱਲੋਂ ਬਣਾਈ ਮਾਹਿਰਾਂ ਦੀ ਕਮੇਟੀ ਨੂੰ 'ਸਰਕਾਰੀ' ਕਰਾਰ ਦਿੱਤੀ ਹੈ। ਕਿਸਾਨਾਂ ਨੇ ਮਸਲੇ ਦੇ ਹੱਲ ਲਈ ਕਮੇਟੀ ਅੱਗੇ ਪੇਸ਼ ਹੋਣ ਤੋਂ ਵੀ ਨਾਂਹ ਕਰ ਦਿੱਤੀ ਹੈ। ਇਸ ਦੇ ਨਾਲ ਹੀ ਐਲਾਨ ਕੀਤਾ ਹੈ ਕਿ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਕਿਸਾਨਾਂ ਲੀਡਰਾਂ ਨੇ ਦੋ ਟੁਕ ਕਹਿ ਦਿੱਤਾ ਹੈ ਕਿ ਉਹ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖਣਗੇ।

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ‘ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੇ ਮੈਂਬਰਾਂ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਆਪਣੇ ਲੇਖਾਂ ’ਚ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਦੇ ਰਹੇ ਹਨ।’ ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੇ ਜਮੂਦ ਨੂੰ ਤੋੜਨ ਲਈ ਕਦੇ ਵੀ ਸੁਪਰੀਮ ਕੋਰਟ ਵੱਲੋਂ ਕਮੇਟੀ ਗਠਿਤ ਕੀਤੇ ਜਾਣ ਦੀ ਮੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਨਵੇਂ ਘਟਨਾਕ੍ਰਮ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ।

ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਜਿਹੜੀ ਚਾਰ ਮੈਂਬਰੀ ਕਮੇਟੀ ਐਲਾਨੀ ਹੈ, ਉਸ ਦੇ ਸਾਰੇ ਮੈਂਬਰ ਹੀ ਤਿੰਨਾਂ (ਖੇਤੀ) ਕਾਨੂੰਨਾਂ ਦੇ ਪੈਰੋਕਾਰ ਰਹੇ ਹਨ। ਉਹ ਬੀਤੇ ਮਹੀਨਿਆਂ ਦੌਰਾਨ ਸ਼ਰ੍ਹੇਆਮ ਇਨ੍ਹਾਂ ਕਾਨੂੰਨਾਂ ਦੇ ਪੱਖ ਵਿੱਚ ਮਾਹੌਲ ਬਣਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰਦੇ ਆਏ ਹਨ। ਇਹ ਅਫਸੋਸਨਾਕ ਹੈ ਕਿ ਦੇਸ਼ ਦੀ ਸਿਖਰਲੀ ਅਦਾਲਤ ਨੇ ਆਪਣੀ ਸਹਾਇਤਾ ਲਈ ਬਣਾਈ ਇਸ ਕਮੇਟੀ ਵਿੱਚ ਕੋਈ ਵੀ ਨਿਰਪੱਖ ਵਿਅਕਤੀ ਨਹੀਂ ਰੱਖਿਆ।