ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਦਾ ਇਕ ਪਾਸੇ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਤੇ ਪਿਛਲੇ 26 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਕਰ ਰਹੇ ਹਨ। ਅਜਿਹੇ 'ਚ ਆਏ ਦਿਨ ਕਿਸਾਨਾਂ ਦਾ ਕੋਈ ਨਾ ਕੋਈ ਵਫ਼ਦ ਕੇਂਦਰ ਸਰਕਾਰ ਨੂੰ ਮਿਲਦਾ ਹੈ ਤੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਦਾ ਹੈ। ਇਹ ਵਫ਼ਦ ਕਿਹੜੇ ਹਨ ਇਨ੍ਹਾਂ 'ਤੇ ਵੀ ਸਵਾਲ ਉੱਠਣਾ ਲਾਜ਼ਮੀ ਹੈ ਕਿ ਆਖਿਰ ਇਹ ਉਦੋਂ ਹੀ ਆਉਣੇ ਕਿਉਂ ਸ਼ੁਰੂ ਹੋਏ ਜਦੋਂ ਕਿਸਾਨ ਦਿੱਲੀ ਬਾਰਡਰ 'ਤੇ ਡਟੇ ਹਨ।


ਹੁਣ ਫਿਰ ਖ਼ਬਰ ਹੈ ਕਿ ਕਈ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਦੇ ਸਮਰਥਨ 'ਚ ਹਨ ਤੇ ਉਨ੍ਹਾਂ ਕੇਂਦਰ ਨੂੰ ਇਨ੍ਹਾਂ 'ਚ ਸੋਧ ਨਾ ਕਰਨ ਦੀ ਅਪੀਲ ਕੀਤੀ ਹੈ। ਅੱਜ ਕਿਸਾਨ ਸੰਘਰਸ਼ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਕੇ ਨਵੇਂ ਖੇਤੀ ਕਾਨੂੰਨਾਂ 'ਚ ਕਿਸੇ ਤਰ੍ਹਾਂ ਦੀ ਸੋਧ ਨਾ ਕਰਨ ਦੀ ਅਪੀਲ ਕੀਤੀ ਹੈ।





ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ 'ਉੱਤਰ ਪ੍ਰਦੇਸ਼ ਦੇ ਕੁਝ ਕਿਸਾਨ ਲੀਡਰਾਂ ਨੇ ਅੱਜ ਆਕੇ ਮੁਲਾਕਾਤ ਕੀਤੀ ਤੇ ਖੇਤੀ ਕਾਨੂੰਨਾਂ 'ਤੇ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ 'ਤੇ ਕਿਸੇ ਤਰ੍ਹਾਂ ਦੀ ਸੋਧ ਨਹੀਂ ਕੀਤੀ ਜਾਣੀ ਚਾਹੀਦੀ।' ਉਨ੍ਹਾਂ ਅੱਗੇ ਕਿਹਾ ਕਿਸਾਨ ਲੀਡਰਾਂ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਤੇ ਕਿਹਾ ਇਨ੍ਹਾਂ ਤਿੰਨਾਂ ਕਾਨੂੰਨਾਂ ਨਾਲ ਕਿਸਾਨ ਦੀ ਸਥਿਤੀ ਸੁਧਰੇਗੀ ਤੇ ਇਨ੍ਹਾਂ ਨੂੰ ਵਾਪਸ ਨਾ ਲੈਣ ਦੀ ਅਪੀਲ ਕੀਤੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ