Farmers Protest: ਅੱਜ ਕਿਸਾਨ ਅੰਦੋਲਨ ਦਾ 16ਵਾਂ ਦਿਨ ਹੈ। ਖਨੌਰੀ ਤੇ ਸ਼ੰਭੂ ਬਾਰਡਰਾਂ ਉਪਰ ਕਿਸਾਨ ਡਟੇ ਹੋਏ ਹਨ। ਅੱਜ ਕਿਸਾਨ ਲੀਡਰ ਦਿੱਲੀ ਕੂਚ ਬਾਰੇ ਫੈਸਲਾ ਲੈਣਗੇ। ਇਸ ਸਬੰਧੀ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੰਭੂ ਬਾਰਡਰ 'ਤੇ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੀਆਂ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ। ਹੁਣ ਕਿਸਾਨ ਲੀਡਰ ਸਾਂਝੀ ਮੀਟਿੰਗ ਕਰਨਗੇ। ਇਸ ਮਗਰੋਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।



ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕਰਨ ਵਾਲੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਅੱਜ ਵਿਸਥਾਰਤ ਰਣਨੀਤੀ ਬਣਾ ਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਏਗਾ। ਇਸ ਦੇ ਨਾਲ ਹੀ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਹੈ।


 


ਕਿਸਾਨ ਲੀਡਰਾਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਅਜੇ ਤੱਕ ਐਫਆਈਆਰ ਦਰਜ ਨਾ ਕਰਨਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ ਮਿਲੀਭੁਗਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਸਰਕਾਰ ਦਾ ਇਹ ਢਿੱਲਾ ਰਵੱਈਆ ਪੂਰੇ ਸੂਬੇ ਦੇ ਨਾਲ-ਨਾਲ ਦੇਸ਼ ਅੰਦਰ ਵਿਰੋਧੀ ਧਿਰ ਦਾ ਚਿਹਰਾ ਨੰਗਾ ਕਰ ਰਿਹਾ ਹੈ।


ਉਧਰ, ਅੰਦੋਲਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਆ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਹਾ ਸੀ ਕਿ ਐਮਐਸਪੀ 'ਤੇ ਅੰਦੋਲਨ ਬਾਰੇ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਗਈ। ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਆਪਣੇ ਪੱਧਰ 'ਤੇ ਅੰਦੋਲਨ ਸ਼ੁਰੂ ਕੀਤਾ ਹੈ।


ਹੁਣ KMM ਕੋਆਰਡੀਨੇਟਰ ਸਰਵਨ ਸਿੰਘ ਪੰਧੇਰ ਨੇ ਇਸ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਆਗੂਆਂ ਨੂੰ ਮਿਲੇ ਸਨ ਪਰ ਸਾਰਿਆਂ ਨੇ ਕਿਹਾ ਸੀ ਕਿ ਐਮਐਸਪੀ ਨੂੰ ਲੈ ਕੇ ਅੰਦੋਲਨ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਉਹ ਤੇ ਉਨ੍ਹਾਂ ਦੇ ਸਾਥੀ 13 ਵਾਰ ਹਰਿਆਣਾ ਦੇ ਐਸਕੇਐਮ ਤੇ ਕਿਸਾਨ ਆਗੂਆਂ ਨੂੰ ਮਿਲੇ ਹਨ। ਇਸ ਲਈ ਇਹ ਕਹਿਣਾ ਗਲਤ ਹੈ ਕਿ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਨਾਲ ਗੱਲ ਨਹੀਂ ਕੀਤੀ ਗਈ।