Farmers Protest: ਕਿਸਾਨਾਂ ਨੇ ਮੋਦੀ ਸਰਕਾਰ ਨੂੰ ਦੋ ਆਪਸ਼ਨ ਦਿੱਤੇ ਹਨ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਜਾਂ ਤਾਂ ਉਨ੍ਹਾਂ ਨੂੰ ਦਿੱਲੀ ਕੂਚ ਤਹਿਤ ਕੌਮੀ ਰਾਜਧਾਨੀ ਖੇਤਰ ਵਿੱਚ ਜਾਣ ਦਿੱਤਾ ਜਾਵੇ ਤੇ ਜੇਕਰ ਉਨ੍ਹਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦੇਣੀ ਤਾਂ ਘੱਟੋ-ਘੱਟ ਸਮਰਥਨ ਮੁੱਲ ਸਮੇਤ ਉਨ੍ਹਾਂ ਦੀਆਂ ਬਾਕੀ ਮੰਗਾਂ ਮੰਨ ਲਈਆਂ ਜਾਣ। 


ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਦੋ ਵਿਕਲਪ ਦਿੰਦੇ ਹਾਂ। ਪਹਿਲਾ ਇਹ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਜਾਣ ਦਿੱਤਾ ਜਾਵੇ ਤੇ ਦੂਜਾ ਇਹ ਕਿ ਜੇਕਰ ਉਨ੍ਹਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਕੇਂਦਰ ਘੱਟੋ-ਘੱਟ ਸਮਰਥਨ ਮੁੱਲ ਸਮੇਤ ਉਨ੍ਹਾਂ ਦੀਆਂ ਬਾਕੀ ਮੰਗਾਂ ਮੰਨ ਲਵੇ।


ਡੱਲੇਵਾਲ ਨੇ ਚੇਤਾਵਨੀ ਵੀ ਦਿੱਤੀ ਕਿ ਅਜਿਹਾ ਨੇ ਹੋਏ ਕਿ ਉਹ ਆਪਣਾ ਆਪਾ ਖੋਹ ਬੈਠਣ। ਪੰਜਾਬ-ਹਰਿਆਣਾ ਨਾਲ ਲੱਗਦੇ ਸ਼ੰਭੂ ਬਾਰਡਰ 'ਤੇ ਅੱਜ ਸਵੇਰੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਦੇਸ਼ ਕੋਈ ਦੁਖਦ ਤਸਵੀਰ ਦੇਖੇ। ਉਹ ਲੋਕ ਦੇਸ਼ ਦੇ ਹਿੱਤ ਵਿੱਚ ਹੀ ਮਰਨਗੇ। ਕਿਸਾਨ ਆਗੂਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।


ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ ਜਦੋਂ ਵੀ ਗੱਲਬਾਤ ਦਾ ਸੱਦਾ ਮਿਲਿਆ ਤਾਂ ਅਸੀਂ ਇਸ ਵਿੱਚ ਸ਼ਮੂਲੀਅਤ ਕੀਤੀ। ਅਸੀਂ ਹੱਥ ਜੋੜ ਕੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਸਾਡੇ ਨਾਲ ਬੈਠ ਕੇ ਮਸਲੇ ਹੱਲ ਕੀਤੇ ਜਾਣ। ਹਰ ਮੰਗ 'ਤੇ ਚਰਚਾ ਹੋ ਚੁੱਕੀ ਹੈ ਤੇ ਹੁਣ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਮੁਖੀ ਅੱਗੇ ਆ ਕੇ ਕਹਿੰਦਾ ਹੈ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗਾਰੰਟੀ ਕਾਨੂੰਨ ਬਣਾਉਣ ਲਈ ਤਿਆਰ ਹਾਂ ਤਾਂ ਸਥਿਤੀ ਸ਼ਾਂਤ ਹੋ ਸਕਦੀ ਹੈ।


ਪੰਧੇਰ ਨੇ ਅੱਗੇ ਕਿਹਾ ਕਿ ਇੱਥੇ ਹਰ ਮਾਂ ਦਾ ਇਕਲੌਤਾ ਪੁੱਤਰ ਹੈ। ਅਸੀਂ ਆਪਣੇ ਪੱਖ ਤੋਂ ਪੂਰੀ ਤਰ੍ਹਾਂ ਸ਼ਾਂਤਮਈ ਰਹਿਣ ਜਾ ਰਹੇ ਹਾਂ ਪਰ ਅਸੀਂ ਦੇਖਿਆ ਜਾ ਰਿਹਾ ਹੈ ਕਿ ਨੀਮ ਫੌਜੀ ਬਲ ਕਿਸਾਨਾਂ ਤੇ ਮਜ਼ਦੂਰਾਂ ਦੇ ਖੂਨ ਨਾਲ ਹੋਲੀ ਖੇਡਣਾ ਚਾਹੁੰਦੇ ਹਨ। ਇਹ ਦੇਸ਼ ਸਾਰਿਆਂ ਦਾ ਹੈ ਤੇ ਪੀਐਮ ਮੋਦੀ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਸਾਡੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਈ 1.5 ਜਾਂ 2.5 ਲੱਖ ਕਰੋੜ ਰੁਪਏ ਜ਼ਿਆਦਾ ਨਹੀਂ ਹਨ। ਦੇਸ਼ ਦੀ 80 ਫੀਸਦੀ ਆਬਾਦੀ ਇਸ ਪੈਸੇ 'ਤੇ ਨਿਰਭਰ ਹੈ।


ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਜੇਕਰ ਕੇਂਦਰ ਨੂੰ ਲੱਗਦਾ ਹੈ ਕਿ ਸਾਡੀਆਂ ਮੰਗਾਂ ਮੰਨਣ ਵਿੱਚ ਕੋਈ ਦਿੱਕਤ ਆ ਰਹੀ ਹੈ ਤਾਂ ਉਸ ਨੂੰ ਸੰਵਿਧਾਨ ਦੀ ਰਾਖੀ ਹੀ ਕਰਨੀ ਚਾਹੀਦੀ ਹੈ। ਪੀਐਮ ਮੋਦੀ ਨੂੰ ਸੰਵਿਧਾਨ ਦੀ ਰੱਖਿਆ ਕਰਨੀ ਚਾਹੀਦੀ ਹੈ ਤੇ ਬੈਰੀਕੇਡਾਂ ਨੂੰ ਹਟਾਉਣਾ ਚਾਹੀਦਾ ਹੈ ਤੇ ਸਾਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ। 


ਉਨ੍ਹਾਂ ਨੇ ਕਿਹਾ ਕਿ ਕਿਰਪਾ ਕਰਕੇ ਸਾਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਦੀ ਇਜਾਜ਼ਤ ਦਿਓ। ਇਸ ਨਾਲ ਡੈੱਡਲਾਕ ਖਤਮ ਹੋ ਜਾਵੇਗਾ। ਨੌਜਵਾਨਾਂ ਤੋਂ ਲੈ ਕੇ ਕਿਸਾਨਾਂ ਤੱਕ ਅਸੀਂ ਸਾਰੇ ਇੱਕ ਹਾਂ। ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਕੁਝ ਹੋਵੇ, ਜਿਸ ਕਾਰਨ ਦੁਖਦਾਈ ਤਸਵੀਰਾਂ ਦੇਖਣ ਨੂੰ ਮਿਲਣ। ਸਾਡੇ ਪਾਸਿਓਂ ਕੋਈ ਹਮਲਾ ਨਹੀਂ ਹੋਵੇਗਾ। ਹੁਣ ਫੈਸਲਾ ਲੈਣ ਲਈ ਗੇਂਦ ਕੇਂਦਰ ਦੇ ਪਾਲੇ ਵਿੱਚ ਹੈ।