X Disagree With Modi Government order: ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੇ ਅੱਜ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਖਾਤਿਆਂ ਤੇ ਪੋਸਟਾਂ ਨੂੰ ਬਲਾਕ ਕਰਨ ਦੇ ਹੁਕਮਾਂ ਨਾਲ ਅਸਹਿਮਤੀ ਪ੍ਰਗਟਾਈ ਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸੱਦਾ ਦਿੱਤਾ। 


ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਦੀ ਬੇਨਤੀ ‘ਤੇ ਇਲੈਕਟ੍ਰੋਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ 177 ਸੋਸ਼ਲ ਮੀਡੀਆ ਖਾਤਿਆਂ ਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ ਹੁਕਮ ਦਿੱਤੇ ਹਨ। 


ਇਸ ਮਗਰੋਂ ਐਕਸ ਨੇ ਇੱਕ ਪੋਸਟ ਵਿੱਚ ਕਿਹਾ,‘ਭਾਰਤ ਸਰਕਾਰ ਨੇ ਲੋੜੀਂਦੇ ਕਾਰਜਕਾਰੀ ਆਦੇਸ਼ ਜਾਰੀ ਕੀਤੇ ਹਨ। ਆਦੇਸ਼ ਦੀ ਪਾਲਣਾ ਕਰਦੇ ਹੋਏ ਅਸੀਂ ਇਨ੍ਹਾਂ ਖਾਤਿਆਂ ਤੇ ਪੋਸਟਾਂ ਨੂੰ ਸਿਰਫ਼ ਭਾਰਤ ਵਿੱਚ ਹੀ ਬਲਾਕ ਕਰਾਂਗੇ। ਹਾਲਾਂਕਿ ਅਸੀਂ ਇਨ੍ਹਾਂ ਕਾਰਵਾਈਆਂ ਨਾਲ ਅਸਹਿਮਤ ਹਾਂ ਤੇ ਮੰਨਦੇ ਹਾਂ ਕਿ ਇਹ ਪੋਸਟਾਂ ਪ੍ਰਗਟਾਵੇ ਦੀ ਆਜ਼ਾਦੀ ਦੇ ਦਾਇਰੇ ਵਿੱਚ ਆਉਣੀਆਂ ਚਾਹੀਦੀਆਂ ਹਨ।’


ਦੱਸ ਦਈਏ ਕਿ ਐਲੋਨ ਮਸਕ ਦੀ ਸੋਸ਼ਲ ਮੀਡੀਆ ਕੰਪਨੀ ਐਕਸ (ਪਹਿਲਾਂ ਟਵਿੱਟਰ) ਨੇ ਕਿਸਾਨ ਅੰਦੋਲਨ ਨਾਲ ਜੁੜੇ ਕਈ ਖਾਤਿਆਂ ਤੇ ਸਬੰਧਤ ਫੈਨ ਪੇਜਾਂ ਜਾਂ ਖਾਤਿਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਖਾਤਿਆਂ ਵਿੱਚ ਕਈ ਪ੍ਰਮੁੱਖ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਸਮਰਥਕਾਂ ਦੇ ਖਾਤੇ ਵੀ ਸ਼ਾਮਲ ਹਨ। 


ਦਰਅਸਲ, ਭਾਰਤ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਨਾਲ ਸਬੰਧਤ ਖਾਤਿਆਂ ਤੇ ਪੋਸਟਾਂ ਨੂੰ ਮੁਅੱਤਲ ਕਰਨ ਲਈ ਐਕਸ ਨੂੰ ਨਿਰਦੇਸ਼ ਦਿੱਤੇ ਸਨ। ਕੇਂਦਰ ਸਰਕਾਰ ਨੇ ਇਹ ਹੁਕਮ ਕਿਸਾਨਾਂ ਦੇ 'ਦਿੱਲੀ ਚਲੋ ਪ੍ਰਦਰਸ਼ਨ' ਨਾਲ ਜੁੜੇ ਮਾਮਲੇ ਨੂੰ ਲੈ ਕੇ ਜਾਰੀ ਕੀਤਾ ਸੀ। 


ਦੱਸ ਦਈਏ ਪਿਛਲੇ ਕਿਸਾਨ ਅੰਦੋਲਨ ਦੌਰਾਨ ਵੀ ਬਹੁਤ ਸਾਰੇ ਕਿਸਾਨੀ ਆਗੂਆਂ ਤੇ ਕਈ ਪੰਜਾਬੀ ਗਾਇਕਾਂ ਦੇ ਵੀ ਅਕਾਊਂਟ ਟਵਿੱਟਰ ਉੱਤੇ ਬੰਦ ਕਰ ਦਿੱਤੇ ਗਏ ਸੀ। ਇਹ ਪੰਜਾਬੀ ਸਿੰਗਰ ਕਿਸਾਨੀ ਅੰਦੋਲਨ ਨੂੰ ਆਪਣਾ ਸਮਰਥਨ ਦੇ ਰਹੇ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।