Farmers Protest: ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਣੇ ਕਈ ਹੋਰ ਜਥੇਬੰਦੀਆਂ ਦੀ ਹਮਾਇਤ ਮਗਰੋਂ ਕਿਸਾਨ ਅੰਦੋਲਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਨੂੰ ਫੈਲਦਾ ਵੇਖ ਕੇਂਦਰ ਸਰਕਾਰ ਇਸ ਨੂੰ ਜਲਦ ਹੀ ਗੱਲਬਾਤ ਰਾਹੀਂ ਸੁਲਝਾਉਣਾ ਚਾਹੁੰਦੀ ਹੈ। ਇਸ ਲਈ ਅੱਜ ਕਿਸਾਨ ਲੀਡਰਾਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ।
ਦੂਜੇ ਪਾਸੇ ਦਿੱਲੀ ਕੂਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀਆਂ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ ਡਟੇ ਹੋਏ ਹਨ। ਸਰਹੱਦਾਂ ਉਪਰ ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਨੇ ਸਖਤ ਬੈਰੀਕੇਡਿੰਗ ਕੀਤੀ ਹੋਈ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਹੀ ਕਿਸਾਨ ਅੱਗੇ ਵਧਣ ਬਾਰੇ ਫੈਸਲਾ ਲੈਣਗੇ। ਅੱਜ ਸ਼ਾਮ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਮੀਟਿੰਗ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ’ਤੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।
ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸ਼ੰਭੂ ਸਰਹੱਦ ਵਿਖੇ ਸਾਡਾ ਛੇਵਾਂ ਦਿਨ ਹੈ। ਅੱਜ ਅਸੀਂ ਸਰਕਾਰ ਨਾਲ ਮੀਟਿੰਗ ਕਰ ਰਹੇ ਹਾਂ। ਸਰਕਾਰ ਨੇ ਕੁਝ ਸਮਾਂ ਮੰਗਿਆ ਹੈ ਤੇ ਕਿਹਾ ਹੈ ਕਿ ਉਹ ਇਸ ਮਾਮਲੇ 'ਤੇ ਚਰਚਾ ਕਰੇਗੀ। ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਸਾਰੇ ਟੋਲ ਫਰੀ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨ ਟੋਲ ਫਰੀ ਕਰਵਾ ਰਹੇ ਹਨ।
ਉਗਰਾਹਾਂ ਧੜੇ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਢਿੱਲੋਂ ਦੇ ਘਰਾਂ ਅੱਗੇ ਧਰਨੇ ਵੀ ਦਿੱਤੇ ਜਾ ਰਹੇ ਹਨ। ਬੀਕੇਯੂ ਉਗਰਾਹਾਂ ਯੂਨੀਅਨ ਦਾ ਦਾਅਵਾ ਹੈ ਕਿ ਕਿਸਾਨਾਂ ਦੇ ਸਮਰਥਨ ਵਿੱਚ ਸੂਬੇ ਦੇ 13 ਜ਼ਿਲ੍ਹਿਆਂ ਵਿੱਚ 21 ਥਾਵਾਂ ’ਤੇ ਟੋਲ ਫਰੀ ਕੀਤਾ ਗਿਆ ਹੈ।
ਬੀਕੇਯੂ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਹੁਣ ਤੱਕ 2 ਦਿਨਾਂ (17-18 ਫਰਵਰੀ) ਲਈ ਟੋਲ ਆਪ੍ਰੇਸ਼ਨ ਬੰਦ ਕੀਤਾ ਹੈ। ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਮੈਂਬਰਾਂ ਦੀ ਬੈਠਕ ਤੋਂ ਬਾਅਦ ਵਿਰੋਧ ਨੂੰ ਹੋਰ ਲੰਮਾ ਕਰਨ ਦਾ ਫੈਸਲਾ ਲਿਆ ਜਾਵੇਗਾ।
ਉਂਝ ਅੰਦੋਲਨ ਦੀ ਹਮਾਇਤ ਕਰ ਰਹੀ ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਨੂੰ ਕੇਂਦਰ ਵੱਲੋਂ ਗੱਲਬਾਤ ਵਿੱਚ ਸ਼ਾਮਲ ਹੋਣ ਦਾ ਸੱਦਾ ਨਹੀਂ ਮਿਲਿਆ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਕੋਕਰੀ ਕਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਦੀ ਗੱਲਬਾਤ ਸਬੰਧੀ ਕੋਈ ਸੁਨੇਹਾ ਨਹੀਂ ਮਿਲਿਆ। ਹਾਲਾਂਕਿ ਉਹ ਅੰਦੋਲਨ ਨੂੰ ਸਮਰਥਨ ਦਿੰਦੇ ਰਹਿਣਗੇ।
ਉਧਰ, ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਵਿੱਚ 19 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਹਰਿਆਣਾ ਦੇ ਗ੍ਰਹਿ ਸਕੱਤਰ ਨੇ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਬੁਲਾਈ ਹੈ। ਇੱਥੋਂ ਹੀ ਹਰਿਆਣਾ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ।