Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Farmers Protest: ਦਿੱਲੀ ਕੂਚ ਦੌਰਾਨ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਪੰਗਾ ਪੈ ਸਕਦਾ ਹੈ। ਪੰਜਾਬ ਦੇ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ
Farmers Protest: ਦਿੱਲੀ ਕੂਚ ਦੌਰਾਨ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਪੰਗਾ ਪੈ ਸਕਦਾ ਹੈ। ਪੰਜਾਬ ਦੇ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ ਲੈ ਕੇ ਹਰਿਆਣਾ ਸਰਕਾਰ ਵੀ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ ਵਿੱਚ ਉਦੋਂ ਹੀ ਦਾਖ਼ਲਾ ਦਿੱਤਾ ਜਾਵੇਗਾ ਜਦੋਂ ਉਹ ਦਿੱਲੀ ਜਾਣ ਦੀ ਇਜਾਜ਼ਤ ਦਿਖਾਉਣਗੇ। ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਉਹ ਦਿੱਲੀ ਵਿੱਚ ਕਿੱਥੇ ਵਿਰੋਧ ਪ੍ਰਦਰਸ਼ਨ ਕਰਨਗੇ।
ਕਿਸਾਨਾਂ ਨੂੰ ਲਿਖਤੀ ਤੌਰ 'ਤੇ ਇਹ ਵੀ ਦੇਣਾ ਹੋਵੇਗਾ ਕਿ ਉਹ ਰਾਤ ਦੇ ਠਹਿਰਾਅ ਦੌਰਾਨ ਪੱਕਾ ਧਰਨਾ ਨਹੀਂ ਲਾਉਣਗੇ। ਇਨ੍ਹਾਂ ਸਾਰੇ ਨੁਕਤਿਆਂ 'ਤੇ ਵਿਚਾਰ ਕਰਨ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4:30 ਵਜੇ ਅੰਬਾਲਾ ਵਿੱਚ ਹੋਵੇਗੀ। ਮੀਟਿੰਗ ਦਾ ਸੱਦਾ ਅੰਬਾਲਾ ਦੇ ਐਸਪੀ ਵੱਲੋਂ ਭੇਜਿਆ ਗਿਆ ਹੈ। ਜੇਕਰ ਕਿਸਾਨ ਤੇ ਪੁਲਿਸ ਸਹਿਮਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਪਹੁੰਚਣ ਲਈ ਹਰਿਆਣਾ ਦੇ ਰਸਤੇ ਵਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਹਾਸਲ ਜਾਣਕਾਰੀ ਮੁਤਾਬਕ ਹਰਿਆਣਾ-ਪੰਜਾਬ ਦੀ ਖਨੌਰੀ ਤੇ ਸ਼ੰਭੂ ਸਰਹੱਦ 'ਤੇ ਪੁਲਿਸ ਨੇ ਗਸ਼ਤ ਵਧਾ ਦਿੱਤੀ ਹੈ। ਸਰਹੱਦਾਂ 'ਤੇ 24 ਘੰਟੇ ਨਜ਼ਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀ ਵਿਸ਼ੇਸ਼ ਡਿਊਟੀ ਲਾਈ ਗਈ ਹੈ। ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਪੰਜਾਬ ਤੋਂ ਆਉਣ ਵਾਲੇ ਹਰ ਵਾਹਨ ਦੀ ਚੰਗੀ ਤਰ੍ਹਾਂ ਚੈਕਿੰਗ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਟਰੈਕਟਰਾਂ ਦੇ ਦਾਖਲੇ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਇਸ ਦੇ ਨਾਲ ਹੀ ਅੰਬਾਲਾ ਸਮੇਤ ਜੀਟੀ ਰੋਡ 'ਤੇ ਪੈਂਦੇ ਜ਼ਿਲ੍ਹਿਆਂ ਤੇ ਦਿੱਲੀ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਅਲਰਟ ਮੋਡ 'ਤੇ ਰੱਖਿਆ ਗਿਆ ਹੈ। ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਾਧੂ ਪੁਲਿਸ ਤਾਇਨਾਤ ਕੀਤੀ ਜਾ ਰਹੀ ਹੈ। ਹਰਿਆਣਾ ਦੇ ਐਕਸਪ੍ਰੈਸ ਵੇਅ ਸਮੇਤ ਦਿੱਲੀ ਨੂੰ ਜਾਣ ਵਾਲੀਆਂ ਸਰਹੱਦਾਂ ’ਤੇ ਚੈਕਿੰਗ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਟ੍ਰੈਫਿਕ ਦਬਾਅ ਵਧਣ ਦੇ ਮਾਮਲੇ ਵਿੱਚ, ਪੁਲਿਸ ਨੇ ਇੱਕ ਰੂਟ ਡਾਇਵਰਸ਼ਨ ਯੋਜਨਾ ਲਾਗੂ ਕੀਤੀ ਹੈ।
ਪੁਲਿਸ ਨੇ ਲੋਕਾਂ ਨੂੰ ਬਦਲਵੇਂ ਰਸਤਿਆਂ ਤੇ ਮੈਟਰੋ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਟ੍ਰੈਫਿਕ ਪੁਲਿਸ ਅਨੁਸਾਰ ਯਮੁਨਾ ਐਕਸਪ੍ਰੈਸ ਵੇਅ ਤੋਂ ਦਿੱਲੀ ਵਾਇਆ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸਵੇਅ ਤੇ ਸਿਰਸਾ ਤੋਂ ਸੂਰਜਪੁਰ ਵਾਇਆ ਪਰੀ ਚੌਂਕ ਦੇ ਰਸਤੇ 'ਤੇ ਹਰ ਤਰ੍ਹਾਂ ਦੇ ਮਾਲ ਵਾਹਨਾਂ ਦੇ ਆਉਣ 'ਤੇ ਪਾਬੰਦੀ ਹੋਵੇਗੀ।
ਇਸ ਦੌਰਾਨ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਯੂ-ਟਰਨ ਲੈ ਰਹੀ ਹੈ। ਭਾਜਪਾ ਦੇ ਕਈ ਬੁਲਾਰੇ ਕਹਿ ਰਹੇ ਹਨ ਕਿ ਮੇਜ਼ 'ਤੇ ਬੈਠਣਾ ਚਾਹੀਦਾ ਹੈ। ਕੇਂਦਰ ਨੇ 18 ਫਰਵਰੀ ਤੋਂ ਗੱਲਬਾਤ ਤੋੜ ਦਿੱਤੀ ਹੈ। ਗੱਲਬਾਤ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ। ਜਦਕਿ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੇ ਕਿਹਾ ਹੈ ਕਿ ਪੰਜਾਬ 'ਚ ਧਰਨੇ ਲਾਏ ਜਾਣੇ ਚਾਹੀਦੇ ਹਨ। ਕਾਂਗਰਸ ਦੀ ਜੋ ਸਰਕਾਰ ਐਮਐਸਪੀ ਨਹੀਂ ਦੇ ਰਹੀ, ਧਰਨਾ ਉੱਥੇ ਲਾਇਆ ਜਾਣਾ ਚਾਹੀਦਾ ਹੈ। ਅਸੀਂ ਤਾਂ MSP ਦੇ ਰਹੇ ਹਾਂ। ਕਾਂਗਰਸ ਨੇ ਐਮਐਸਪੀ ਨੂੰ ਬੰਦ ਕਰਨ ਬਾਰੇ ਝੂਠ ਫੈਲਾਇਆ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਮਐਸਪੀ ਵਧਾ ਕੇ ਜਵਾਬ ਦੇ ਦਿੱਤਾ ਹੈ।