Farmers Protest: ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਹਰਿਆਣਾ ਸਰਕਾਰ ਅਲਰਟ ਹੋ ਗਈ ਹੈ। ਪੰਜਾਬ ਨਾਲ ਲੱਗਦੀਆਂ ਹਰਿਆਣਾ ਦੀਆਂ ਹੱਦਾਂ ਉਪਰ ਪੁਲਿਸ ਵੱਲੋਂ ਬੈਰੀਕੇਡਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਹਰਿਆਣਾ ਦੇ ਸੋਨੀਪਤ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਕਿਸਾਨਾਂ ਨੇ ਵੀ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।



ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (SKM) ਗੈਰ-ਸਿਆਸੀ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਸੱਦੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਹਰਿਆਣਾ ਦੇ ਸੋਨੀਪਤ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ। ਪੁਲਿਸ ਨੇ ਅਗਲੇ ਹੁਕਮਾਂ ਤੱਕ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਕਿਸੇ ਵੀ ਤਰ੍ਹਾਂ ਦੇ ਪੋਸਟਰ ਲਾਉਣ, ਮੀਟਿੰਗਾਂ ਕਰਨ, ਪੈਦਲ ਜਾਂ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਨਾਲ ਜਲੂਸ ਕੱਢਣ ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲ਼ਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।


ਕਿਸਾਨ ਲੀਡਰਾਂ ਨੇ ਦੱਸਿਆ ਕਿ 13 ਫਰਵਰੀ ਨੂੰ ‘ਦਿੱਲੀ ਮਾਰਚ’ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਨੂੰ ‘ਕਿਸਾਨ ਅੰਦੋਲਨ-2’ ਦਾ ਨਾਂ ਦਿੱਤਾ ਗਿਆ ਹੈ। ਇਸ ਮਾਰਚ ਵਿੱਚ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਇਨ੍ਹਾਂ ਵਿੱਚ ਹਰਿਆਣਾ ਤੋਂ 7, ਪੰਜਾਬ ਤੋਂ 10 ਤੇ ਹਿਮਾਚਲ ਪ੍ਰਦੇਸ਼ ਦੀ ਇੱਕ ਕਿਸਾਨ ਜਥੇਬੰਦੀ ਸ਼ਾਮਲ ਹੈ। ਮੰਗਲਵਾਰ ਨੂੰ ਸੋਨੀਪਤ ਦੇ ਖਰਖੌਦਾ ਤੇ ਗੋਹਾਨਾ ਵਿੱਚ ਕਿਸਾਨ ਸੰਗਠਨਾਂ ਨੇ ਟਰੈਕਟਰ ਮਾਰਚ ਕੱਢਿਆ ਤੇ ਦਿੱਲੀ ਮਾਰਚ ਲਈ ਰਿਹਰਸਲ ਕੀਤੀ।


ਉਧਰ, ਹਰਿਆਣਾ ਵਿੱਚ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਮਾਰਚ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਜਾਟਾਂ ਦੀ ਵੱਡੀ ਖਾਪ ਗਠਵਾਲਾ ਖਾਪ ਦੇ ਕੌਮੀ ਪ੍ਰਧਾਨ ਦਾਦਾ ਬਲਜੀਤ ਸਿੰਘ ਮਲਿਕ ਨੇ ਵੀ ਕਿਹਾ ਕਿ ਦਿੱਲੀ ਮਾਰਚ ਕਿਸਾਨਾਂ ਦੇ ਹਿੱਤ ਵਿੱਚ ਨਹੀਂ। ਉਨ੍ਹਾਂ ਨੇ ਅਪੀਲ ਕੀਤੀ ਕਿ ਅਜਿਹੀ ਲਹਿਰ ਲਈ ਇੱਥੋਂ ਦੀ ਜ਼ਮੀਨ ਦੀ ਵਰਤੋਂ ਨਾ ਕੀਤੀ ਜਾਵੇ।