Farmers Protest: ਕਿਸਾਨ ਅੰਦੋਲਨ ਨੂੰ ਮਿਲ ਰਹੇ ਹੁੰਗਾਰੇ ਤੋਂ ਸਰਕਾਰ ਮੁੜ ਘਬਰਾਉਣ ਲੱਗੀ ਹੈ। ਇੱਕ ਪਾਸੇ ਹਰਿਆਣਾ ਸਰਕਾਰ ਨੇ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਹੋਰ ਸਖਤੀ ਕਰ ਦਿੱਤੀ ਹੈ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਉਪਰ ਡਿਜ਼ੀਟਲ ਹਮਲਾ ਕੀਤਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਬਲੌਕ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਨਾਲ ਹੀ ਪੰਜਾਬ ਅੰਦਰ ਵੀ ਇੰਟਰਨੈੱਟ ਬੰਦ ਹੋਣ ਦੀਆਂ ਖਬਰਾਂ ਵੀ ਆ ਰਹੀਆਂ ਹਨ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਲਈ 14 ਦਸੰਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਤੋਂ ਮੋੜ ਦਿੱਤਾ। ਸਰਕਾਰ ਨੂੰ ਖਦਸ਼ਾ ਹੈ ਕਿ ਇਸ ਵਾਰ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵਧ ਸਕਦੇ ਹਨ।
ਇਸ ਲਈ ਹਰਿਆਣਾ ਤੇ ਕੇਂਦਰ ਸਰਕਾਰਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦੇ ਸੋਸ਼ਲ ਮੀਡੀਆ ਅਕਾਉਂਟ ਬੰਦ ਹੋਣ ਲੱਗੇ ਹਨ। ਕਿਸਾਨ ਅੰਦੋਲਨ ਨਾਲ ਸਬੰਧਤ ਫੋਟੋਆਂ ਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) 'ਤੇ ਸ਼ੇਅਰ ਕਰਦੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਪਹੁੰਚ ਵੀ ਘਟ ਗਈ ਹੈ।
ਕਿਸਾਨ ਆਗੂ ਤੇਜਬੀਰ ਸਿੰਘ ਨੇ ਦੱਸਿਆ ਕਿ ਜਦੋਂ ਮੰਗਲਵਾਰ ਨੂੰ ਉਸ ਨੇ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਪਾਉਣੀ ਸ਼ੁਰੂ ਕੀਤੀ ਤਾਂ ਉਹ ਅਪਲੋਡ ਨਹੀਂ ਹੋਈ। ਫਿਰ ਉਨ੍ਹਾਂ ਨੂੰ ਪਤਾ ਲੱਗਾ ਕਿ ਫੇਸਬੁੱਕ ਪੇਜ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦਾ ਪੇਜ ਵੀ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਹੀ ਸਭ ਕੁਝ ਕਰ ਰਹੀ ਹੈ। ਮੰਗਲਵਾਰ ਨੂੰ ਹੀ ਲੋਕਾਂ ਨੂੰ ਕਿਸਾਨਾਂ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਨ ਲਈ ਕਿਹਾ ਗਿਆ ਸੀ।
ਉਧਰ, ਦੂਜੇ ਪਾਸੇ ਹਰਿਆਣਾ ਪੁਲਿਸ ਕਿਸਾਨਾਂ ਦੇ ਪੰਡਾਲ ਤੋਂ ਕਰੀਬ 500 ਮੀਟਰ ਦੀ ਦੂਰੀ ’ਤੇ ਪੁਲ ’ਤੇ ਬਣੇ ਸ਼ੈੱਡ ਨੂੰ ਮਜ਼ਬੂਤ ਕਰ ਰਹੀ ਹੈ। ਛੱਤ 'ਤੇ ਲੋਹੇ ਦੇ ਐਂਗਲ ਲਗਾਏ ਗਏ ਹਨ ਤਾਂ ਜੋ ਕੋਈ ਉੱਪਰ ਨਾ ਚੜ੍ਹ ਸਕੇ। ਇਸੇ ਥਾਂ ਤੋਂ 8 ਦਸੰਬਰ ਨੂੰ ਪੁਲਿਸ ਨੇ ਪਹਿਲਾਂ ਕਿਸਾਨਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਤੇ ਬਾਅਦ ਵਿੱਚ ਅੱਥਰੂ ਗੈਸ ਦੇ ਗੋਲੇ ਛੱਡੇ ਸੀ।