Farmers Protest 2.0: ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੁਲਿਸ ਵੱਲੋਂ ਕਿਸਾਨ ਅੰਦੋਲਨ ਕਾਰਨ ਰੂਟ ਬਦਲੇ ਹਨ। ਡੀਜੀਪੀ ਸ਼ਤਰੂਜੀਤ ਕਪੂਰ ਨੇ ਕਿਹਾ ਹੈ ਕਿ ਸਿਰਫ਼ ਦਿੱਲੀ ਤੋਂ ਚੰਡੀਗੜ੍ਹ ਤੇ ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਰੂਟ ਡਾਇਵਰਸ਼ਨ ਕੀਤੇ ਗਏ ਹਨ।
ਹਰਿਆਣਾ ਪੁਲਿਸ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਚੰਡੀਗੜ੍ਹ ਜਾਂ ਪੰਚਕੂਲਾ ਤੋਂ ਦਿੱਲੀ ਜਾਣ ਲਈ ਕੁੰਡਲੀ ਬਾਰਡਰ ਤੇ ਟਿੱਕਰੀ ਬਾਰਡਰ ਤੋਂ ਬਚਿਆ ਜਾਏ। ਇਸ ਦੇ ਨਾਲ ਹੀ ਗੁੜਗਾਓਂ, ਫਰੀਦਾਬਾਦ, ਗਾਜ਼ੀਆਬਾਦ ਜਾਂ ਦਿੱਲੀ ਜਾਣ ਲਈ ਕੇਐਮਪੀ ਦੀ ਵਰਤੋਂ ਕੀਤੀ ਜਾਏ। ਪੁਲਿਸ ਨੇ ਕਿਹਾ ਹੈ ਕਿ ਬਾਕੀ ਹਰਿਆਣਾ ਵਿੱਚ ਆਵਾਜਾਈ ਆਮ ਵਾਂਗ ਹੈ।
ਉਨ੍ਹਾਂ ਨੇ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ 'ਤੇ ਕਿਸੇ ਵੀ ਗੁੰਮਰਾਹਕੁੰਨ ਪੋਸਟ ਨੂੰ ਬਣਾਉਣ ਜਾਂ ਅੱਗੇ ਭੇਜਣ ਤੋਂ ਗੁਰੇਜ਼ ਕਰਨ ਤੇ ਇਸ ਦੀ ਪੂਰੀ ਤਸਦੀਕ ਕਰਨ। ਕਿਸੇ ਵੀ ਤਰ੍ਹਾਂ ਦਾ ਗੁੰਮਰਾਹਕੁੰਨ ਪ੍ਰਚਾਰ ਕਰਨ ਜਾਂ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਵਿੱਚ 19 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਹਰਿਆਣਾ ਦੇ ਗ੍ਰਹਿ ਸਕੱਤਰ ਨੇ ਜਾਰੀ ਕੀਤਾ ਹੈ।
ਉਧਰ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਤਵਾਰ (18 ਫਰਵਰੀ) ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਦ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੀਐਮ ਮੋਦੀ ਇੱਛਾ ਸ਼ਕਤੀ ਦਿਖਾਉਣ ਤਾਂ ਸਮੱਸਿਆ ਦਾ ਹੱਲ ਹੋ ਸਕਦਾ ਹੈ। ਉਨ੍ਹਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਕਿਸਾਨਾਂ ਨਾਲ ਗੱਲ ਕਰਨ ਦੀ ਬੇਨਤੀ ਕੀਤੀ ਗਈ। ਐਮਐਸਪੀ ਸਮੇਤ ਖੇਤੀ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਅੱਜ ਉਨ੍ਹਾਂ ਦੇ ਪ੍ਰਦਰਸ਼ਨ ਦਾ ਛੇਵਾਂ ਦਿਨ ਹੈ।
ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ, 'ਸ਼ੰਭੂ ਸਰਹੱਦ 'ਤੇ ਸਾਡੇ ਧਰਨੇ ਦਾ ਅੱਜ ਛੇਵਾਂ ਦਿਨ ਹੈ। ਅੱਜ ਅਸੀਂ ਸਰਕਾਰ ਨਾਲ ਵੀ ਗੱਲਬਾਤ ਕਰ ਰਹੇ ਹਾਂ। ਸਰਕਾਰ ਨੇ ਸਾਡੇ ਤੋਂ ਕੁਝ ਸਮਾਂ ਮੰਗਿਆ ਸੀ ਤੇ ਕਿਹਾ ਸੀ ਕਿ ਉਹ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢੇਗੀ। ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਤਿੰਨ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਪਿਛਲੀਆਂ ਤਿੰਨ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਇਸ ਦੌਰਾਨ ਹੁਣ ਚੌਥੇ ਦੌਰ ਦੀ ਗੱਲਬਾਤ ਹੋਣੀ ਹੈ।