Farmers Protest: ਹਰਿਆਣਾ ਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ ਹੁਣ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਰਿਹਾਅ ਕਰਵਾਉਣ ਲਈ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਕਿਸਾਨਾਂ ਨੇ 17 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਹੁਣ ਨਵਦੀਪ ਸਿੰਘ ਜਲਬੇੜਾ ਦੀ ਰਿਹਾਈ ਲਈ ਆਰਪਾਰ ਦੀ ਲੜਾਈ ਲੜਨ ਲਈ ਤਿਆਰ ਹਨ।
ਕਿਸਾਨਾਂ ਨੇ ਇਸ ਸਬੰਧੀ 6 ਜੁਲਾਈ ਨੂੰ ਬਲਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਬੁਲਾਈ ਹੈ। ਇਸ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੋਹਰੀ ਤੇ ਹਰਿਆਣਾ ਤੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਆਗੂ ਸ਼ਮੂਲੀਅਤ ਕਰਨਗੇ।
ਦੱਸ ਦਈਏ ਕਿ ਕਿਸਾਨ ਆਗੂ ਨਵਦੀਪ ਨੇ ਇਸ ਵਾਰ ਵੀ ਕਿਸਾਨ ਅੰਦੋਲਨ ਵਿੱਚ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਪੰਜਾਬ ਵਿੱਚ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਰਿਆਣਾ ਦੇ ਕਿਸਾਨਾਂ ਨੂੰ ਇੱਕਜੁੱਟ ਕਰ ਲਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਲਗਾਤਾਰ ਚੁਣੌਤੀ ਦਿੱਤੀ ਜਾ ਰਹੀ ਸੀ।
ਇਸ ਕਾਰਨ ਉਹ ਕਾਫੀ ਸਮੇਂ ਤੋਂ ਹਰਿਆਣਾ ਪੁਲਿਸ ਦੇ ਨਿਸ਼ਾਨੇ 'ਤੇ ਸੀ। ਅੰਦੋਲਨ ਦੌਰਾਨ ਨਵਦੀਪ ਆਪਣੇ ਹੋਰ ਸਾਥੀਆਂ ਨਾਲ ਬਖਤਰਬੰਦ ਪੋਕਲੇਨ ਮਸ਼ੀਨ ਲੈ ਕੇ ਆਇਆ ਸੀ ਤੇ ਹਰਿਆਣਾ ਸਰਕਾਰ ਨੂੰ ਚੁਣੌਤੀ ਦਿੱਤੀ ਸੀ। ਨਵਦੀਪ ਸਿੰਘ ਜਲਬੇੜਾ ਤੇ ਉਨ੍ਹਾਂ ਦੇ ਸਾਥੀ ਨੂੰ ਪੁਲਿਸ ਨੇ ਮਾਰਚ ਮਹੀਨੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਭਾਵੇਂ ਨਵਦੀਪ ਸਿੰਘ ਦੇ ਸਾਥੀ ਗੁਰਕੀਰਤ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ ਪਰ ਨਵਦੀਪ ਸਿੰਘ ਜਲਬੇੜਾ ਇਸ ਸਮੇਂ ਅੰਬਾਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।