Farms Law Repealed: ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਕਦੋਂ ਖ਼ਤਮ ਹੋਵੇਗਾ, ਇਸ ਦੀ ਤਸਵੀਰ ਸ਼ਨੀਵਾਰ ਨੂੰ ਸਪੱਸ਼ਟ ਹੋ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੀ ਸ਼ਨੀਵਾਰ ਸਵੇਰੇ ਸਿੰਘੂ ਬਾਰਡਰ 'ਤੇ ਬੈਠਕ 'ਚ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਅਤੇ ਪ੍ਰਦਰਸ਼ਨ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲੈਣ ਵਰਗੀਆਂ ਲਟਕਦੀਆਂ ਮੰਗਾਂ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਦੌਰਾਨ ਹੀ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।


ਹਾਲਾਂਕਿ, ਇਸ ਗੱਲ ਦੀ ਬਹੁਤ ਘੱਟ ਉਮੀਦ ਹੈ ਕਿ ਸ਼ਨੀਵਾਰ ਨੂੰ ਅੰਦੋਲਨ ਖ਼ਤਮ ਕਰਨ ਅਤੇ ਘਰ ਵਾਪਸੀ ਲਈ ਕੋਈ ਐਲਾਨ ਕੀਤਾ ਜਾਵੇਗਾ। ਪੰਜਾਬ ਦੀਆਂ ਜਥੇਬੰਦੀਆਂ ਘਰ ਵਾਪਸੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ 'ਤੇ ਦਬਾਅ ਬਣਾ ਰਹੀਆਂ ਹਨ, ਪਰ ਮੋਰਚਾ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਲਈ ਕਮੇਟੀ ਬਣਾਉਣ ਅਤੇ ਮਾਰੇ ਗਏ ਕਿਸਾਨਾਂ ਦੇ ਕੇਸ ਅਤੇ ਮੁਆਵਜ਼ੇ ਦੀ ਵਾਪਸੀ ਦੀ ਮੰਗ ਕਰ ਰਿਹਾ ਹੈ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਜਲਦੀ ਹੀ ਗੱਲਬਾਤ ਹੋ ਸਕਦੀ ਹੈ।


ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ 'ਤੇ ਕਮੇਟੀ ਬਣਾਉਣ ਲਈ ਪਿਛਲੇ ਦਿਨੀਂ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਤੋਂ ਗੈਰ-ਰਸਮੀ ਤੌਰ 'ਤੇ ਪੰਜ ਨਾਵਾਂ ਦੀ ਮੰਗ ਕੀਤੀ ਗਈ ਸੀ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ’ਤੇ ਮੋਹਰ ਲਗਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਮਤਲਬ ਇਹ ਹੋਵੇਗਾ ਕਿ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਦੀ ਦੂਜੀ ਮੰਗ 'ਤੇ ਸਰਕਾਰ ਨਾਲ ਸਮਝੌਤਾ ਹੋ ਜਾਵੇਗਾ। ਹਾਲਾਂਕਿ, ਸੰਯੁਕਤ ਕਿਸਾਨ ਮੋਰਚਾ ਮੁਤਾਬਕ, ਸਰਕਾਰ ਵਲੋਂ ਘੱਟੋ ਘੱਟ ਸਮਰਥਨ ਮੁੱਲ 'ਤੇ ਕੋਈ ਲਿਖਤੀ ਪ੍ਰਸਤਾਵ ਹਾਸਲ ਨਹੀਂ ਹੋਇਆ ਹੈ।


ਉਧਰ ਹਰਿਆਣਾ ਸਰਕਾਰ ਵੀ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ ਨੂੰ ਲੈ ਕੇ ਸਰਗਰਮ ਹੈ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਸ਼ਾਮ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਾਮਲ ਹੋਏ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਸਰਕਾਰ ਦੇ ਸਟੈਂਡ ’ਤੇ ਅਸੰਤੁਸ਼ਟੀ ਪ੍ਰਗਟਾਈ ਪਰ ਕਿਹਾ ਕਿ ਸਰਕਾਰ ਦਾ ਨਾ ਤਾਂ ਸਖ਼ਤ ਸਟੈਂਡ ਹੈ ਅਤੇ ਨਾ ਹੀ ਨਰਮ ਰੁਖ਼।


ਇਸ ਤੋਂ ਇਲਾਵਾ ਮੁਆਵਜ਼ੇ ਦੀ ਮੰਗ ਵੀ ਵਿਚਾਰ ਅਧੀਨ ਹੈ। ਸਰਕਾਰ ਨੇ ਸੰਸਦ ਵਿੱਚ ਕਿਹਾ ਕਿ ਉਸ ਕੋਲ ਇਹ ਅੰਕੜਾ ਨਹੀਂ ਹੈ ਕਿ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ। ਲਖੀਮਪੁਰ ਕਾਂਡ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ 'ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਮੁੱਖ ਮੰਗ ਐਮਐਸਪੀ ਕਮੇਟੀ ਅਤੇ ਕੇਸ ਵਾਪਸ ਲੈਣ ਦੀ ਹੈ।


ਸ਼ਨੀਵਾਰ ਦੀ ਮੀਟਿੰਗ 'ਚ ਨਜ਼ਰ ਇਸ ਗੱਲ 'ਤੇ ਹੋਵੇਗੀ ਕਿ ਕੀ ਘਰ ਵਾਪਸੀ ਦੇ ਮੁੱਦੇ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਏਕਤਾ ਬਰਕਰਾਰ ਰਹੇਗੀ ਜਾਂ ਫਿਰ ਅੰਦਰੂਨੀ ਮਤਭੇਦ ਸਾਹਮਣੇ ਆਉਣਗੇ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਪ੍ਰੈਸ ਕਾਨਫਰੰਸ ਕਰ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਇੱਕ ਹੋਰ ਮੀਟਿੰਗ ਅਗਲੇ ਹਫ਼ਤੇ ਸੱਦੀ ਜਾ ਸਕਦੀ ਹੈ।



ਇਹ ਵੀ ਪੜ੍ਹੋ: Mysterious Light Video: ਜਦੋਂ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ ਨੇ ਲੋਕਾਂ ਨੂੰ ਕੀਤਾ ਹੈਰਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904