Khalistan: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੁਸ਼ਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਹ ਕਾਰਵਾਈਆਂ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਵਿਦੇਸ਼ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਰਤ ਵਿੱਚ ਜੀ-20 ਸੰਮੇਲਨ ਦਾ ਕੈਨੇਡਾ ਵਿੱਚ ਖਾਲਿਸਤਾਨੀ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਸਾਲਾਂ ਪੁਰਾਣਾ ਹੈ।
ਜ਼ਿਕਰ ਕਰ ਦਈਏ ਕਿ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਲਾਬੀ ਵੱਲੋਂ ਦੇਸ਼ ਵਿੱਚ ਤਾਇਨਾਤ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਕਾਰਨ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਵਿੱਚ ਭਾਰੀ ਗਿਰਾਵਟ ਆਈ ਹੈ।
ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦਾ ਸਰੀ ਦੇ ਹੀ ਇੱਕ ਗੁਰਦੁਆਰੇ ਨੇੜੇ ਕਤਲ ਕਰ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਗੰਭੀਰ ਦੋਸ਼ ਲਗਾਏ ਸਨ। ਇਸ ਘਟਨਾ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਹਾਲਾਂਕਿ ਭਾਰਤ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕੀਤਾ ਅਤੇ ਉਨ੍ਹਾਂ ਨੂੰ "ਬੇਹੂਦਾ ਅਤੇ ਪ੍ਰੇਰਿਤ" ਕਿਹਾ।
ਦੱਸ ਦਈਏ ਕਿ ਬੀਤੇ ਦਿਨੀਂ ਕੈਨੇਡਾ ਦੇ ਸਰੀ ‘ਚ ਹਿੰਦੂ ਮੰਦਰ ਦੇ ਪ੍ਰਧਾਨ ਦੇ ਘਰ ‘ਤੇ ਦਰਜਨਾਂ ਰਾਉਂਡ ਫਾਇਰ ਕੀਤੇ ਗਏ ਹਨ। ਇਸ ਫਾਇਰਿੰਗ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਹਿੰਦੀ ਲੀਡਰ ਦੇ ਘਰ 'ਤੇ 14 ਰਾਉਂਡ ਫਾਇਰ ਕੀਤੇ ਗਏ। ਮੰਨਿਆ ਜਾ ਰਿਹਾ ਹੈ ਕਿ ਇਹ ਹਮਲਾ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਹੋ ਸਕਦਾ ਹੈ।