ਕਪੂਰਥਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਬਾਰੇ ਚੱਲ ਰਹੀਆਂ ਕੋਸ਼ਿਸ਼ਾਂ ਤੋਂ ਇਲਾਵਾ ਸਰਕਾਰਾਂ ਤੋਂ ਆਪਣੇ ਦੇਸ਼ ਅੰਦਰ ਹੀ ਗੁਰੂ ਨਾਨਕ ਸਾਹਿਬ ਦੇ ਅਸਥਾਨਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਇਹ ਮੰਗ ਕੀਤੀ।


ਉਨ੍ਹਾਂ ਕਿਹਾ ਕਿ ਸਿੱਕਮ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਈ ਅਸਥਾਨ ਹਨ ਜਿਨ੍ਹਾਂ ਦੀ ਉਸਾਰੀ ਤੇ ਸਾਂਭ-ਸੰਭਾਲ ਕੀਤੀ ਜਾਣੀ ਬਣਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰਿ ਕੀ ਪਉੜੀ, ਹਰਿਦੁਆਰ, ਨਾਨਕਨਾਮਾ ਤੇ ਡੋਂਗ ਮਾਰ ਆਦਿ ਅਸਥਾਨਾਂ ਨੂੰ ਵਿਕਸਤ ਕਰਨਾ ਚਾਹੀਦਾ ਹੈ।

ਕਰਤਾਰਪੁਰ ਸਾਹਿਬ ਗਲਿਆਰੇ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਆਸੀ ਲਾਹੇ ਦੀ ਥਾਂ ਲੋਕਾਂ ਨੂੰ ਅਕਾਲ ਪੁਰਖ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸਿਰਫ਼ ਸੰਗਤ ਦੀਆਂ ਅਰਦਾਸਾਂ ਕਾਰਨ ਖੁੱਲ੍ਹ ਰਿਹਾ ਹੈ ਜੋ ਡੇਰਾ ਬਾਬਾ ਨਾਨਕ ਜਾ ਕੇ ਜਾਂ ਦੁਨੀਆ ਕਿਸੇ ਵੀ ਕੋਨੇ ਵਿੱਚੋਂ ਅਰਦਾਸ ਕਰਦੀਆਂ ਹਨ।