Gurpatwant Pannun: ਖਾਲਿਸਤਾਨੀ ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜਿਸ਼ ਦੇ ਮਾਮਲੇ 'ਚ ਵੱਡਾ ਐਕਸ਼ਨ! ਭਾਰਤ ਸਰਕਾਰ ਕਰੇਗੀ ਕਾਰਵਾਈ
Gurpatwant Pannun News: ਖਾਲਿਸਤਾਨ ਪੱਖੀ ਅਮਰੀਕੀ ਸਿੱਖ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜਿਸ਼ ਦੇ ਮਸਲੇ ਉਪਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਆਓ ਜਾਣਦੇ ਹਾਂ ਪੂਰਾ ਮਾਮਲਾ

Gurpatwant Pannun News: ਖਾਲਿਸਤਾਨ ਪੱਖੀ ਅਮਰੀਕੀ ਸਿੱਖ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜਿਸ਼ ਦੇ ਮਸਲੇ ਉਪਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰਨ ਵਾਲੀ ਇੱਕ ਉੱਚ ਪੱਧਰੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਉਂਝ ਇਸ ਵਿਅਕਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ। ਸਾਲ 2023 ਵਿੱਚ ਨਿਊਯਾਰਕ ’ਚ ਭਾਰਤੀ ਏਜੰਟਾਂ ਵੱਲੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕੀਤੇ ਜਾਣ ਦੇ ਅਮਰੀਕਾ ਦੇ ਦੋਸ਼ਾਂ ਤੋਂ ਬਾਅਦ ਇਸ ਜਾਂਚ ਦਾ ਹੁਕਮ ਦਿੱਤਾ ਗਿਆ ਸੀ।
ਅਮਰੀਕਾ ਵੱਲੋਂ ਅਮਰੀਕਾ ਤੇ ਕੈਨੇਡਾ ਦੀ ਦੂਹਰੀ ਨਾਗਰਿਕਾ ਰੱਖਣ ਵਾਲੇ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵਿਕਾਸ ਯਾਦਵ ਦਾ ਨਾਮ ਦੇ ਵਿਅਕਤੀ ਦਾ ਨਾਂ ਲਿਆ ਗਿਆ ਸੀ, ਜੋ ਭਾਰਤ ਦੀ ਖੁਫ਼ੀਆ ਏਜੰਸੀ ਰਾਅ (ਰਿਸਰਚ ਐਂਡ ਐਨਾਲਸਿਸ ਵਿੰਗ) ਦਾ ਸਾਬਕਾ ਅਧਿਕਾਰੀ ਦੱਸਿਆ ਜਾਂਦਾ ਹੈ। ਗ੍ਰਹਿ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਲੰਬੀ ਜਾਂਚ ਤੋਂ ਬਾਅਦ ਕਮੇਟੀ ਨੇ ਇੱਕ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਦੇ ਪਿਛਲੇ ਅਪਰਾਧਿਕ ਸਬੰਧ ਤੇ ਪਿਛੋਕੜ ਵੀ ਜਾਂਚ ਦੌਰਾਨ ਸਾਹਮਣੇ ਆਇਆ ਸੀ।
ਹਾਲਾਂਕਿ, ਗ੍ਰਹਿ ਮੰਤਰਾਲੇ ਦੇ ਬਿਆਨ ਵਿੱਚ ਕਿਸੇ ਅਜਿਹੇ ਵਿਅਕਤੀ ਦਾ ਨਾਮ ਨਹੀਂ ਦੱਸਿਆ ਗਿਆ ਹੈ, ਜਿਸ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਦੋਹਾਂ ਦੇ ਸੁਰੱਖਿਆ ਹਿੱਤਾਂ ਨੂੰ ਕਮਜ਼ੋਰ ਕਰਨ ਵਾਲੇ ਕੁਝ ਸੰਗਠਿਤ ਅਪਰਾਧਿਕ ਸਮੂਹਾਂ, ਅਤਿਵਾਦੀ ਜਥੇਬੰਦੀਆਂ, ਨਸ਼ਾ ਤਸਕਰਾਂ ਆਦਿ ਦੀਆਂ ਗਤੀਵਿਧੀਆਂ ਬਾਰੇ ਅਮਰੀਕੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਹੋਣ ’ਤੇ ਭਾਰਤ ਸਰਕਾਰ ਨੇ ਨਵੰਬਰ 2023 ਵਿੱਚ ਇਕ ਉੱਚ ਅਧਿਕਾਰ ਪ੍ਰਾਪਤ ਜਾਂਚ ਕਮੇਟੀ ਗਠਿਤ ਕੀਤੀ ਸੀ।
ਕਮੇਟੀ ਨੇ ਵੱਖ ਵੱਖ ਏਜੰਸੀਆਂ ਦੇ ਕਈ ਅਧਿਕਾਰੀਆਂ ਕੋਲੋਂ ਅੱਗੇ ਦੀ ਪੁੱਛ-ਪੜਤਾਲ ਕੀਤੀ ਤੇ ਇਸ ਸਬੰਧੀ ਸਬੰਧਤ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ। ਬਿਆਨ ਵਿੱਚ ਕਿਹਾ ਗਿਆ ਹੈ, ‘‘ਲੰਬੀ ਜਾਂਚ ਤੋਂ ਬਾਅਦ ਕਮੇਟੀ ਨੇ ਸਰਕਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ ਤੇ ਇਕ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਦੇ ਪਿਛਲੇ ਅਪਰਾਧਿਕ ਸਬੰਧ ਤੇ ਪਿਛੋਕੜ ਵੀ ਜਾਂਚ ਦੌਰਾਨ ਸਾਹਮਣੇ ਆਇਆ ਹੈ।’’ ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਕਾਨੂੰਨੀ ਕਾਰਵਾਈ ਤੇਜ਼ੀ ਨਾਲ ਪੂਰੀ ਕੀਤੀ ਜਾਣੀ ਚਾਹੀਦੀ ਹੈ।
ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘‘ਕਮੇਟੀ ਨੇ ਪ੍ਰਣਾਲੀਆਂ ਤੇ ਪ੍ਰਕਿਰਿਆਵਾਂ ਵਿੱਚ ਸੁਧਾਰ ਦੀ ਪੇਸ਼ਕਸ਼ ਕੀਤੀ ਹੈ ਅਤੇ ਅਜਿਹੇ ਕਦਮ ਉਠਾਉਣ ਦੀ ਵੀ ਸ਼ਿਫਾਰਸ਼ ਕੀਤੀ ਹੈ ਜਿਸ ਨਾਲ ਭਾਰਤ ਦੀ ਪ੍ਰਤੀਕਿਰਿਆ ਸਮਰੱਥਾ ਮਜ਼ਬੂਤ ਹੋ ਸਕੇ, ਇਸ ਤਰ੍ਹਾਂ ਦੇ ਮਾਮਲਿਆਂ ਤੋਂ ਨਿਪਟਣ ਵਿੱਚ ਵਿਵਸਥਿਤ ਕੰਟਰੋਲ ਤੇ ਤਾਲਮੇਲ ਵਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।’’






















