ਨਵੀਂ ਦਿੱਲੀ: ਗ੍ਰਹਿ ਮੰਤਰਾਲਾ ਨੇ ਸੰਸਦ ਨੂੰ ਦੱਸਿਆ ਕਿ ਸਿੱਖ ਨੌਜਵਾਨਾਂ ਨੂੰ ਭਾਰਤ ਵਿੱਚ ਦਹਿਸ਼ਤਗਰਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦੇ ਕੇਂਦਰਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ। ਕੈਨੇਡਾ ਤੇ ਵਿਦੇਸ਼ਾਂ ਵਿੱਚ ਬੈਠੇ ਸਿੱਖ ਭਾਈਚਾਰੇ ਦੇ ਮੈਂਬਰ ਦੇਸ਼ ਵਿਰੁੱਧ ਝੂਠੇ ਤੇ ਖ਼ਤਰਨਾਕ ਪ੍ਰੌਪੇਗੰਡਾ ਲਈ ਉਕਸਾ ਰਹੇ ਹਨ।
ਭਾਜਪਾ ਲੀਡਰ ਮੁਰਲੀ ਮਨੋਹਰ ਜੋਸ਼ੀ ਦੀ ਅਗਵਾਈ ਵਾਲੀ ਕਮੇਟੀ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਿੱਚ ਗਏ ਸੀਨੀਅਰ ਅਫ਼ਸਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਇੰਟਰਨੈੱਟ ਦੀ ਦੁਰਵਰਤੋਂ ਕਰਕੇ ਨੌਜਵਾਨਾਂ ਨੂੰ ਹਿੰਸਾ ਲਈ ਭੜਕਾਇਆ ਜਾਣਾ ਇੱਕ ਵੱਡੀ ਚੁਣੌਤੀ ਬਣ ਚੁੱਕਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿੱਖਾਂ ਅੱਤਵਾਦੀ ਫਰੰਟ 'ਤੇ ਵਿਕਾਸ ਹੋਣਾ ਸ਼ੁਰੂ ਹੋ ਚੁੱਕਾ ਹੈ।
ਉਨ੍ਹਾਂ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਪੜਤਾਲ ਵਿੱਚ ਪਾਕਿਸਤਾਨ ਆਧਾਰਤ ਸਿੱਖ ਦਹਿਸ਼ਤੀ ਜਥੇਬੰਦੀਆਂ ਵੱਲੋਂ ਦਹਿਸ਼ਤੀ ਹਮਲੇ ਕਰਨ ਲਈ ਜੇਲ੍ਹ ਦੇ ਕੈਦੀਆਂ, ਬੇਰੁਜ਼ਗਾਰ ਨੌਜਵਾਨਾਂ, ਅਪਰਾਧੀਆਂ ਤੇ ਤਸਕਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਦਹਿਸ਼ਤੀ ਗੁੱਟ ਖ਼ੁਫੀਆ ਤੇ ਕਾਨੂੰਨ ਦੀ ਪਾਲਣਾ ਕਰਵਾਉਣ ਵਾਲੀਆਂ ਏਜੰਸੀਆਂ ਦੀ ਅੱਖ ਤੋਂ ਬਚਣ ਲਈ ਹਰ ਤਕਨੀਕੀ ਹੀਲਾ ਵਰਤ ਰਹੇ ਹਨ ਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਕਰ ਰਹੇ ਹਨ। ਮੰਤਰਾਲੇ ਵੱਲੋਂ ਵਫ਼ਦ ਨੂੰ ਦੱਸਿਆ ਗਿਆ ਕਿ ਲਸ਼ਕਰ-ਏ-ਤੌਇਬਾ, ਜੈਸ਼-ਏ-ਮੁਹੰਮਦ ਜਿਹੀਆਂ ਪਾਕਿਸਤਾਨ ਆਧਾਰਤ ਦਹਿਸ਼ਤਗਰਦ ਜਥੇਬੰਦੀਆਂ ਦੇ ਨਿਸ਼ਾਨੇ 'ਤੇ ਸਦਾ ਭਾਰਤ ਹੀ ਰਿਹਾ ਹੈ। ਇਸ ਤੋਂ ਇਲਾਵਾ ਆਈ.ਐਸ. ਤੇ ਅਲ ਕਾਇਦਾ ਜਿਹੇ ਦਹਿਸ਼ਤੀ ਜਥੇਬੰਦੀਆਂ ਤੋਂ ਭਾਰਤ ਨੂੰ ਪੈਦਾ ਹੋ ਰਹੇ ਖ਼ਤਰੇ ਬਾਰੇ ਵੀ ਚਰਚਾ ਹੋਈ।