ਮੋਦੀ ਤੇ ਸ਼ਾਹ ਪਏ ਗਲਤ ਰਾਹ! ਰਾਜਪਾਲ ਸੱਤਿਆਪਾਲ ਮਲਿਕ ਨੇ ਖੇਤੀ ਕਾਨੂੰਨਾਂ ਬਾਰੇ ਕੀਤੇ ਵੱਡੇ ਖੁਲਾਸੇ
ਚਿੱਠੀ ਦੇ ਜਵਾਬ 'ਚ ਮਲਿਕ ਨੇ ਕਿਹਾ 'ਕਿਸਾਨ ਅੰਦੋਲਨ ਦੇ ਮੁੱਦੇ 'ਤੇ ਮੈਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਸੁਝਾਅ ਦਿੱਤਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ।
ਨਵੀਂ ਦਿੱਲੀ: ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਇੱਕ ਵਾਰ ਫਿਰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਬੈਠੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਹਰਿਆਣਾ ਦੇ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਨੂੰ ਲਿਖੀ ਚਿੱਠੀ 'ਚ ਸੱਤਿਆਪਾਲ ਮਲਿਕ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਗਲਤ ਰਾਹ 'ਤੇ ਹਨ।
ਕਿਸਾਨ ਅੰਦੋਲਨ ਤੇ ਹਰਿਆਣਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਚੁੱਕੇ ਸਾਂਗਵਾਨ ਨੇ ਇਸ ਮੁੱਦੇ 'ਤੇ ਸੱਤਿਆਪਾਲ ਮਲਿਕ ਨੂੰ ਸਭ ਤੋਂ ਪਹਿਲਾਂ ਚਿੱਠੀ ਲਿਖੀ ਸੀ। ਇਸ ਚਿੱਠੀ ਦੇ ਜਵਾਬ 'ਚ ਮਲਿਕ ਨੇ ਕਿਹਾ 'ਕਿਸਾਨ ਅੰਦੋਲਨ ਦੇ ਮੁੱਦੇ 'ਤੇ ਮੈਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਸੁਝਾਅ ਦਿੱਤਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ। ਮੈਂ ਇਹ ਵੀ ਸਾਫ ਕਰ ਦਿੱਤਾ ਕਿ ਕਿਸਾਨਾਂ ਦੀ ਆਵਾਜ਼ ਦੱਬੇਗੀ ਨਹੀਂ। ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।'
ਮਲਿਕ ਨੇ ਦੱਸਿਆ ਕਿ ਮੈਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਤੋਂ ਖਾਲੀ ਹੱਥ ਨਾ ਭੇਜੋ। ਮੈਂ ਮਈ ਦੇ ਪਹਿਲੇ ਹਫਤੇ 'ਚ ਦਿੱਲੀ ਆ ਰਿਹਾ ਹਾਂ ਤੇ ਇਸ ਨਾਲ ਸਬੰਧਤ ਸਾਰੇ ਲੀਡਰਾਂ ਨੂੰ ਸੰਪਰਕ ਕਰਕੇ ਕਿਸਾਨਾਂ ਦੇ ਪੱਖ 'ਚ ਉਨ੍ਹਾਂ ਸਹਿਮਤ ਕਰਨ ਦੀ ਕੋਸ਼ਿਸ਼ ਕਰਾਂਗਾ। ਦੱਸ ਦੇਈਏ ਕਿ ਸੱਤਿਆਪਾਲ ਮਲਿਕ ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨਾਂ ਦੇ ਹਿੱਤ ਦੀ ਗੱਲ ਕਰ ਚੁੱਕੇ ਹਨ। ਹੁਣ ਇਕ ਵਾਰ ਫਿਰ ਉਨ੍ਹਾਂ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ ਹੈ।
ਕਿਸ਼ਾਨ ਪਿਛਲੇ ਪੰਜ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਅੰਦੋਲਨ ਖਤਮ ਨਹੀਂ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਨੇ ਸਟੀਲ ਅਤੇ ਲੋਹੇ ਦੇ ਪਲਾਂਟ ਬੰਦ ਕਰਨ ਦੇ ਦਿੱਤੇ ਹੁਕਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904