ਸ੍ਰੀਨਗਰ: ਮੀਡੀਆ ਵਿੱਚ ਚਰਚਾ ਹੈ ਕਿ ਨਜ਼ਰਬੰਦੀ ਹਟਾਉਣ ਲਈ ਕਸ਼ਮੀਰੀ ਲੀਡਰਾਂ ਸਾਹਮਣੇ ਵੱਡੀ ਸ਼ਰਤ ਰੱਖੀ ਗਈ ਹੈ। ਉਧਰ, ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਦੀ ਨਜ਼ਰਬੰਦੀ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਪੀਡੀਪੀ ਆਗੂ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਨੂੰ ਨਜ਼ਰਬੰਦ ਕਰਨ ਦਾ ਫੈਸਲਾ ਪੁਲਿਸ ਪ੍ਰਸ਼ਾਸਨ ਨੇ ਲਿਆ ਸੀ।




ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਮੰਗਲਵਾਰ ਨੂੰ ਮੁਫਤੀ ਤੇ ਉਮਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੋਵਾਂ ਲੀਡਰਾਂ ਸਾਹਮਣੇ ਸ਼ਰਤ ਰੱਖੀ ਸੀ ਕਿ ਜੇ ਉਹ ਧਾਰਾ 370 ਦੇ ਵਿਰੁੱਧ ਨਹੀਂ ਬੋਲਦੇ ਤਾਂ ਉਨ੍ਹਾਂ ਦੀ ਨਜ਼ਰਬੰਦੀ ਹਟਾਈ ਜਾ ਸਕਦੀ ਹੈ। ਹਾਲਾਂਕਿ, ਦੋਵਾਂ ਲੀਡਰਾਂ ਨੇ ਰਾਜਪਾਲ ਦੀ ਇਸ ਸ਼ਰਤ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਉਨ੍ਹਾਂ ਦੀ ਨਜ਼ਰਬੰਦੀ ਵਧਾ ਦਿੱਤੀ ਗਈ।


ਦਰਅਸਲ ਮੀਡੀਆ ਰਿਪੋਰਟਾਂ ਮੁਤਾਬਕ ਮਲਿਕ ਨੇ ਦੋਵਾਂ ਨੇਤਾਵਾਂ ਨਾਲ ਮੁਲਾਕਾਤ ਕਰਕੇ ਕੁਝ ਸ਼ਰਤਾਂ ਨਾਲ ਨਜ਼ਰਬੰਦੀ ਹਟਾਉਣ ਲਈ ਗੱਲਬਾਤ ਕੀਤੀ ਸੀ। ਇਸ ਤੋਂ ਬਾਅਦ ਰਾਜ ਭਵਨ ਨੇ ਬਿਆਨ ਜਾਰੀ ਕਰਕੇ ਸਪਸ਼ਟੀਕਰਨ ਦਿੱਤਾ ਕਿ ਜੰਮੂ-ਕਸ਼ਮੀਰ ਦੇ ਰਾਜਪਾਲ ਕਿਸੇ ਵਿਅਕਤੀ ਦੀ ਨਜ਼ਰਬੰਦੀ ਜਾਂ ਉਸ ਦੀ ਰਿਹਾਈ ਜਿਹੇ ਮਾਮਲਿਆਂ ਵਿੱਚ ਸ਼ਾਮਲ ਨਹੀਂ। ਇਹ ਫੈਸਲਾ ਪੂਰੀ ਤਰ੍ਹਾਂ ਸਥਾਨਕ ਪੁਲਿਸ ਦੇ ਹੱਥ ਹੈ। ਰਾਜਪਾਲ ਨੇ ਇਨ੍ਹਾਂ ਮਾਮਲਿਆਂ ਵਿੱਚ ਕਿਸੇ ਆਗੂ ਨਾਲ ਸੰਪਰਕ ਨਹੀਂ ਕੀਤਾ। ਮੀਡੀਆ ਵਿੱਚ ਜਿਸ ਤਰ੍ਹਾਂ ਦੀਆਂ ਖ਼ਬਰਾਂ ਚੱਲ ਰਹੀਆਂ ਹਨ, ਉਹ ਪੂਰੀ ਤਰ੍ਹਾਂ ਗਲਤ ਹਨ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਦਾ ਕੋਈ ਅਧਾਰ ਨਹੀਂ।