TamilNadu Chopper Crash: ਤਾਮਿਲਨਾਡੂ ਦੇ ਕੂਨੂਰ 'ਚ ਹੈਲੀਕਾਪਟਰ ਹਾਦਸੇ 'ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਵੀ ਨਹੀਂ ਰਹੇ। ਸੱਤ ਦਿਨ ਜ਼ਿੰਦਗੀ ਤੇ ਮੌਤ ਵਿਚਾਲੇ ਸੰਘਰਸ਼ ਕਰਨ ਤੋਂ ਬਾਅਦ, ਬੰਗਲੌਰ ਦੇ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਵਰੁਣ ਜਨਰਲ ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਸਨ।
ਭਾਰਤੀ ਹਵਾਈ ਸੈਨਾ ਨੇ ਟਵੀਟ ਕੀਤਾ, “ਭਾਰਤੀ ਹਵਾਈ ਸੈਨਾ ਬਹਾਦਰ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁਖੀ ਹੈ। ਉਨ੍ਹਾਂ ਦੀ 8 ਦਸੰਬਰ ਨੂੰ ਇੱਕ ਹੈਲੀਕਾਪਟਰ ਹਾਦਸੇ ਵਿੱਚ ਜ਼ਖਮੀ ਹੋਣ ਕਾਰਨ ਅੱਜ ਸਵੇਰੇ ਮੌਤ ਹੋ ਗਈ ਸੀ। ਭਾਰਤੀ ਹਵਾਈ ਸੈਨਾ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ ਤੇ ਦੁਖੀ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਤਾਮਿਲਨਾਡੂ ਵਿੱਚ ਕੂਨੂਰ ਨੇੜੇ 8 ਦਸੰਬਰ ਨੂੰ ਹਵਾਈ ਸੈਨਾ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਤੇ 11 ਹੋਰਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ 'ਚ ਗਰੁੱਪ ਕੈਪਟਨ ਹੀ ਬਚਿਆ ਸੀ, ਜਦਕਿ ਬਾਕੀ ਸਾਰੇ ਮਰ ਗਏ ਸਨ। ਬੁੱਧਵਾਰ ਨੂੰ ਹੋਏ ਇਸ ਹੈਲੀਕਾਪਟਰ ਹਾਦਸੇ 'ਚ ਚੀਫ ਆਫ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਤੇ ਫੌਜ ਦੇ 11 ਹੋਰ ਜਵਾਨਾਂ ਦੀ ਮੌਤ ਹੋ ਗਈ ਜਦਕਿ ਵਰੁਣ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਪੀਐਮ ਮੋਦੀ ਨੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, 'ਗਰੁੱਪ ਕੈਪਟਨ ਵਰੁਣ ਸਿੰਘ ਨੇ ਗੌਰਵ, ਬਹਾਦਰੀ ਤੇ ਪੂਰੀ ਪੇਸ਼ੇਵਰਤਾ ਨਾਲ ਦੇਸ਼ ਦੀ ਸੇਵਾ ਕੀਤੀ। ਮੈਂ ਉਨ੍ਹਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਦੇਸ਼ ਪ੍ਰਤੀ ਵੱਡਮੁੱਲੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਦੇ ਪਰਿਵਾਰ ਤੇ ਦੋਸਤਾਂ ਪ੍ਰਤੀ ਹਮਦਰਦੀ, ਸ਼ਾਂਤੀ।'