Gujarat Government Formation: ਭਾਜਪਾ ਨੇ ਗੁਜਰਾਤ ਵਿੱਚ 156 ਸੀਟਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਇਸ ਦੇ ਮੱਦੇਨਜ਼ਰ ਅੱਜ (9 ਦਸੰਬਰ) ਭੂਪੇਂਦਰ ਪਟੇਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭੂਪੇਂਦਰ ਪਟੇਲ ਅੱਜ ਦੁਪਹਿਰ ਕਰੀਬ 12 ਵਜੇ ਰਾਜ ਭਵਨ ਪਹੁੰਚੇ ਅਤੇ ਆਪਣਾ ਅਸਤੀਫਾ ਰਾਜਪਾਲ ਆਚਾਰੀਆ ਦੇਵਵਰਤ ਨੂੰ ਸੌਂਪ ਦਿੱਤਾ।


ਭਾਜਪਾ ਇਸ ਹਫਤੇ ਹੀ ਸਹੁੰ ਚੁੱਕ ਸਮਾਗਮ ਆਯੋਜਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਪਾਰਟੀ ਵੱਲੋਂ ਹੁਣ ਵਿਧਾਇਕ ਦਲ ਦੀ ਮੀਟਿੰਗ ਸੱਦੀ ਜਾਵੇਗੀ ਜਿਸ ਵਿੱਚ ਵਿਧਾਇਕ ਦਲ ਦੇ ਆਗੂ ਦੀ ਚੋਣ ਕੀਤੀ ਜਾਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ਇੱਕ ਵਾਰ ਫਿਰ ਭੂਪੇਂਦਰਭਾਈ ਪਟੇਲ ਨੂੰ ਤਾਜ ਪਹਿਨਾਏਗੀ। ਭਾਜਪਾ ਵੱਲੋਂ 12 ਦਸੰਬਰ ਨੂੰ ਸਹੁੰ ਚੁੱਕ ਪ੍ਰੋਗਰਾਮ ਕੀਤਾ ਜਾ ਸਕਦਾ ਹੈ। ਸਹੁੰ ਚੁੱਕਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।


ਸੂਤਰਾਂ ਮੁਤਾਬਕ ਭਾਜਪਾ ਨੇ ਭਲਕੇ (10 ਦਸੰਬਰ) ਸਵੇਰੇ 10 ਵਜੇ ਪਾਰਟੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। ਇਹ ਬੈਠਕ ਗਾਂਧੀਨਗਰ ਸਥਿਤ ਪਾਰਟੀ ਹੈੱਡਕੁਆਰਟਰ 'ਚ ਬੁਲਾਈ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੂਰੀ ਕੈਬਨਿਟ ਸਮੇਤ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੀ ਤਰਫੋਂ ਸਰਕਾਰ ਬਣਾਉਣ ਦਾ ਦਾਅਵਾ ਵੀ ਰਾਜਪਾਲ ਸਾਹਮਣੇ ਪੇਸ਼ ਕੀਤਾ ਗਿਆ ਹੈ।



ਪੀਐਮ ਮੋਦੀ-ਸ਼ਾਹ ਵੀ ਸ਼ਾਮਲ ਹੋਣਗੇ


ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੌਜੂਦਾ ਮੁੱਖ ਮੰਤਰੀ ਨੂੰ ਹੀ ਮੁੜ ਸੱਤਾ ਦੀ ਵਾਗਡੋਰ ਸੌਂਪੀ ਜਾਵੇਗੀ। 12 ਤਰੀਕ ਨੂੰ ਮੁੱਖ ਮੰਤਰੀ ਦੇ ਨਾਲ-ਨਾਲ ਦਰਜਨ ਤੋਂ ਵੱਧ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ।


ਗੁਜਰਾਤ ਪ੍ਰਦੇਸ਼ ਪ੍ਰਧਾਨ ਨੇ ਜਾਣਕਾਰੀ ਦਿੱਤੀ


ਗੁਜਰਾਤ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਤਾਜਪੋਸ਼ੀ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ 12 ਦਸੰਬਰ ਨੂੰ ਦੁਪਹਿਰ 2 ਵਜੇ ਹੋਵੇਗਾ। ਇਸ ਪ੍ਰੋਗਰਾਮ ਵਿੱਚ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਕਿੱਥੇ ਆਯੋਜਿਤ ਕੀਤਾ ਜਾਵੇਗਾ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।


ਭੂਪੇਂਦਰ 1.92 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੇ ਹਨ


ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਆਪਣੇ ਨੇੜਲੇ ਵਿਰੋਧੀ ਨੂੰ 1.92 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਉਨ੍ਹਾਂ ਨੇ ਘਾਟਲੋਡੀਆ ਸੀਟ ਤੋਂ ਲਗਾਤਾਰ ਦੂਜੀ ਵਾਰ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਚੋਰਿਆਸੀ ਸੀਟ 'ਤੇ ਵੀ ਜਿੱਤ-ਹਾਰ ਦਾ ਅੰਤਰ ਦੋ ਲੱਖ ਵੋਟਾਂ ਦੇ ਕਰੀਬ ਰਿਹਾ। ਅੱਠ ਸੀਟਾਂ 'ਤੇ ਭਾਜਪਾ ਉਮੀਦਵਾਰਾਂ ਦੀ ਜਿੱਤ ਦਾ ਅੰਤਰ ਇਕ ਲੱਖ ਤੋਂ ਡੇਢ ਲੱਖ ਵੋਟਾਂ ਵਿਚਕਾਰ ਸੀ।