ਸਿਰਸਾ: ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਵਿਵਾਦ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਦੇ ਦਬਾਅ ਹੇਠ ਕੋਈ ਫੈਸਲਾ ਨਹੀਂ ਲੈਂਦੀ। ਰਾਮ ਰਹੀਮ ਦਾ ਪੈਰੋਲ ਨਿਯਮਾਂ ਅਨੁਸਾਰ ਰੱਦ ਕੀਤਾ ਗਿਆ ਹੈ।


ਰਾਮ ਰਹੀਮ ਦੀ ਮਾਤਾ ਨਸੀਬ ਕੌਰ ਦੀ ਮਾੜੀ ਸਿਹਤ ਦਾ ਹਵਾਲਾ ਦਿੰਦੇ ਹੋਏ, ਡੇਰਾ ਸੱਚਾ ਸੌਦਾ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਸੀ।ਜਿਸ 'ਤੇ ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਸਿਰਸਾ ਪ੍ਰਸ਼ਾਸਨ ਨੂੰ ਨਸੀਬ ਕੌਰ ਦੀ ਸਿਹਤ ਬਾਰੇ ਰਿਪੋਰਟ ਦੇਣ ਲਈ ਕਿਹਾ ਸੀ। ਸਿਰਸਾ ਪ੍ਰਸ਼ਾਸਨ ਨੇ ਆਪਣੀ ਰਿਪੋਰਟ ਵਿੱਚ ਨਸੀਬ ਕੌਰ ਦੀ ਸਿਹਤ ਨੂੰ ਸਥਿਰ ਦੱਸਦਿਆਂ, ਰਾਮ ਰਹੀਮ ਨੂੰ ਪੈਰੋਲ ਨਾ ਦੇਣ ਦੀ ਆਪਣੀ ਰਿਪੋਰਟ ਦਾਖਲ ਕੀਤੀ ਸੀ।

ਕਤਲ ਤੇ ਬਲਾਤਕਾਰ ਦੇ ਦੋਸ਼ੀ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਲੈਣ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ।ਇਸ 'ਤੇ ਅੱਜ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ।ਹਾਲਾਂਕਿ ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਰਸਾ ਜ਼ਿਲ੍ਹੇ ਤੇ ਪੁਲਿਸ ਪ੍ਰਸ਼ਾਸਨ ਤੋਂ ਫੀਡਬੈਕ ਵੀ ਲਿਆ ਗਿਆ ਸੀ ਕਿ ਪੈਰੋਲ ਦਿੱਤੀ ਜਾਵੇ ਜਾਂ ਨਹੀਂ।

ਜ਼ਿਕਰਯੋਗ ਗੱਲ ਇਹ ਵੀ ਹੈ ਕਿ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਖਦਸ਼ਾ ਜਤਾਇਆ ਸੀ। ਉਨ੍ਹਾਂ ਕਿਹਾ ਸੀ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਪੰਜਾਬ ਤੇ ਹਰਿਆਣਾ 'ਚ ਸ਼ਾਂਤੀ ਦਾ ਮਾਹੌਲ ਭੰਗ ਹੋ ਸਕਦਾ ਹੈ। ਜਥੇਦਾਰ ਦੀ ਅਪੀਲ ਸੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪੈਰੋਲ ਨਾ ਦਿੱਤੀ ਜਾਵੇ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਮੀਤ ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੋਵੇ। ਉਸ ਤੋਂ ਪਹਿਲਾਂ ਵੀ ਉਸਨੇ ਪੈਰੋਲ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਹਰ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ। ਇਸ ਵਾਰ ਵੀ ਲਗਪਗ ਇੱਕ ਹਫਤਾ ਪਹਿਲਾਂ ਨਸੀਬ ਕੌਰ ਨੇ 3 ਹਫਤਿਆਂ ਦੀ ਪੈਰੋਲ ਲਈ ਜੇਲ੍ਹ ਪ੍ਰਸ਼ਾਸਨ ਨੂੰ ਬੇਨਤੀ ਭੇਜੀ ਸੀ ਜਿਸ ਨੂੰ ਅੱਜ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ।

ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲਾਂ ਦੀ ਸਜ਼ਾ ਭੁਗਤ ਰਿਹਾ ਹੈ।