Nuh Violence: ਨੂਹ ਹਿੰਸਾ ਮਾਮਲੇ ਦਾ ਸਾਰਾ ਅਪਡੇਟ, ਗੁਰੂਗ੍ਰਾਮ ਤੱਕ ਪਹੁੰਚਿਆ ਘਟਨਾ ਦਾ ਸੇਕ, ਇੰਟਰਨੈੱਟ 'ਤੇ ਲਗਾਈ ਜਾ ਸਕਦੀ ਹੋਰ ਪਾਬੰਧੀ
Gurugram Violence: ਮੁੱਖ ਮੰਤਰੀ ਨੇ ਕਿਹਾ ਕਿ ਨੂਹ 'ਚ ਵੀ ਕਰਫਿਊ ਲਗਾਇਆ ਗਿਆ ਹੈ ਅਤੇ ਕੁਝ ਥਾਵਾਂ 'ਤੇ ਧਾਰਾ 144 ਵੀ ਲਗਾਈ ਗਈ ਹੈ। ਲਗਭਗ 44 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 70 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ
ਹਰਿਆਣਾ ਦੇ ਨੂਹ ਅਤੇ ਗੁਰੂਗ੍ਰਾਮ ਜ਼ਿਲ੍ਹਿਆਂ ਵਿੱਚ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਸਥਿਤੀ 'ਤੇ ਕਾਬੂ ਪਾਉਣ ਲਈ ਇਲਾਕੇ 'ਚ ਵੱਡੀ ਪੱਧਰ 'ਤੇ ਫੋਰਸ ਤਾਇਨਾਤ ਕੀਤੀ ਗਈ ਹੈ। ਮੰਗਲਵਾਰ (1 ਅਗਸਤ) ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹੋਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹਨ। ਉਨ੍ਹਾਂ ਮੁੱਖ ਮੰਤਰੀ ਖੱਟਰ ਨਾਲ ਦੋ ਵਾਰ ਫ਼ੋਨ 'ਤੇ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ |
1. ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸੋਮਵਾਰ (31 ਜੁਲਾਈ) ਨੂੰ ਨੂਹ ਵਿੱਚ ਜਲੂਸ ਕੱਢਿਆ। ਜਿਸ 'ਤੇ ਪੱਥਰਬਾਜ਼ੀ ਤੋਂ ਬਾਅਦ ਦੋ ਭਾਈਚਾਰਿਆਂ 'ਚ ਹਿੰਸਾ ਭੜਕ ਗਈ। ਇਸ ਹਿੰਸਾ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਵਿੱਚ ਦੋ ਹੋਮਗਾਰਡ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 50 ਤੋਂ ਵੱਧ ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਹੋਰ ਲੋਕ ਜ਼ਖਮੀ ਹੋਏ ਹਨ। ਨੂਹ 'ਚ 2 ਅਗਸਤ ਤੱਕ ਕਰਫਿਊ ਲਗਾਇਆ ਗਿਆ ਹੈ ਅਤੇ ਇੰਟਰਨੈੱਟ ਵੀ ਬੰਦ ਰਹੇਗਾ। ਇੰਟਰਨੈੱਟ ਦੀਆਂ ਸੇਵਾਵਾਂ ਸਬੰਧੀ ਅੱਜ ਹੋਰਜ ਪਾਬੰਧੀ ਲਗਾਈ ਜਾ ਸਕਦੀ ਹੈ। ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਹਨ। ਰੇਵਾੜੀ, ਗੁਰੂਗ੍ਰਾਮ, ਸੋਨੀਪਤ ਸਮੇਤ 6 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਨੂਹ 'ਚ 2 ਅਗਸਤ ਨੂੰ ਹੋਣ ਵਾਲੀਆਂ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।
2. ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨੂਹ ਹਿੰਸਾ ਬਾਰੇ ਰਾਜ ਦੇ ਗ੍ਰਹਿ ਮੰਤਰੀ ਅਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ। ਜਦੋਂ ਯਾਤਰਾ ਕੱਢੀ ਜਾ ਰਹੀ ਸੀ, ਇਸ ਦੌਰਾਨ ਕੁਝ ਲੋਕਾਂ ਨੇ ਯਾਤਰਾ 'ਚ ਸ਼ਾਮਲ ਵਿਅਕਤੀਆਂ ਅਤੇ ਪੁਲਿਸ 'ਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ। ਕਈ ਥਾਵਾਂ 'ਤੇ ਹਿੰਸਕ ਘਟਨਾਵਾਂ ਹੋਈਆਂ। ਇਸ ਪਿੱਛੇ ਵੱਡੀ ਸਾਜ਼ਿਸ਼ ਹੈ। ਨੂਹ ਜ਼ਿਲ੍ਹੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।
3. ਮੁੱਖ ਮੰਤਰੀ ਨੇ ਕਿਹਾ ਕਿ ਨੂਹ 'ਚ ਵੀ ਕਰਫਿਊ ਲਗਾਇਆ ਗਿਆ ਹੈ ਅਤੇ ਕੁਝ ਥਾਵਾਂ 'ਤੇ ਧਾਰਾ 144 ਵੀ ਲਗਾਈ ਗਈ ਹੈ। ਲਗਭਗ 44 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 70 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਣ ਤੱਕ ਦੋ ਪੁਲਿਸ ਮੁਲਾਜ਼ਮਾਂ ਸਮੇਤ 5 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਸੀਂ ਉਨ੍ਹਾਂ ਦੀ ਹਰ ਸੰਭਵ ਮਦਦ ਕਰਾਂਗੇ। ਮੈਂ ਆਮ ਲੋਕਾਂ ਨੂੰ ਜ਼ਿਲ੍ਹੇ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ।
4. ਨੂਹ ਹਿੰਸਾ ਦੇ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇਤਾ ਨੇ ਮੰਗਲਵਾਰ ਨੂੰ ਟਵੀਟ ਕੀਤਾ ਕਿ ਭਾਜਪਾ, ਮੀਡੀਆ ਅਤੇ ਉਨ੍ਹਾਂ ਦੇ ਨਾਲ ਖੜ੍ਹੀਆਂ ਤਾਕਤਾਂ ਨੇ ਦੇਸ਼ ਭਰ 'ਚ ਨਫਰਤ ਦਾ ਮਿੱਟੀ ਦਾ ਤੇਲ ਫੈਲਾ ਦਿੱਤਾ ਹੈ। ਦੇਸ਼ ਦੀ ਇਸ ਅੱਗ ਨੂੰ ਸਿਰਫ਼ ਪਿਆਰ ਹੀ ਬੁਝਾ ਸਕਦਾ ਹੈ। ਦੂਜੇ ਪਾਸੇ ਕਾਂਗਰਸੀ ਆਗੂ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਹਿੰਸਾ ਪਹਿਲਾਂ ਤੋਂ ਯੋਜਨਾਬੱਧ ਸੀ, ਇਸ ਲਈ ਇਹ ਸਰਕਾਰ ਦੀ ਨਾਕਾਮੀ ਸਾਬਤ ਕਰਦਾ ਹੈ। ਜੇਕਰ ਸਰਕਾਰ ਕਹਿ ਰਹੀ ਹੈ ਕਿ ਇਹ ਯੋਜਨਾਬੱਧ ਸੀ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਉਹ ਕੀ ਕਰ ਰਹੇ ਸਨ।
5. ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਹਰਿਆਣਾ ਦੇ ਨੂਹ (ਮੇਵਾਤ) ਵਿੱਚ ਹੋਈ ਫਿਰਕੂ ਹਿੰਸਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲੀ ਹੈ। ਉੱਤਰ-ਪੂਰਬ ਵਿੱਚ ਮਨੀਪੁਰ ਤੋਂ ਬਾਅਦ ਹੁਣ ਹਰਿਆਣਾ ਵਿੱਚ ਅਜਿਹੀਆਂ ਘਟਨਾਵਾਂ ਦਾ ਹੋਣਾ ਸ਼ੁੱਭ ਸੰਕੇਤ ਨਹੀਂ ਹੈ। ਮੈਂ ਸਾਰੇ ਹਰਿਆਣਾ ਦੇ ਲੋਕਾਂ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਅਸੀਂ ਅਜਿਹੇ ਨਾਜ਼ੁਕ ਸਮੇਂ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖੀਏ।